ਅੰਮ੍ਰਿਤਪਾਲ ਸਿੰਘ ’ਤੇ ਐੱਨਐੱਸਏ ਲਾਉਣ ਖ਼ਿਲਾਫ਼ ਮੁਜ਼ਾਹਰੇ
ਜੋਗਿੰਦਰ ਸਿੰਘ ਮਾਨ/ਮਨੋਜ ਸ਼ਰਮਾ
ਮਾਨਸਾ/ਬਠਿੰਡਾ, 27 ਮਈ
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖੰਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ’ਤੇ ਤੀਜੀ ਵਾਰ ਐੱਨਐੱਸਏ ਲਾਉਣ ਖ਼ਿਲਾਫ਼ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦਫ਼ਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਮੰਗ ਪੱਤਰ ਦਿੱਤੇ ਗਏ।
ਮਾਨਸਾ ਵਿੱਚ ਅਜਿਹਾ ਮੰਗ ਪੱਤਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਅੱਜ ਜ਼ਿਲ੍ਹਾ ਕਚਹਿਰੀਆਂ ਤੱਕ ਰੋਸ ਮਾਰਚ ਕਰਦਿਆਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਕਿਹਾ ਗਿਆ ਕਿ ਅੰਮ੍ਰਿਤਪਾਲ ਸਿੰਘ ਉਤੇ ਐੱਨਐੱਸਏ ਲਗਾਉਣਾ ਪੂਰੀ ਤਰ੍ਹਾਂ ਗਲਤ ਹੈ, ਜਿਸ ਨੂੰ ਰੱਦ ਕਰਨ ਦੀ ਲੋੜ ਹੈ। ਇਸੇ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਉਠਾਇਆ ਗਿਆ।
ਪਾਰਟੀ ਦੇ ਆਗੂ ਸੁਖਚੈਨ ਸਿੰਘ ਅਤਲਾ, ਹਰਜੀਤ ਸਿੰਘ ਭੂੰਦੜ, ਰਮਿੰਦਰ ਸਿੰਘ ਝੱਬਰ ਨੇ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧ ਨਾਲ ਕੇਂਦਰ ਸਰਕਾਰ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਡਰ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਵਾਪਸ ਆਉਂਦੇ ਹਨ ਤਾਂ ਉਨ੍ਹਾਂ ਨਾਲ ਵੱਡੀ ਪੱਧਰ ’ਤੇ ਲੋਕ ਜੁੜ ਜਾਣਗੇ, ਜਿਸ ਲਈ ਸਰਕਾਰ ਉਨ੍ਹਾਂ ਨੂੰ ਪੰਜਾਬ ਤੋਂ ਦੂਰ ਰੱਖਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇੱਕ ਮੈਂਬਰ ਪਾਰਲੀਮੈਂਟ ਨਾਲ ਅਜਿਹਾ ਹੋ ਸਕਦਾ ਹੈ ਤਾਂ ਆਮ ਲੋਕਾਂ ਨੂੰ ਕੁਝ ਵੀ ਹੋ ਸਕਦਾ ਹੈ।
ਇਸੇ ਦੌਰਾਨ ਬਠਿੰਡਾ ’ਚ ਅਕਾਲੀ ਦਲ ਵਾਰਸ ਪੰਜਾਬ ਵੱਲੋਂ ਰੋਸ ਮਾਰਚ ਕਰ ਕੇ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਭਾਈ ਅੰਮ੍ਰਿਤ ਪਾਲ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਗਈ। ਵਕੀਲ ਹਰਪਾਲ ਸਿੰਘ ਖਾਰਾ ਨੇ ਅੰਮ੍ਰਿਤਪਾਲ ਸਿੰਘ ਨੇ ਨਸ਼ਾ ਵਿਰੋਧੀ ਲਹਿਰ ਰਾਹੀਂ ਨੌਜਵਾਨਾਂ ਵਿੱਚ ਚੇਤਨਾ ਜਗਾਈ ਹੈ। ਉਨ੍ਹਾਂ ਦੀ ਰਿਹਾਈ ਦੇ ਮਾਮਲੇ 'ਚ ਮੁੱਖ ਮੰਤਰੀ ਦੇ ਬਿਆਨ ਨੂੰ ਆਗੂਆਂ ਨੇ ਸਿੱਖ ਹੱਕਾਂ ਨੂੰ ਦਬਾਉਣ ਦੀ ਸਾਜ਼ਿਸ਼ ਕਰਾਰ ਦਿੱਤਾ।