ਅਟਾਰੀ ’ਚ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਖ਼ਿਲਾਫ਼ ਰੋਸ ਵਿਖਾਵਾ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਦਸੰਬਰ
ਅਟਾਰੀ ’ਚ ਜਮਹੂਰੀ ਕਿਸਾਨ ਸਭਾ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੱਦੇ ’ਤੇ ਸਰਹੱਦੀ ਖੇਤਰ ਦੇ ਕਿਸਾਨਾਂ ਤੇ ਮਜ਼ਦੂਰਾਂ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਮੰਗਾਂ ਦੇ ਹੱਕ ਵਿੱਚ ਰੋਸ ਵਿਖਾਵਾ ਕੀਤਾ। ਬਾਬਾ ਅਰਜਨ ਸਿੰਘ ਹੁਸ਼ਿਆਰ ਨਗਰ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਸਰਹੱਦੀ ਖੇਤਰ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਮਸਲੇ ਹੱਲ ਨਹੀਂ ਕੀਤੇ ਜਾ ਰਹੇ। ਉਨ੍ਹਾਂ ਮੰਗ ਕੀਤੀ ਕਿ ਅਟਾਰੀ-ਵਾਹਗਾ ਅਤੇ ਹੁਸੈਨੀ ਵਾਲਾ ਸਰਹੱਦ ਰਾਹੀ ਪਾਕਿਸਤਾਨ ਨਾਲ ਦੁਵੱਲਾ ਵਪਾਰ ਸ਼ੁਰੂ ਕੀਤਾ ਜਾਵੇ। ਇਸ ਮੌਕੇ ਰਤਨ ਸਿੰਘ ਰੰਧਾਵਾ, ਮੁਖਤਾਰ ਮਹਾਵਾ, ਬਲਵਿੰਦਰ ਸਿੰਘ ਝਬਾਲ, ਨਿਰਮਲ ਸਿੰਘ ਮੋਦੇ, ਅਮਰਜੀਤ ਸਿੰਘ ਰਣੀਕੇ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਬਣਾਉਣ ਦਾ ਦੋਸ਼ ਲਾਇਆ ਤੇ ਕਿਹਾ ਕਿ ਇਸ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਵਿੱਚ ਰੋਸ ਹੈ। ਉਨ੍ਹਾਂ ਨੇ ਸਰਕਾਰਾਂ ਦੀਆਂ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਕਿਸਾਨਾਂ ਦੇ ਝੋਨੇ ਦੀ ਹੋਈ ਲੁੱਟ ਦੀ ਪੜਤਾਲ ਤੇ ਬਾਰਡਰ ਤੇ ਤਾਰਾਂ ਤੋਂ ਪਾਰ ਜ਼ਮੀਨਾਂ ਦਾ 2023 ਅਤੇ 2024 ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ 31 ਦਸੰਬਰ ਨੂੰ ਰਾਜਸੀ ਚੇਤਨਾ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿੱਚ ਦੁਵੱਲਾ ਵਪਾਰ ਖੁੱਲਵਾਉਣ ਲਈ ਮੰਗ ਕੀਤੀ ਜਾਵੇਗੀ ਤੇ ਦਿੱਲੀ ਮੋਰਚੇ ’ਚ ਸ਼ਹੀਦ ਹੋਏ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਆਗੂਆਂ ਨੇ ਆੜ੍ਹਤੀ ਐਸੋਸੀਏਸ਼ਨ, ਟਰੱਕ ਯੂਨੀਅਨ, ਬਾਰਡਰ ਲੋਡਿੰਗ-ਅਨਲੋਡਿੰਗ ਕਾਮਿਆਂ ਨੂੰ ਵੀ ਕਾਨਫਰੰਸ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ।