ਅਰਬਨ ਅਸਟੇਟ ਲਈ ਜ਼ਮੀਨਾਂ ਐਕੁਆਇਰ ਕਰਨ ਖ਼ਿਲਾਫ਼ ਚਿਤਾਵਨੀ ਰੈਲੀ 27 ਨੂੰ
ਨਿੱਜੀ ਪੱਤਰ ਪ੍ਰੇਰਕ
ਮੁੱਲਾਂਪੁਰ ਦਾਖਾ, 25 ਮਈ
ਪੰਜਾਬ ਸਰਕਾਰ ਵਲੋਂ ਅਰਬਨ ਅਸਟੇਟ ਲਈ ਇਲਾਕੇ ਦੇ 32 ਪਿੰਡਾਂ ਦੀ ਚੌਵੀ ਹਜ਼ਾਰ ਏਕੜ ਉਪਜਾਊ ਜ਼ਮੀਨ ਐਕੁਆਇਰ ਕਰਨ ਖ਼ਿਲਾਫ਼ ਚਿਤਾਵਨੀ ਰੈਲੀ 27 ਮਈ ਨੂੰ ਹੋਵੇਗੀ। ਇਹ ਐਲਾਨ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਲੁਧਿਆਣਾ ਦੀ ਇਥੇ ਦਾਣਾ ਮੰਡੀ ਮੁੱਲਾਂਪੁਰ ਵਿਖੇ ਹੋਈ ਸਾਂਝੀ ਮੀਟਿੰਗ ਵਿੱਚ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਬਲਦੇਵ ਸਿੰਘ ਲਤਾਲਾ, ਮਹਿੰਦਰ ਸਿੰਘ ਕਮਾਲਪੁਰਾ ਅਤੇ ਜੋਗਿੰਦਰ ਸਿੰਘ ਢਿੱਲੋਂ ਨੇ ਕੀਤੀ। ਸਭ ਤੋਂ ਪਹਿਲਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਵਿਚਾਰਾਂ ਤੋਂ ਸੇਧ ਲੈ ਕੇ ਸੰਘਰਸ਼ ਕਰਨ ਬਾਰੇ ਚਰਚਾ ਹੋਈ। ਹਾਜ਼ਰ ਆਗੂਆਂ ਵਲੋਂ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਦੀ ਹਜ਼ਾਰਾਂ ਏਕੜ ਉਪਜਾਊ ਜ਼ਮੀਨ ਜਬਰੀ ਐਕੁਆਇਰ ਕਰਨ ਵਿਰੁੱਧ 27 ਮਈ ਨੂੰ 11 ਵਜੇ ਸਵੇਰੇ ਗਲਾਡਾ ਦੇ ਦਫ਼ਤਰ ਦੇ ਸਾਹਮਣੇ ਸੰਯੁਕਤ ਕਿਸਾਨ ਮੋਰਚੇ, ਪੀੜਤ ਕਿਸਾਨਾਂ ਅਤੇ ਇਲਾਕਾ ਨਿਵਾਸੀਆਂ ਵੱਲੋ ਚਿਤਾਵਨੀ ਰੈਲੀ ਕਰਕੇ ਸਰਕਾਰ ਨੂੰ ਇਹ ਯੋਜਨਾ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ।