ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਖ਼ਤਰਾ: ਤਰਸੇਮ ਸਿੰਘ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਅਪਰੈਲ
ਲੋਕ ਸਭਾ ਮੈਂਬਰ ਅਤੇ ਅਕਾਲੀ ਦਲ ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਇੱਥੇ ਦੋਸ਼ ਲਾਇਆ ਹੈ ਕਿ ਸਾਜ਼ਿਸ਼ ਤਹਿਤ ਉਸ ਦੇ ਖ਼ਿਲਾਫ਼ ਲਾਏ ਗਏ ਕੌਮੀ ਸੁਰੱਖਿਆ ਐਕਟ ਦੀ ਮਿਆਦ ਵਿੱਚ ਵਾਧਾ ਕਰਕੇ ਉਸ ਨੂੰ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਵਿੱਚ ਇਕੱਲਾ ਕਰ ਦਿੱਤਾ ਗਿਆ ਹੈ, ਜਿਸ ਕਾਰਨ ਉਸ ਦੀ ਜਾਨ ਨੂੰ ਖਤਰਾ ਹੈ।
ਇਸ ਦੌਰਾਨ ਅੱਜ ਉਹ ਪੱਤਰ ਵੀ ਜਨਤਕ ਕੀਤਾ ਗਿਆ ਹੈ, ਜਿਸ ਰਾਹੀਂ ਹਾਲ ਹੀ ਵਿੱਚ ਅੰਮ੍ਰਿਤਸਰ ਦੀ ਡੀਸੀ ਵੱਲੋਂ ਐੱਨਐੱਸਏ ਦੀ ਮਿਆਦ ਵਿੱਚ ਵਾਧਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਅੱਜ ਸ਼ਾਮ ਮੀਡੀਆ ਨੂੰ ਸੰਬੋਧਨ ਕਰਨ ਵੇਲੇ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਜਿਵੇਂ ਬਾਕੀ ਹੋਰਾਂ ਨੂੰ ਐੱਨਐੱਸਏ ਦੀ ਮਿਆਦ ਪੂਰੀ ਹੋਣ ਮਗਰੋਂ ਪੰਜਾਬ ਲਿਆਂਦਾ ਗਿਆ ਹੈ, ਇਸੇ ਤਰ੍ਹਾਂ 22 ਅਪਰੈਲ ਨੂੰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਐੱਨਐੱਸਏ ਦੀ ਮਿਆਦ ਖਤਮ ਹੋਣ ’ਤੇ ਪੰਜਾਬ ਲਿਆਂਦਾ ਜਾਣਾ ਸੀ ਪਰ ਅਚਨਚੇਤੀ ਐੱਨਐੱਸਏ ਮੁੜ ਲਾ ਦਿੱਤੀ ਗਈ ਹੈ, ਜੋ 23 ਅਪਰੈਲ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਕਾਰਨ 13 ਅਪਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਬੰਦੀ ਵੱਲੋਂ ਕੀਤੀ ਗਈ ਪੰਥਕ ਕਾਨਫਰੰਸ ਹੈ। ਇਸ ਦੇ ਵੱਡੇ ਇਕੱਠ ਨੇ ਭਗਵੰਤ ਮਾਨ ਸਰਕਾਰ ਦੀ ਨੀਂਦ ਉਡਾ ਦਿੱਤੀ ਹੈ। ਇਸੇ ਕਾਰਨ ਸਰਕਾਰ ਨੇ ਡਰਦੇ ਮਾਰੇ ਐੱਨਐੱਸਏ ਮੁੜ ਲਗਾ ਦਿੱਤੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਹੁਣ ਅੰਮ੍ਰਿਤਪਾਲ ਦੀ ਜਾਨ ਨੂੰ ਖਤਰਾ ਹੈ ਅਤੇ ਜੇ ਕਿਸੇ ਵੀ ਕਿਸਮ ਦਾ ਹਾਦਸਾ ਵਾਪਰਦਾ ਹੈ ਤਾਂ ਉਸ ਲਈ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਅਤੇ ਕੇਂਦਰ ਦੀ ਮੋਦੀ ਸਰਕਾਰ ’ਤੇ ਆਪਸ ਵਿੱਚ ਮਿਲੇ ਹੋਣ ਦਾ ਦੋਸ਼ ਲਾਇਆ। ਉਨ੍ਹਾਂ ਪੰਜਾਬ ਦੇ ਜਾਗਰੂਕ ਨਾਗਰਿਕਾਂ, ਨੌਜਵਾਨਾਂ, ਕਿਸਾਨਾਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਚੁੱਪ ਨਾ ਰਹਿ ਕੇ ਸਰਕਾਰ ਦੇ ਵਿਧਾਇਕਾਂ ਤੇ ਮੰਤਰੀਆਂ ਕੋਲ ਇਸ ਸਬੰਧੀ ਸਵਾਲ ਕਰਨ। ਉਨ੍ਹਾਂ ਸਰਕਾਰ ਦੀ ਤਾਨਾਸ਼ਾਹੀ ਦਾ ਮੂੰਹ ਤੋੜ ਜਵਾਬ ਦੇਣ ਲਈ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਅਤੇ ਕਿਹਾ ਕਿ ਇਸ ਦੀ ਰੂਪ ਰੇਖਾ ਜਲਦੀ ਉਲੀਕੀ ਜਾਵੇਗੀ। ਇਸ ਮੌਕੇ ਅਮਰਜੀਤ ਸਿੰਘ ਵਨਚਿੜੀ ,ਹਰਭਜਨ ਸਿੰਘ, ਗੁਰਸੇਵਕ ਸਿੰਘ ਜਵਾਹਰਕੇ ਜਗਨੰਦਨ ਬੀਰ ਸਿੰਘ ਨਾਰਲੀ ,ਦਵਿੰਦਰ ਸਿੰਘ ਹਰੀਏਵਾਲ, ਚਾਚਾ ਪਰਗਟ ਸਿੰਘ, ਚਾਚਾ ਸੁਖਚੈਨ ਸਿੰਘ, ਪਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਗੜਗੱਜ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਐੱਸਐੱਸਏ ਵਧਾਉਣ ਦੀ ਨਿੰਦਾ
ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਵਿੱਚ ਐੱਸਐੱਸਏ ਤਹਿਤ ਸਾਲ ਹੋਰ ਵਾਧਾ ਕਰਨ ’ਤੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਜੇ ਸਰਕਾਰ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਨਾਲ ਅਜਿਹਾ ਕਰ ਸਕਦੀ ਹੈ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ। ਇਸ ਮਾਮਲੇ ਸਬੰਧੀ ਅੱਜ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਸਣੇ ਹੋਰ ਸ਼ਖ਼ਸੀਅਤਾਂ ਨੇ ਸਕੱਤਰੇਤ ਵਿੱਚ ਸ੍ਰੀ ਗੜਗੱਜ ਨਾਲ ਮੁਲਾਕਾਤ ਕੀਤੀ। ਜਥੇਦਾਰ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਚੁਣੇ ਗਏ ਨੁਮਾਇੰਦੇ ਵਿਰੁੱਧ ਐੱਨਐੱਸਏ ਦੀ ਕਾਰਵਾਈ ਤੁਰੰਤ ਹਟਾਉਣੀ ਚਾਹੀਦੀ ਹੈ। ਜਥੇਦਾਰ ਨੇ ਇਸ ਮਾਮਲੇ ਅਤੇ ਬਲਵੰਤ ਸਿੰਘ ਰਾਜੋਆਣਾ ਸਣੇ ਸਾਰੇ ਬੰਦੀ ਸਿੰਘਾਂ ਦੇ ਮਾਮਲੇ ਨੂੰ ਖ਼ਾਲਸਾ ਪੰਥ ਦੀਆਂ ਸਮੂਹ ਜਥੇਬੰਦੀਆਂ ਅਤੇ ਸਿਆਸੀ ਧਿਰਾਂ ਨੂੰ ਇਕਜੁੱਟ ਹੋ ਕੇ ਨਜਿੱਠਣ ਲਈ ਆਖਿਆ।