ਅੰਮ੍ਰਿਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੁਜ਼ਾਹਰੇ
ਨਿਜੀ ਪੱਤਰ ਪ੍ਰੇਰਕ
ਸੰਗਰੂਰ, 27 ਮਈ
ਅਕਾਲੀ ਦਲ ਵਾਰਿਸ ਪੰਜਾਬ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਪਾਰਟੀ ਦੇ ਮੁੱਖ ਸੇਵਾਦਾਰ ਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਇਆ ਐੱਨਐੱਸਏ ਹਟਾਉਣ, ਭਾਈ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਰਿਹਾਅ ਕਰਨ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਲਈ ਇਥੇ ਡੀਸੀ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ ਤੇ ਪੰਜਾਬ ਦੇ ਰਾਜਪਾਲ ਦੇ ਨਾਂ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ।
ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਲਸੋਈ ਨੇ ਕਿਹਾ ਕਿ ਪਾਰਟੀ ਦੇ ਮੁੱਖ ਸੇਵਾਦਾਰ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਉਪਰ ਨਾਜਾਇਜ਼ ਤੌਰ ’ਤੇ ਤੀਜੀ ਵਾਰ ਐੱਨਐੱਸਏ ਲਗਾਇਆ ਗਿਆ ਹੈ ਜੋ ਕਿ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਲੱਖਾਂ ਵੋਟਰਾਂ ਦੀ ਆਵਾਜ਼ ਨੂੰ ਬੰਦ ਕਰਨ ਦੀ ਕੋਝੀ ਚਾਲ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਪਿਛਲੇ ਤਿੰਨ ਸਾਲਾਂ ਤੋਂ ਜੇਲ੍ਹ ਵਿਚ ਬੰਦ ਹੋਣ ਕਾਰਨ ਹੀ ਪੰਜਾਬ ਦੇ ਹਾਲਾਤ ਹੋਰ ਵੀ ਗੰਭੀਰ ਹੋਏ ਹਨ। ਆਗੂਆਂ ਨੇ ਮੰਗ ਕੀਤੀ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਲਗਾਇਆ ਐਨਐਸਏ ਹਟਾਇਆ ਜਾਵੇ, ਤੁਰੰਤ ਰਿਹਾਅ ਕੀਤਾ ਜਾਵੇ, ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ। ਇਸ ਮੌਕੇ ਅਵਤਾਰ ਸਿੰਘ ਸ਼ੇਰੋਂ, ਬਲਜੀਤ ਸਿੰਘ ਤਰੰਜੀ ਖੇੜਾ , ਸੁਖਵਿੰਦਰ ਸਿੰਘ, ਬਰਮਾ ਸਿੰਘ ਮੈਂਬਰ ਪੰਚ ਪ੍ਰਧਾਨੀ ਤੇ ਪਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਮਾਲੇਰਕੋਟਲਾ (ਪੱਤਰ ਪ੍ਰੇਰਕ): ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਉਪਰ ਪੰਜਾਬ ਸਰਕਾਰ ਵੱਲੋਂ ਤੀਜੀ ਵਾਰ ਲਾਏ ਐੱਨਐੱਸਏ ਖਿਲਾਫ਼ ਅੱਜ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਵੱਲੋਂ ਸਥਾਨਕ ਗੁਰਦੁਆਰਾ ਹਾਅ ਦਾ ਨਾਅਰਾ ਤੋਂ ਡੀਸੀ ਦਫਤਰ ਤੱਕ ਰੋਸ ਮਾਰਚ ਕਰ ਕੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਤੁਰੰਤ ਰਿਹਾਈ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਂ ਇਕ ਮੰਗ ਪੱਤਰ ਡੀਸੀ ਮਾਲੇਰਕੋਟਲਾ ਨੂੰ ਸੌਂਪਿਆ ਗਿਆ। ਇਸ ਮਾਰਚ ਦੀ ਅਗਵਾਈ ਜਥੇਬੰਦੀ ਦੇ ਆਗੂ ਗੁਰਮੁੱਖ ਸਿੰਘ ਟਿਵਾਣਾ ਅਤੇ ਗੁਰਦੇਵ ਸਿੰਘ ਸੰਗਾਲਾ ਆਦਿ ਆਗੂ ਕਰ ਰਹੇ ਸਨ।