ਅਸ਼ਟਾਮ ਫ਼ਰੋਸ਼ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 5 ਮਈ
ਮੁਹਾਲੀ ਤਹਿਸੀਲ ਵਿੱਚ ਅਸ਼ਟਾਮ ਫ਼ਰੋਸ਼ ਦਾ ਕੰਮ ਕਰਨ ਵਾਲੇ ਨਵਚੇਤਨ ਸਿੰਘ ਰਾਣਾ (60) ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕੋਲੋਂ ਮਿਲੇ ਖ਼ੁਦਕੁਸ਼ੀ ਪੱਤਰ ਨੂੰ ਆਧਾਰ ਬਣਾ ਕੇ ਪੁਲੀਸ ਨੇ ਸੋਹਾਣਾ ਥਾਣੇ ਵਿੱਚ ਇੱਕ ਮਹਿਲਾ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੋਹਾਣਾ ਥਾਣੇ ਦੇ ਐੱਸਐੱਚਓ ਇੰਸਪੈਕਟਰ ਸਿਮਰਨ ਸਿੰਘ ਨੇ ਕਿਹਾ ਕਿ ਰਾਣਾ ਕੋਲੋਂ ਮਿਲੇ ਖ਼ੁਦਕੁਸ਼ੀ ਪੱਤਰ ਵਿੱਚ ਲਿਖਿਆ ਹੈ ਕਿ ਉਹ ਮਹਿਲਾ ਕਾਰਨ ਖ਼ੁਦਕੁਸ਼ੀ ਕਰ ਰਿਹਾ ਹੈ।
ਜਾਣਕਾਰੀ ਅਨੁਸਾਰ ਨਵਚੇਤਨ ਸਿੰਘ ਰਾਣਾ ਮੁਹਾਲੀ ਵਿੱਚ ਅਸ਼ਟਾਮ ਫ਼ਰੋਸ਼ ਦਾ ਕੰਮ ਕਰਦਾ ਸੀ। ਅੱਜ ਸਵੇਰੇ ਕਰੀਬ ਨੌਂ ਵਜੇ ਉਹ ਰੋਜ਼ਾਨਾ ਵਾਂਗ ਸੈਕਟਰ-77 ਸਥਿਤ ਆਪਣੇ ਦਫ਼ਤਰ (ਸਾਹਮਣੇ ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ) ਆਇਆ ਸੀ। ਦੋ ਕੁ ਘੰਟਿਆਂ ਬਾਅਦ ਪਰਿਵਾਰ ਤੇ ਪੁਲੀਸ ਨੂੰ ਘਟਨਾ ਦੀ ਸੂਚਨਾ ਮਿਲੀ। ਸੂਚਨਾ ਮਿਲਦਿਆਂ ਹੀ ਪਰਿਵਾਰਕ ਮੈਂਬਰ ਘਟਨਾ ਸਥਾਨ ’ਤੇ ਪੁੱਜੇ। ਇਸੇ ਦੌਰਾਨ ਮੁਹਾਲੀ ਦੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਤੇ ਇੰਸਪੈਕਟਰ ਸਿਮਰਨ ਸਿੰਘ ਨੇ ਵੀ ਘਟਨਾ ਦਾ ਜਾਇਜ਼ਾ ਲਿਆ। ਡੀਐੱਸਪੀ ਬੱਲ ਨੇ ਦੱਸਿਆ ਕਿ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਕਿ ਦਫ਼ਤਰ ਵਿੱਚ ਨਵਚੇਤਨ ਰਾਣਾ ਆਪਣੀ ਕੁਰਸੀ ’ਤੇ ਮ੍ਰਿਤਕ ਮਿਲਿਆ। ਵਾਰਦਾਤ ਵਾਲੀ ਥਾਂ ਤੋਂ ਪੁਲੀਸ ਨੇ ਪਿਸਤੌਲ ਬਰਾਮਦ ਕੀਤਾ ਹੈ। ਸ੍ਰੀ ਬੱਲ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਇਹ ਖ਼ੁਦਕੁਸ਼ੀ ਦਾ ਮਾਮਲਾ ਜਾਪਦਾ ਹੈ ਪਰ ਪੁਲੀਸ ਪੜਤਾਲ ਕਰ ਰਹੀ ਹੈ। ਪੁਲੀਸ ਨੇ ਰਾਣਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਹਨ ਤੇ ਸੀਸੀਟੀਵੀ ਕੈਮਰੇ ਦੀ ਫੁਟੇਜ ਵੀ ਦੇਖੀ ਜਾ ਰਹੀ ਹੈ। ਪੁਲੀਸ ਨੇ ਫੋਰੈਂਸਿਕ ਟੀਮ ਨੂੰ ਵੀ ਸੱਦਿਆ ਗਿਆ ਤੇ ਪਿਸਤੌਲ ਬਾਰੇ ਵੀ ਪੜਤਾਲ ਕੀਤੀ ਜਾ ਰਹੀ ਹੈ। ਇੰਸਪੈਕਟਰ ਸਿਮਰਨ ਸਿੰਘ ਨੇ ਦੱਸਿਆ ਕਿ ਭਲਕੇ 6 ਮਈ ਨੂੰ ਮੁਹਾਲੀ ਦੇ ਸਰਕਾਰੀ ਹਸਪਤਾਲ ਵਿੱਚ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ।