‘ਅਪਰੇਸ਼ਨ ਸਿੰਧੂਰ’ ਦਾ ਰਾਜਨੀਤੀਕਰਨ ਦੇ ਦੋਸ਼
ਪੱਤਰ ਪ੍ਰੇਰਕ
ਯਮੁਨਾਨਗਰ, 30 ਮਈ
ਏਆਈਸੀਸੀ ਅੰਬਾਲਾ ਲੋਕ ਸਭਾ ਸਿਖਲਾਈ ਕੋਆਰਡੀਨੇਟਰ ਤਰੁਣ ਸ਼ਰਮਾ ਨੇ ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਅੱਜ ਹਰ ਭਾਰਤੀ ਦੇ ਮਨ ਵਿੱਚ ਇਹ ਸਵਾਲ ਕਿਉਂ ਉੱਠ ਰਿਹਾ ਹੈ ਕਿ ਮੌਜੂਦਾ ਭਾਜਪਾ ਸਰਕਾਰ ਵੱਲੋਂ ਅਪਰੇਸ਼ਨ ਸਿੰਧੂਰ ’ਤੇ ਕੋਝੀ ਰਾਜਨੀਤੀ ਕੀਤੀ ਜਾ ਰਹੀ ਹੈ। ਅਪਰੇਸ਼ਨ ਸਿੰਧੂੂਰ ਨੂੰ ਹੋਏ ਲਗਪਗ 30 ਦਿਨ ਹੋ ਗਏ ਹਨ, ਪਰ ਹੁਣ ਤੱਕ ਅਪਰੇਸ਼ਨ ਸਿੰਧੂਰ ਬਾਰੇ ਰਾਜਨੀਤਕ ਖ਼ਬਰਾਂ ਚੱਲ ਰਹੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਅਪਰੇਸ਼ਨ ਸਿੰਧੂਰ ਤੋਂ ਬਾਅਦ ਭਾਰਤ ਵਿੱਚ ਕੋਈ ਹੋਰ ਕੰਮ ਨਹੀਂ ਹੋਇਆ ਜਾਂ ਕੋਈ ਹੋਰ ਘਟਨਾ ਨਹੀਂ ਵਾਪਰੀ? ਜੇ ਅਜਿਹਾ ਹੋਇਆ ਹੈ ਤਾਂ ਇਸ ‘ਤੇ ਰੌਸ਼ਨੀ ਕਿਉਂ ਨਹੀਂ ਪਾਈ ਜਾ ਰਹੀ। ਉਨ੍ਹਾਂ ਕਿਹਾ ਕਿ ਸ਼ਹੀਦ ਹੋਏ ਲੋਕਾਂ ਦੇ ਪਰਿਵਾਰਾਂ ਦੇ ਦਿਲਾਂ ਵਿੱਚ ਪਹਿਲਾਂ ਹੀ ਦਰਦ ਹੈ ਅਤੇ ਦੂਜਾ ਮੌਜੂਦਾ ਸਰਕਾਰ ਉਨ੍ਹਾਂ ਸਾਰਿਆਂ ਦੀ ਸ਼ਹਾਦਤ ਦਾ ਮਜ਼ਾਕ ਉਡਾਉਣ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਦੇ ਦਰਦ ਨੂੰ ਵੰਡਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਸ਼੍ਰੀ ਸ਼ਰਮਾ ਨੇ ਕਿਹਾ ਕਿ ਭਾਰਤ ਵਿੱਚ ਬੇਰੁਜ਼ਗਾਰੀ, ਨਸ਼ਾਖੋਰੀ, ਆਰਥਿਕ ਸਮੱਸਿਆਵਾਂ, ਵਧਦੀ ਆਬਾਦੀ, ਮਹਿੰਗੀ ਸਿੱਖਿਆ ਅਤੇ ਮਹਿੰਗੀ ਸਿਹਤ ਪ੍ਰਣਾਲੀ, ਅਤਿਵਾਦ ਵਰਗੇ ਹੋਰ ਵੀ ਬਹੁਤ ਸਾਰੇ ਮੁੱਦੇ ਹਨ, ਇਨ੍ਹਾਂ ਸਾਰੇ ਮੁੱਦਿਆਂ ’ਤੇ ਚਰਚਾ ਕੀਤੀ ਜਾਣੀ ਚਾਹੀਦੀ ਹੈ ਅਤੇ ਦੇਸ਼ ਨੂੰ ਤਰੱਕੀ ਦੇ ਰਾਹ ’ਤੇ ਲਿਜਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਵਫ਼ਦ ਅਪਰੇਸ਼ਨ ਸਿੰਧੂਰ ਦੌਰਾਨ ਸ਼ਹੀਦ ਹੋਏ ਭਾਰਤੀ ਸੈਨਿਕਾਂ ਅਤੇ ਨਾਗਰਿਕਾਂ ਦੇ ਘਰਾਂ ਵਿੱਚ ਭੇਜੇ ਜਾਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੇ ਦਰਦ ਨੂੰ ਸਮਝਿਆ ਜਾ ਸਕੇ, ਇਹ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।