ਅਤਿਵਾਦ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ: ਉਮਰ
ਜੰਮੂ, 24 ਮਾਰਚ
ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸੂਬੇ ਵਿੱਚ ਅਤਿਵਾਦ ਖ਼ਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਉਨ੍ਹਾਂ ਦੀ ਸਰਕਾਰ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੂਰਾ ਸਹਿਯੋਗ ਦੇ ਰਹੀ ਹੈ। ਉਨ੍ਹਾਂ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਸੁੁਰੱਖਿਆ ਸਿੱਧੇ ਤੌਰ ’ਤੇ ਸਾਡੀ ਜ਼ਿੰਮੇਵਾਰੀ ਨਹੀਂ ਹੈ। ਲੋਕਾਂ ਦੇ ਸਹਿਯੋਗ ਤੋਂ ਬਿਨਾਂ ਅਤਿਵਾਦ ਖ਼ਤਮ ਨਹੀਂ ਕੀਤਾ ਜਾ ਸਕਦਾ। ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ ਹੈ ਅਤੇ ਉਪ ਰਾਜਪਾਲ ਨੂੰ ਪੂਰਾ ਸਹਿਯੋਗ ਦੇ ਰਹੀ ਹੈ।’
ਕਠੂਆ ਜ਼ਿਲ੍ਹੇ ਦੇ ਹੀਰਾਨਗਰ ਸੈਕਟਰ ਵਿੱਚ ਸਰਹੱਦ ਨੇੜੇ ਚੱਲ ਰਹੇ ਅਤਿਵਾਦ ਵਿਰੋਧੀ ਅਪ੍ਰੇਸ਼ਨ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਅਬਦੁੱਲਾ ਨੇ ਕਿਹਾ, ‘ਅਜਿਹੀਆਂ ਘਟਨਾਵਾਂ ਪਹਿਲਾਂ ਵੀ ਵਾਪਰੀਆਂ ਹਨ। ਸ਼ੱਕੀ ਗਤੀਵਿਧੀਆਂ ਦੇ ਆਧਾਰ ’ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਦੇਖਦੇ ਹਾਂ ਭਵਿੱਖ ਵਿੱਚ ਹਾਲਾਤ ਕਿਵੇਂ ਦੇ ਬਣਦੇ ਹਨ।’ ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਰਹੱਦੀ ਪਿੰਡ ਵਿੱਚ ਚੱਲ ਰਹੀ ਹੈ, ਇਸ ਲਈ ਸੰਭਾਵਨਾ ਹੈ ਕਿ ਅਤਿਵਾਦੀ ਸਰਹੱਦ ਪਾਰ ਤੋਂ ਆਏ ਹੋਣ। ਉਨ੍ਹਾਂ ਕਿਹਾ, ‘ਇਸ ਬਾਰੇ ਹਾਲੇ ਕੋਈ ਟਿੱਪਣੀ ਕਰਨਾ ਜਲਦਬਾਜ਼ੀ ਹੋਵੇਗੀ।’ -ਪੀਟੀਆਈ
ਅਤਿਵਾਦ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਣ ਦੀ ਲੋੜ: ਕਾਂਗਰਸ
ਜੰਮੂ: ਕਾਂਗਰਸ ਨੇ ਅੱਜ ਜੰਮੂ ਖੇਤਰ ਵਿੱਚ ਅਤਿਵਾਦ ਵਧਣ ਦਾ ਮਾਮਲਾ ਉਠਾਇਆ ਅਤੇ ਅਧਿਕਾਰੀਆਂ ਨੂੰ ਇਸ ਖੇਤਰ ’ਚ ਅਤਿਵਾਦ ਨੂੰ ਮੁੜ ਸੁਰਜੀਤ ਹੋਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਜੀ.ਏ ਮੀਰ ਨੇ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਿਛਲੇ ਦੋ ਸਾਲਾਂ ਵਿੱਚ ਖੇਤਰ ਵਿੱਚ ਅਤਿਵਾਦੀ ਹਮਲਿਆਂ ਵਿੱਚ ਹੋ ਰਹੇ ਵਾਧੇ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਜੰਮੂ ਖੇਤਰ ’ਚ ਅਤਿਵਾਦ ਵਧਣਾ ਚਿੰਤਾ ਦਾ ਵਿਸ਼ਾ ਹੈ। ਕਾਂਗਰਸ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਗੁਆਂਢੀ ਦੁਸ਼ਮਣ ਦੇਸ਼ ਦੀਆਂ ਸੰਭਾਵੀ ਸੁਰੱਖਿਆ ਖਾਮੀਆਂ ਦਾ ਫਾਇਦਾ ਉਠਾ ਰਿਹਾ ਹੈ। ਉਨ੍ਹਾਂ ਪੂਰੇ ਤੰਤਰ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਧਾਰਾ 370 ਹਟਾਏ ਜਾਣ ਤੋਂ ਬਾਅਦ ਸੁਰੱਖਿਆ ਅਸਫਲਤਾਵਾਂ ਅਤੇ ਸ਼ਾਂਤੀ ਦੇ ਦਾਅਵਿਆਂ ਨੂੰ ਲੈ ਕੇ ਵੀ ਭਾਜਪਾ ਦੀ ਆਲੋਚਨਾ ਕੀਤੀ।