ਅੰਬੇਦਕਰ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
ਨਿੱਜੀ ਪੱਤਰ ਪ੍ਰੇਰਕ
ਖੰਨਾ, 4 ਅਪਰੈਲ
ਇਥੇ ਡਾ. ਅੰਬੇਦਕਰ ਮਿਸ਼ਨ ਸੁਸਾਇਟੀ ਦੇ ਮੈਬਰਾਂ ਦਾ ਵਫ਼ਦ ਕਰਮਜੀਤ ਸਿੰਘ ਸਿਫ਼ਤੀ ਦੀ ਪ੍ਰਧਾਨਗੀ ਹੇਠ ਏਡੀਸੀ ਖੰਨਾ ਨੂੰ ਮਿਲਿਆ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਸੌਂਪਦਿਆਂ ਪਿਛਲੇ ਦਿਨੀਂ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤਾਂ ਨਾਲ ਹੋ ਰਹੀਆਂ ਬੇਅਦਬੀਆਂ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਘਟਨਾਵਾਂ ਪਿੱਛੇ ਜ਼ਿੰਮੇਵਾਰ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਪਿੱਛੇ ਡੂੰਘੀ ਸਾਜਿਸ਼ ਰਚੀ ਜਾ ਰਹੀ ਹੈ ਤਾਂ ਜੋ ਪੰਜਾਬ ਦਾ ਮਾਹੌਲ ਖਰਾਬ ਕਰਕੇ ਮੁੜ ਅੱਤਵਾਦ ਦੇ ਕਾਲੇ ਦੌਰ ਵੱਲ ਧੱਕਿਆ ਜਾ ਸਕੇ। ਸੁਸਾਇਟੀ ਮੈਬਰਾਂ ਨੇ ਗੁਰਪਤਵੰਤ ਸਿੰਘ ਪੰਨੂੰ ਵੱਲੋਂ ਡਾ.ਅੰਬੇਦਕਰ ਵਿਰੁੱਧ ਵਰਤੀ ਮਾੜੀ ਸ਼ਬਦਾਵਲੀ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਉਸ ਖਿਲਾਫ਼ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਕਰਕੇ ਭਾਰਤ ਲਿਆਉਣ ਦੀ ਅਪੀਲ ਕੀਤੀ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ, ਜਸਵੰਤ ਸਿੰਘ ਮਿੱਤਰ, ਬਲਵੀਰ ਸਿੰਘ ਭੱਟੀ, ਪ੍ਰਿੰਸੀਪਲ ਤਾਰਾ ਸਿੰਘ, ਪਾਲ ਸਿੰਘ ਕੈੜੇ, ਪ੍ਰੇਮ ਸਿੰਘ ਬੰਗੜ, ਟੇਕ ਚੰਦ, ਮੇਜਰ ਸਿੰਘ ਮਹਿਮੀ, ਸੁਖਮਨਜੀਤ ਸਿੰਘ, ਨਰਿੰਦਰ ਵਰਮਾ, ਸੁਰਿੰਦਰ ਸਿੰਘ, ਜਸਵੀਰ ਸਿੰਘ, ਬਲਵੰਤ ਸਿੰਘ ਲੋਹਟ, ਜਰਨੈਲ ਸਿੰਘ, ਖੁਸ਼ੀ ਰਾਮ ਚੌਹਾਨ, ਕਮਲਜੀਤ ਸਿੰਘ, ਮਹਿੰਦਰ ਸਿੰਘ, ਤੇਜਿੰਦਰ ਸਿੰਘ, ਡਾ.ਚਮਕੌਰ ਸਿੰਘ, ਸੁਖਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।