ਅਸਲੇ ਸਣੇ ਦੋ ਗ੍ਰਿਫ਼ਤਾਰ
ਤਰਨ ਤਾਰਨ: ਥਾਣਾ ਸਰਹਾਲੀ ਦੀ ਪੁਲੀਸ ਨੇ ਕੱਲ੍ਹ ਦੋ ਜਣਿਆਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ| ਏਐਸਆਈ ਦਰਬਾਰਾ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਮਲਕੀਤ ਸਿੰਘ ਅਤੇ ਜਗਰੂਪ ਸਿੰਘ ਵਾਸੀ ਭੱਠਲ ਭਾਈਕੇ ਵਜੋਂ ਹੋਈ ਹੈ| ਉਨ੍ਹਾਂ ਦੱਸਿਆ ਕਿ ਮੁਲਜ਼ਮ ਮੋਟਰਸਾਈਕਲ ’ਤੇ ਜਾ ਰਹੇ ਸਨ। ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇੱਕ ਪਿਸਤੌਲ ਬਰਾਮਦ ਕੀਤਾ ਗਿਆ| ਇਸ ਸਬੰਧੀ ਪੁਲੀਸ ਨੇ ਅਸਲਾ ਐਕਟ ਦੀ ਦਫ਼ਾ 25, 54, 59 ਅਧੀਨ ਇਕ ਕੇਸ ਦਰਜ ਕੀਤਾ ਹੈ| -ਪੱਤਰ ਪ੍ਰੇਰਕ
ਕੌਮੀ ਅਦਾਲਤ ਅੱਜ
ਜਲੰਧਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਭਲਕੇ ਸ਼ਨਿਚਰਵਾਰ ਨੂੰ ਜੁਡੀਸ਼ੀਅਲ ਅਦਾਲਤਾਂ ਜਲੰਧਰ, ਨਕੋਦਰ ਅਤੇ ਫਿਲੌਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਥੇ ਲੰਬਿਤ ਸਿਵਲ ਅਤੇ ਫੌਜਦਾਰੀ ਦੇ ਸਮਝੌਤਾ ਹੋ ਸਕਣ ਵਾਲੇ ਕੇਸਾਂ ਅਤੇ ਹੋਰ ਸੰਸਥਾਵਾਂ ਜਿਵੇਂ ਬੈਂਕਾਂ, ਬਿਜਲੀ ਵਿਭਾਗ, ਵਿੱਤੀ ਸੰਸਥਾਨਾਂ ਦੇ ਪ੍ਰੀਲਿਟੀਗੇਟਿਵ ਕੇਸਾਂ ਦਾ ਫੈਸਲਾ ਰਾਜ਼ੀਨਾਮੇ ਰਾਹੀਂ ਕਰਵਾਉਣ ਲਈ ਸੁਣਵਾਈ ਕੀਤੀ ਜਾਵੇਗੀ। ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਿਰਭਉ ਸਿੰਘ ਗਿੱਲ ਨੇ ਦੱਸਿਆ ਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਖਿਲਾਫ਼ ਕਿਤੇ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਲੋਕਾਂ ਨੂੰ ਆਪਣੇ ਕੇਸ ਦਾ ਨਿਬੇੜਾ ਲੋਕ ਅਦਾਲਤ ਰਾਹੀਂ ਕਰਾਉਣ ਲਈ 24 ਮਈ ਨੂੰ ਹਾਜ਼ਰ ਹੋਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਲਈ ਸਥਾਨ ਅਤੇ ਸਮਾਂ ਪਹਿਲਾਂ ਵਾਲਾ ਹੀ ਰਹੇਗਾ। -ਪੱਤਰ ਪ੍ਰੇਰਕ
ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ
ਕਾਦੀਆਂ: ਵਿਦੇਸ਼ ਭੇਜਣ ਦੇ ਨਾਂ ’ਤੇ ਛੇ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਕਾਦੀਆਂ ਵਿੱਚ ਪੁਲੀਸ ਨੇ ਟਰੈਵਲ ਏਜੰਟ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਡੀਐਸਪੀ ਰਜੇਸ ਕੱਕੜ ਅਤੇ ਥਾਣਾ ਕਾਦੀਆਂ ਦੇ ਮੁਖੀ ਸਬ ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਅਮਰਾਜ ਧਾਲੀਵਾਲ ਪੁੱਤਰ ਅਮਰਿੰਦਰ ਸਿੰਘ ਵਾਸੀ ਕਾਦੀਆਂ ਨੇ ਉੱਚ ਅਧਿਕਾਰੀਆਂ ਨੂੰ ਦਿੱਤੀ ਦਰਖਾਸਤ ਵਿੱਚ ਦੱਸਿਆ ਕਿ ਟਰੈਵਲ ਏਜੰਟ ਖੁਸਕਰਨ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਅੰਮ੍ਰਿਤਸਰ ਨੇ ਉਸ (ਅਮਰਾਜ ਧਾਲੀਵਾਲ) ਨੂੰ ਵਿਦੇਸ਼ ਕਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 10 ਲੱਖ ਲਏ ਸਨ। ਇਸ ਵਿੱਚੋਂ ਉਸਨੇ ਚਾਰ ਲੱਖ ਵਾਪਸ ਕੀਤੇ ਅਤੇ ਬਾਕੀ ਰਹਿੰਦੀ ਰਕਮ 6 ਲੱਖ ਰੁਪਏ ਵਾਪਸ ਨਹੀਂ ਕੀਤੇ। ਪੁਲੀਸ ਅਧਿਕਾਰੀਆਂ ਦੱਸਿਆ ਕਿ ਮਾਮਲੇ ਦੀ ਜਾਂਚ ਕਰਨ ਮਗਰੋਂ ਟਰੈਵਲ ਏਜੰਟ ਖੁਸਕਰਨ ਸਿੰਘ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ। -ਨਿੱਜੀ ਪੱਤਰ ਪ੍ਰੇਰਕ