ਅਰੋੜਾ ਦਾ ਵਿਰੋਧ ਕਰਨ ਪੁੱਜੇ ਕਿਸਾਨ ਪੁਲੀਸ ਨੇ ਹਿਰਾਸਤ ’ਚ ਲਏ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 7 ਅਪਰੈਲ
ਲੌਂਗੋਵਾਲ ’ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪੁੱਜੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵਿਰੋਧ ਕਰਨ ਲਈ ਇਕੱਠੇ ਹੋਏ ਬੀਕੇਯੂ ਏਕਤਾ ਆਜ਼ਾਦ ਦੇ ਕਾਰਕੁਨਾਂ ਨੂੰ ਪੁਲੀਸ ਨੇ ਹਿਰਾਸਤ ’ਚ ਲੈ ਲਿਆ। ਇਸ ਮੌਕੇ ਕਿਸਾਨਾਂ ਨੇ ਸ੍ਰੀ ਅਰੋੜਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੁਲੀਸ ਨੇ ਕਿਸਾਨਾਂ ਨੂੰ ਮੰਤਰੀ ਦੇ ਜਾਣ ਮਗਰੋਂ ਛੱਡਿਆ।
ਕਿਸਾਨ ਜਥੇਬੰਦੀ ਦੀ ਲੌਂਗੋਵਾਲ ਇਕਾਈ ਦੇ ਪ੍ਰਧਾਨ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਕਿਸਾਨ ਮੰਤਰੀ ਅਰੋੜਾ ਦਾ ਵਿਰੋਧ ਕਰਨ ਲਈ ਇਕੱਠੇ ਹੋਏ ਸਨ। ਮੰਤਰੀ ਦੇ ਆਉਣ ਤੋਂ ਪਹਿਲਾਂ ਹੀ ਪੁਲੀਸ ਨੇ ਕਰੀਬ ਦੋ ਦਰਜਨ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਬੱਸਾਂ ’ਚ ਬਿਠਾ ਲਿਆ। ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕਾਫ਼ੀ ਸਮਾਂ ਇੱਧਰ-ਉੱਧਰ ਘੁੰਮਾਉਣ ਮਗਰੋਂ ਬੱਸਾਂ ਪਿੰਡ ਸ਼ੇਰ੍ਹੋਂ ਦੀ ਅਨਾਜ ਮੰਡੀ ’ਚ ਖੜ੍ਹਾ ਦਿੱਤੀਆਂ। ਕਿਸਾਨ ਆਗੂ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਤੋਂ ਸ਼ਾਂਤਮਈ ਤਰੀਕੇ ਨਾਲ ਸਵਾਲ ਪੁੱਛਣਾ ਚਾਹੁੰਦੇ ਸਨ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਕਿਉਂ ਮਾਰਿਆ। ਉਹ ਪੁੱਛਣਾ ਚਾਹੁੰਦੇ ਹਨ ਕਿ ‘ਆਪ’ ਸਰਕਾਰ ਨੇ ਕੇਂਦਰ ਦੇ ਇਸ਼ਾਰੇ ’ਤੇ ਸ਼ੰਭੂ ਤੇ ਖਨੌਰੀ ਦੇ ਕਿਸਾਨ ਮੋਰਚਿਆਂ ਨੂੰ ਖਦੇੜਿਆ ਕਿਉਂ। ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਸਿਆਸੀ ਆਗੂਆਂ ਤੋਂ ਸਵਾਲ ਪੁੱਛਣ ਬਾਰੇ ਆਖਣ ਵਾਲੀ ‘ਆਪ’ ਦੇ ਆਗੂ ਹੁਣ ਖ਼ੁਦ ਸਵਾਲਾਂ ਤੋਂ ਭੱਜਣ ਲੱਗੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਮੰਤਰੀਆਂ ਤੇ ਵਿਧਾਇਕਾਂ ਦਾ ਵਿਰੋਧ ਜਾਰੀ ਰਹੇਗਾ ਤੇ ਸਵਾਲ ਪੁੱਛੇ ਜਾਣਗੇ।
ਥਾਣਾ ਲੌਂਗੋਵਾਲ ਦੇ ਐੱਸਐੱਚਓ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਕੁੱਝ ਸਮੇਂ ਲਈ ਕਿਸਾਨਾਂ ਨੂੰ ਹਟਾਇਆ ਗਿਆ ਸੀ।