ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਧਿਆਪਕ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰੇ

05:59 AM Apr 17, 2025 IST
featuredImage featuredImage
ਸੰਗਰੂਰ ’ਚ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਅਧਿਆਪਕ।

ਗੁਰਦੀਪ ਸਿੰਘ ਲਾਲੀ
ਸੰਗਰੂਰ, 16 ਅਪਰੈਲ
ਵੱਖ-ਵੱਖ ਅਧਿਆਪਕ ਜਥੇਬੰਦੀਆਂ ਡੈਮੋਕਰੈਟਿਕ ਟੀਚਰਜ਼ ਫਰੰਟ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਅਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੀ ‘ਅਖੌਤੀ ਸਿੱਖਿਆ ਕ੍ਰਾਂਤੀ’ ਦਾ ਪੁਤਲਾ ਫੂਕਿਆ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਮੁਜ਼ਾਹਰੇ ਤੋਂ ਪਹਿਲਾਂ ਤਿੰਨ ਅਧਿਆਪਕ ਜਥੇਬੰਦੀਆਂ ਦੀ ਅਗਵਾਈ ਹੇਠ ਅਧਿਆਪਕਾਂ ਵੱਲੋਂ ਡੀਈਓ ਸੈਕੰਡਰੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੂੰ ਸਿਰੇ ਤੋਂ ਨਕਾਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਪੁਤਲੇ ਨੂੰ ਮੋਢਿਆਂ ’ਤੇ ਚੁੱਕਦਿਆਂ ਰੋਸ ਮਾਰਚ ਕਰਦੇ ਹੋਏ ਲਾਲ ਬੱਤੀ ਚੌਕ ਪੁੱਜੇ ਜਿਥੇ ‘ਅਖੌਤੀ ਸਿੱਖਿਆ ਕ੍ਰਾਂਤੀ’ ਦਾ ਪੁਤਲਾ ਫੂਕਿਆ। ਇਸ ਮੌਕੇ ਅਧਿਆਪਕ ਆਗੂਆਂ ਦਾਤਾ ਸਿੰਘ ਨਮੋਲ, ਹਰਭਗਵਾਨ ਗੁਰਨੇ, ਬਲਵੀਰ ਲੌਂਗੋਵਾਲ, ਕੁਲਵਿੰਦਰ ਸਿੰਘ, ਬਲਦੇਵ ਸਿੰਘ ਬੱਗੂਆਣਾ, ਹਰਮੇਲ ਸਿੰਘ ਲੋਹਾਖੇੜਾ, ਹੁਸ਼ਿਆਰ ਮੂਨਕ, ਮਨਜਿੰਦਰ ਕੌਰ ਅਤੇ ਜੁਝਾਰ ਸਿੰਘ ਲੌਂਗੋਵਾਲ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਸਕੂਲਾਂ ਦੀਆਂ ਕੰਧਾਂ ਅਤੇ ਪਖਾਨਿਆਂ ਦੀ ਮੁਰੰਮਤ ਕਰਕੇ ਸਿੱਖਿਆ ਕ੍ਰਾਂਤੀ ਦਾ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਜਦੋਂ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਡੇ ਪੱਧਰ ’ਤੇ ਅਧਿਆਪਕਾਂ ਤੇ ਕਿਤਾਬਾਂ ਵਰਗੀਆਂ ਮੁੱਢਲੀਆਂ ਲੋੜਾਂ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਅਖੌਤੀ ਸਿੱਖਿਆ ਕ੍ਰਾਂਤੀ ਵਾਲੀ ਸਰਕਾਰ ਅਜੇ ਤੱਕ ਅਧਿਆਪਕਾਂ ਨੂੰ ਮਾਰਚ ਮਹੀਨੇ ਦੀ ਤਨਖਾਹ ਵੀ ਜਾਰੀ ਨਹੀਂ ਕਰ ਸਕੀ। ਆਗੂਆਂ ਨੇ ਪੁਰਾਣੀ ਪੈਨਸ਼ਨ ਬਹਾਲੀ ਦਾ ਮੁੱਦਾ ਠੰਢੇ ਬਸਤੇ ਵਿਚ ਪਾਉਣ, ਅਧੂਰਾ ਨੋਟੀਫਿਕੇਸ਼ਨ ਜਾਰੀ ਕਰਨ, ਆਦਰਸ਼ ਸਕੂਲ ਚਾਉਕੇ ਦੀ ਮੈਨੇਜਮੈਂਟ ਵਲੋਂ ਅਧਿਆਪਕਾਂ ਦੀਆਂ ਸੇਵਾਵਾਂ ਖਤਮ ਕਰਨ ਦੀ ਨਿਖੇਧੀ ਕੀਤੀ।
ਆਗੂਆਂ ਨੇ ਈਟੀਟੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਅਤੇ ਮਾਸਟਰ ਤੋਂ ਲੈਕਚਰਾਰ ਕਾਡਰ ਦੀਆਂ ਤਰੱਕੀਆਂ ਸਮੇਤ ਸਟੇਸ਼ਨ ਚੋਣ ਦਾ ਹੱਕ ਖੋਹਣ ਨੂੰ ਜਮਹੂਰੀਅਤ ਦਾ ਘਾਣ ਕਰਾਰ ਦਿੰਦਿਆਂ ਇਸ ਹੱਕ ਨੂੰ ਬਹਾਲ ਕਰਨ ਦੀ ਮੰਗ ਕੀਤੀ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਅਧਿਆਪਕ ਜਥੇਬੰਦੀਆਂ ਵੱਲੋਂ ‘ਆਪ’ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਸਿੱਖਿਆ ਵਿਭਾਗ ’ਚ ਕੰਮ ਕਰਦੇ ਕੰਪਿਊਟਰ ਅਧਿਆਪਕ ਤੇ ਵਾਲੰਟੀਅਰ ਕੈਟਾਗਰੀ ਦੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੋਂ ਲਗਾਤਾਰ ਟਾਲਾ ਵੱਟਿਆ ਜਾ ਰਿਹਾ ਹੈ। ਇਸ ਮੌਕੇ ਸ਼ਬੀਰ ਖਾਂ, ਬੇਅੰਤ ਸਿੰਘ, ਗੁਰਵਿੰਦਰ ਸਿੰਘ ਆਹਨ ਖੇੜੀ, ਗੁਰਪ੍ਰੀਤ ਸਿੰਘ ਰੁੜਕਾ, ਤਰਸੇਮ ਲਾਲ ਮਤੋਈ, ਅਮਨਦੀਪ ਸਿੰਘ ਸੂਰਜ ਕੁਮਾਰ, ਅੰਮ੍ਰਿਤ ਸਿੰਘ, ਮੁਹੰਮਦ ਸ਼ਹਿਬਾਜ਼, ਜਗਸੀਰ ਸਿੰਘ ਤੇ ਦਵਿੰਦਰ ਸਿੰਘ ਆਦਿ ਹਾਜ਼ਰ ਸਨ।

Advertisement

Advertisement