ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕੀਤਾ ਜਾ ਰਿਹੈ: ਗੜ੍ਹੀ
ਦੇਵਿੰਦਰ ਸਿੰਘ ਜੱਗੀ
ਪਾਇਲ, 18 ਮਈ
ਇੱਥੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਨ ਨੂੰ ਸਮਰਪਿਤ ਸੰਵਿਧਾਨ ਬਾਰੇ ਜਾਗ੍ਰਿਤੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨਾਲ ਚੇਅਰਮੈਨ ਨਵਜੋਤ ਸਿੰਘ ਜਰਗ, ਡਾ. ਜਸਪ੍ਰੀਤ ਸਿੰਘ ਬੀਜਾ ਅਤੇ ਡਾ. ਕਰਨੈਲ ਸਿੰਘ ਕਾਲੀਆ ਵੀ ਮੌਜੂਦ ਸਨ। ਇਸ ਮੌਕੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਦੋਂ ਤੋਂ ਪੰਜਾਬ ਦੀ ਸੱਤਾ ਸੰਭਾਲੀ ਗਈ ਹੈ ਉਦੋਂ ਤੋਂ ਹੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਲਗਨ ਤੇ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਬਾਬਾ ਸਾਹਿਬ ਦੁਆਰਾ ਕੀਤੀਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੁਆਰਾ ਦਿੱਤੀ ਗਈ ਅਨੇਕਤਾ ਵਿੱਚ ਏਕਤਾ ਦੀ ਧਾਰਨਾ ਦਾ ਮੂਲ ਸਿਧਾਂਤ ਕਈ ਚੁਣੌਤੀਆਂ ਦੇ ਬਾਵਜੂਦ ਅੱਜ ਵੀ ਬਰਕਰਾਰ ਹੈ।
ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਹਰ ਨਾਗਰਿਕ, ਖਾਸ ਕਰਕੇ ਦੱਬੇ-ਕੁਚਲੇ ਲੋਕਾਂ ਦੇ ਅਧਿਕਾਰਾਂ ਦੀ ਲਗਾਤਾਰ ਰੱਖਿਆ ਦਾ ਉਪਬੰਧ ਕੀਤਾ ਹੈ। ਉਨ੍ਹਾਂ ਡਾਕਟਰ ਅੰਬੇਡਕਰ ਨੂੰ ਮਸੀਹਾ ਦੱਸਦਿਆਂ ਕਿਹਾ ਕਿ ਸਿੱਖਿਆ ਸਾਰੇ ਭੇਦਭਾਵ ਅਤੇ ਅਸਮਾਨਤਾਵਾਂ ਨੂੰ ਖਤਮ ਕਰਨ ਦੀ ਕੁੰਜੀ ਹੈ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਕ੍ਰਾਂਤੀ ਰਾਹੀਂ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਪੱਧਰ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਅਪਗ੍ਰੇਡ ਕਰਕੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਤੁਰ ਰਹੀ ਹੈ।
ਗੜ੍ਹੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ
ਉਨ੍ਹਾਂ ਨੌਜਵਾਨਾਂ ਨੂੰ ਇੱਕ ਸਿਹਤਮੰਦ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਲਈ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨ ਲਈ ਉਨ੍ਹਾਂ (ਅੰਬੇਡਕਰ) ਦੇ ਸਾਹਿਤ ਨੂੰ ਪੜ੍ਹਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੜ੍ਹੀ ਨੇ ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਵਿਚ ਪੈਂਡਿੰਗ ਪਈਆਂ ਸ਼ਿਕਾਇਤਾਂ ਅਤੇ ਮੁਸ਼ਕਲਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਆਰਟੀਕਲ 14, 15, 16 ਅਤੇ 17 ਰਾਹੀਂ ਜੋ ਮੌਲਿਕ ਅਧਿਕਾਰ ਦਿੱਤੇ ਗਏ ਹਨ ਜੋ ਜਾਤੀ, ਧਰਮ, ਨਸਲ, ਸਥਾਨ ਅਤੇ ਲਿੰਗ ਦੇ ਵਿਤਕਰੇ ਨੂੰ ਖਤਮ ਕਰਦੇ ਹਨ। ਇਸ ਮੌਕੇ ਬਲਵਿੰਦਰ ਸਿੰਘ ਲਤਾਲਾ, ਇੰਜ: ਹਰਮਿੰਦਰਪਾਲ ਸਿੰਘ ਸਹਾਰਨ ਮਾਜਰਾ, ਬਲਵਿੰਦਰ ਸਿੰਘ ਦੁਧਾਲ, ਸ੍ਰੀਮਤੀ ਸ਼ਾਂਤੀ ਦੇਵੀ ਮੁੱਲਾਂਪੁਰ ਦਾਖਾ, ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲ ਖੇੜੀ, ਪ੍ਰਿੰਸੀਪਲ ਸੰਜੀਵ ਮੋਦਗਿੱਲ, ਦਿਲਬਾਗ ਸਿੰਘ ਬਾਘਾ ਪਾਇਲ, ਜਗਦੀਪ ਸਿੰਘ ਸਿਰਥਲਾ, ਸਿਮਰਦੀਪ ਸਿੰਘ ਦੌਬੁਰਜੀ, ਕਰਮਜੀਤ ਸਿੰਘ ਮੰਡਿਆਲਾ, ਦਵਿੰਦਰ ਸਿੰਘ ਗਿੱਲ ਜਰਗੜੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।