ਅੰਬੇਡਕਰ ਚੇਤਨਾ ਮੰਚ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਮੁਜ਼ਾਹਰਾ
ਡਾ. ਅੰਬੇਡਕਰ ਚੇਤਨਾ ਮੰਚ ਅਤੇ ਮਜ਼ਦੂਰ ਜਥੇਬੰਦੀਆਂ ਨੇ ਲੋਕ ਸਭਾ ਵਿਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾ. ਭੀਮ ਰਾਓ ਅੰਬੇਡਕਰ ਖ਼ਿਲਾਫ਼ ਟਿੱਪਣੀ ਦੇ ਰੋਸ ਵਜੋਂ ਅੱਜ ਇੱਥੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਜਥੇਬੰਦੀਆਂ ਦੇ ਕਾਰਕੁਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ। ਡਾ. ਅੰਬੇਡਕਰ ਪਾਰਕ ਭਵਾਨੀਗੜ੍ਹ ਵਿੱਚ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਚੇਤਨਾ ਮੰਚ ਦੇ ਸਰਪ੍ਰਸਤ ਚਰਨ ਸਿੰਘ ਚੋਪੜਾ, ਬਲਕਾਰ ਸਿੰਘ ਪ੍ਰਧਾਨ, ਜਰਨਲ ਸਕੱਤਰ ਗੁਰਤੇਜ ਕਾਦਰਾਬਾਦ, ਜਸਵਿੰਦਰ ਚੋਪੜਾ, ਰਾਮਪਾਲ ਸਿੰਘ, ਗੁਰਮੀਤ ਸਿੰਘ ਕਾਲਾਝਾੜ, ਮੁਲਾਜ਼ਮ ਆਗੂ ਸੁਖਦੇਵ ਸਿੰਘ, ਕੇਵਲ ਸਿੰਘ ਸਿੱਧੂ, ਸਤਨਾਮ ਸਿੰਘ ਸੰਧੂ, ਯੂਥ ਕਲੱਬ ਦੇ ਆਗੂ ਬਿੰਦਰ ਸਿੰਘ ਅਤੇ ਬਸਪਾ ਪ੍ਰਧਾਨ ਹੰਸਰਾਜ ਨਫਰੀਆ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਲਿਖਣ ਵਾਲੇ ਡਾ. ਭੀਮ ਰਾਓ ਅੰਬੇਡਕਰ ਖਿਲਾਫ ਅਮਿਤ ਸ਼ਾਹ ਦਾ ਬਿਆਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਦੇਸ਼ ਵਿੱਚ ਨਫ਼ਰਤੀ ਮਾਹੌਲ ਬਣਾ ਕੇ ਲੋਕਾਂ ਦਾ ਅਸਲੀ ਮੁੱਦਿਆਂ ਤੋਂ ਧਿਆਨ ਹਟਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਮਿਤ ਸ਼ਾਹ ਨੇ ਅਸਤੀਫਾ ਨਾ ਦਿੱਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।