ਅੰਬੇਡਕਰ ਜੈਅੰਤੀ: ਕਾਂਗਰਸ ਵੱਲੋਂ ਸੰਵਿਧਾਨ ਬਚਾਓ ਰੈਲੀ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 14 ਅਪਰੈਲ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਸੂਬੇ ਦੇ ਮੁੱਖ ਮੰਤਰੀ ਵੱਲੋਂ ਸੂਬੇ ਦੇ ਖੁਫੀਆ ਤੰਤਰ ਨੂੰ ਸਿਰਫ ਵਿਰੋਧੀ ਧਿਰ ਦੀਆਂ ਗਤੀਵਿਧੀਆਂ ਦੇਖਣ ਲਈ ਵਰਤਿਆ ਜਾ ਰਿਹਾ ਹੈ ਜਦੋਂ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਉਹ ਅੱਜ ਇੱਥੇ ਕਾਂਗਰਸ ਵੱਲੋਂ ਕਰਵਾਈ ਗਈ ਸੰਵਿਧਾਨ ਬਚਾਓ ਰੈਲੀ ਵਿੱਚ ਸੰਬੋਧਨ ਕਰਨ ਲਈ ਪੁੱਜੇ ਸਨ। ਇਹ ਰੈਲੀ ਡਾਕਟਰ ਬੀਆਰ ਅੰਬੇਡਕਰ ਜੈਅੰਤੀ ਮੌਕੇ ਕਰਵਾਈ ਗਈ ਸੀ।
ਕਾਂਗਰਸ ਦੇ ਸੀਨੀਅਰ ਆਗੂ ਰਾਜ ਕੁਮਾਰ ਵੇਰਕਾ ਵੱਲੋਂ ਪੱਛਮੀ ਵਿਧਾਨ ਸਭਾ ਹਲਕੇ ਹੇਠ ਕਰਵਾਈ ਗਈ ਸੰਵਿਧਾਨ ਬਚਾਓ ਰੈਲੀ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਕੇਂਦਰੀ ਆਗੂ ਪਵਨ ਖੇੜਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਸਮੇਤ ਹੋਰ ਕਈ ਕਾਂਗਰਸੀ ਆਗੂ ਸ਼ਾਮਿਲ ਸਨ। ਅਜਿਹੀਆਂ ਸੰਵਿਧਾਨ ਬਚਾਓ ਰੈਲੀਆਂ ਅੱਜ ਪੰਜਾਬ ਵਿੱਚ ਹੋਰ ਵੀ ਕਈ ਥਾਵਾਂ ’ਤੇ ਕਰਵਾਈਆਂ ਗਈਆਂ ਹਨ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ ਅਤੇ ਸੂਬੇ ਵਿੱਚ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਲੋਕ ਸਹਿਮੇ ਹੋਏ ਹਨ। ਲੋਕਾਂ ਦੇ ਮਨਾਂ ਵਿੱਚ ਡਰ ਹੈ ਕਿ ਪਤਾ ਨਹੀਂ ਕਿਸ ਵੇਲੇ ਗੈਂਗਸਟਰ ਦਾ ਫੋਨ ਆ ਜਾਵੇਗਾ ਅਤੇ ਫਿਰੌਤੀ ਮੰਗੀ ਜਾਵੇਗੀ ਜਾਂ ਗੋਲੀ ਮਾਰ ਦਿੱਤੀ ਜਾਵੇਗੀ।
ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਇਸ ਵੇਲੇ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਲੋਕਾਂ ਦਾ ਵਿਸ਼ਵਾਸ ਕਾਇਮ ਰੱਖਣ ਦੀ ਥਾਂ ਸੂਬੇ ਦੇ ਖੁਫੀਆ ਤੰਤਰ ਨੂੰ ਵਿਰੋਧੀਆਂ ਦੀਆਂ ਗਤੀਵਿਧੀਆਂ ਦਾ ਪਤਾ ਲਾਉਣ ਲਈ ਵਰਤ ਰਹੇ ਹਨ ਜਦੋਂ ਕਿ ਮੁੱਖ ਮੰਤਰੀ ਨੂੰ ਸੂਬੇ ਵਿੱਚ ਵਾਪਰ ਰਹੀਆਂ ਅਜਿਹੀਆਂ ਗੈਂਗਸਟਰਾਂ ਦੀਆਂ ਘਟਨਾਵਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਦਰਜ ਕੀਤੇ ਗਏ ਪੁਲੀਸ ਕੇਸ ਦੀ ਸਖਤ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਬਾਜਵਾ ਦਾ ਕਸੂਰ ਕੀ ਹੈ, ਉਨ੍ਹਾਂ ਸਿਰਫ ਉਹੀ ਕਿਹਾ ਹੈ ਜੋ ਲੋਕ ਕਹਿ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਹੈ ਕਿ ਸੂਬਾ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਸੂਬੇ ਵਿੱਚ ਅਪਰਾਧਕ ਗਤੀਵਿਧੀਆਂ ਨੂੰ ਨੱਥ ਪਾਉਣ ਵਿੱਚ ਅਸਫਲ ਹੈ।
ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਦੱਸਿਆ ਕਿ ਬਾਜਵਾ ਮਾਮਲੇ ਵਿੱਚ ਪੰਜਾਬ ਕਾਂਗਰਸ ਵੱਲੋਂ ਭਲਕੇ 15 ਅਪਰੈਲ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਰੱਖੀ ਗਈ ਹੈ ਜਿਸ ਵਿੱਚ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਸ਼ਾਮਿਲ ਹੋਣ ਲਈ ਆਖਿਆ ਗਿਆ ਹੈ। ਕਾਂਗਰਸ ਦੇ ਕੇਂਦਰੀ ਆਗੂ ਪਵਨ ਖੈੜਾ ਨੇ ਵੀ ਸੂਬੇ ਦੀ ਆਪ ਸਰਕਾਰ ਨੂੰ ਕਰੜੇ ਹੱਥੀ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਦੀ ਆਪ ਸਰਕਾਰ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਅਸਫਲ ਰਹੀ ਹੈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸਾਬਕਾ ਵਿਧਾਇਕ ਰਾਜਕੁਮਾਰ ਵੇਰਕਾ ਸਮੇਤ ਹੋਰ ਕਾਂਗਰਸੀ ਆਗੂਆਂ ਨੇ ਵੀ ਸੰਬੋਧਨ ਕੀਤਾ। ਰੈਲੀ ਵਿੱਚ ਭਗਵੰਤ ਪਾਲ ਸਿੰਘ ਸੱਚਰ ਸਮੇਤ ਜ਼ਿਲ੍ਹਾ ਕਾਂਗਰਸ ਕਮੇਟੀ ਦ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਤੇ ਹੋਰ ਕਾਂਗਰਸੀ ਆਗੂ ਸ਼ਾਮਿਲ ਸਨ।