ਅਰੋੜਾ ’ਤੇ ਵਿਜੀਲੈਂਸ ਦੀ ਕਾਰਵਾਈ ਮਹਿਜ਼ ਡਰਾਮਾ: ਸੁਖਬੀਰ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 24 ਮਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜਲੰਧਰ ਦੇ ‘ਆਪ’ ਵਿਧਾਇਕ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਮਹਿਜ਼ ਡਰਾਮੇਬਾਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ‘ਆਪ’ ਸਰਕਾਰ ਦਾ ਵੱਡਾ ਭੁਲੇਖਾ ਹੈ ਕਿ ਇਸ ਤਰ੍ਹਾਂ ਦੇ ਡਰਾਮੇ ਕਾਰਨ ਲੋਕਾਂ ਨੂੰ ਗੁਮਰਾਹ ਕਰ ਲਏਗੀ। ਉਹ ਅੱਜ ਇੱਥੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੀ ਪਤਨੀ ਬੀਬੀ ਕੁਲਬੀਰ ਕੌਰ ਮਾਨ ਦੇ ਪਿਛਲੇ ਦਿਨੀਂ ਹੋਏ ਅਕਾਲ ਚਲਾਣੇ ’ਤੇ ਦੁੱਖ ਸਾਂਝਾ ਕੀਤਾ। ਮਗਰੋਂ ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅਕਾਲੀ ਦਲ ਦੀ ਮਜ਼ਬੂਤੀ ਲਈ ਸ਼ਹਿਰਾਂ ਅਤੇ ਪਿੰਡਾਂ ਜਾ ਕੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਪ੍ਰੇਰਿਆ। ਸੁਖਬੀਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼ੁਰੂਆਤੀ ਦਿਨਾਂ ਵਿੱਚ ਵੀ ਆਪਣੇ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ, ਮਗਰੋਂ ਜੇਲ੍ਹ ’ਚੋਂ ਰਿਹਾਅ ਕਰਵਾ ਕੇ ਉਸ ਨੂੰ ਹਲਕਾ ਇੰਚਾਰਜ ਥਾਪਿਆ ਗਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕੀ ਸਾਬਕਾ ਮੰਤਰੀ ਹੁਣ ਦੁੱਧ ਧੋਤੇ ਹੋ ਗਏ ਹਨ। ਲੁਧਿਆਣਾ ਵਿੱਚ ਜ਼ਮੀਨ ਐਕੁਆਇਰ ਹੋਣ ਸਬੰਧੀ 31 ਮਈ ਨੂੰ ਦਿੱਤੇ ਜਾਣ ਵਾਲੇ ਧਰਨੇ ਬਾਰੇ ਉੁਨ੍ਹਾਂ ਕਿਹਾ ਕਿ ਇਹ ਕਰੋੜਾਂ ਦਾ ਘਪਲਾ ਹੈ ਅਤੇ ਉਹ ਦਿਨ-ਦਿਹਾੜੇ ਡਾਕਾ ਨਹੀਂ ਪੈਣ ਦੇਣਗੇ। ਇਸ ਮੌਕੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਪ੍ਰਦੀਪ ਸਿੰਘ ਭਾਰਜ, ਕਮਲਜੀਤ ਸਿੰਘ ਰੂਬੀ, ਸ਼ਮਸ਼ੇਰ ਪੁਰਖਾਲਵੀ, ਹਰਮਨਪ੍ਰੀਤ ਸਿੰਘ ਪ੍ਰਿੰਸ ਤੇ ਕੁਲਦੀਪ ਕੌਰ ਕੰਗ ਆਦਿ ਹਾਜ਼ਰ ਸਨ।