ਅਧਿਆਪਕਾਂ ’ਤੇ ਲਾਠੀਚਾਰਜ ਦੀ ਨਿਖੇਧੀ
ਪੱਤਰ ਪ੍ਰੇਰਕ
ਅੰਮ੍ਰਿਤਸਰ, 4 ਦਸੰਬਰ
ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਸੰਗਰੂਰ ਪੁਲਿਸ ਪ੍ਰਸ਼ਾਸਨ ਵੱਲੋਂ 5994 ਅਤੇ 2364 ਈ.ਟੀ.ਟੀ. ਭਰਤੀ ਵਿੱਚ ਨਿਯੁਕਤੀ ਪੱਤਰ ਜਾਰੀ ਕਰਾਉਣ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ‘ਤੇ ਅੰਨ੍ਹੇਵਾਹ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਹਜ਼ਾਰਾਂ ਸਕੂਲਾਂ ਵਿੱਚ ਅਧਿਆਪਕਾਂ ਦੀ ਅਸਾਮੀਆਂ ਖਾਲੀ ਪਈਆਂ ਹਨ, ਪਰ ‘ਸਿੱਖਿਆ ਕ੍ਰਾਂਤੀ’ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਗਰੀਬ ਪਰਿਵਾਰਾਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦੇ ਸਕੂਲਾਂ ਵਿੱਚ ਲੋੜੀਂਦੀ ਗਿਣਤੀ ਵਿੱਚ ਅਸਾਮੀਆਂ ਨਾ ਭਰ ਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ, ਰੁਜ਼ਗਾਰ ਦੀ ਮੰਗ ਕਰ ਰਹੇ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਲਾਠੀਆਂ ਨਾਲ ਨਿਵਾਜਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਨਿਯੁਕਤੀਆਂ ਦੀ ਮੰਗ ਲਈ ਲੰਮੇ ਸਮੇਂ ਤੋਂ ਸੰਘਰਸ਼ ਵਿੱਢਿਆ ਹੋਇਆ ਪਰ ਸਰਕਾਰ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੀ। ਸਰਕਾਰ ਵੱਲੋਂ ਬਿਨਾਂ ਕਿਸੇ ਠੋਸ ਕਾਰਨ ਜਾਣ ਬੁੱਝ ਕੇ ਭਰਤੀ ਨੂੰ ਲਟਕਾਇਆ ਜਾ ਰਿਹਾ ਹੈ। ਆਗੂਆਂ ਨੇ ਬੇਰੁਜ਼ਗਾਰ ਅਧਿਆਪਕਾਂ ’ਤੇ ਕਰਵਾਏ ਲਾਠੀਚਾਰਜ ਨੂੰ ਪੰਜਾਬ ਦੇ ਲੋਕਾਂ ਤੋਂ ਸਿੱਖਿਆ ਖੋਹਣ ਅਤੇ ਉਨ੍ਹਾਂ ਨੂੰ ਰੁਜ਼ਗਾਰ ਨਾ ਦੇਣ ਦੀ ਨੀਤੀ ਦਾ ਹਿੱਸਾ ਐਲਾਨਦਿਆਂ ਇਸ ਖ਼ਿਲਾਫ਼ ਵੱਡੇ ਸੰਘਰਸ਼ ਵਿੱਢਣ ਲਈ ਲਾਮਬੰਦੀ ਕਰਨ ਦਾ ਸੱਦਾ ਦਿੱਤਾ ਹੈ।