ਆਤਿਸ਼ੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਨੋਟਿਸ
ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਮਾਰਚ
ਦਿੱਲੀ ਹਾਈ ਕੋਰਟ ਨੇ ਕਾਲਕਾਜੀ ਹਲਕੇ ਤੋਂ ‘ਆਪ’ ਆਗੂ ਆਤਿਸ਼ੀ ਮਾਰਲੇਨਾ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ, ਜਿਸ ਵਿੱਚ ਰਿਸ਼ਵਤਖੋਰੀ ਅਤੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਸਣੇ ਭ੍ਰਿਸ਼ਟ ਤਰੀਕੇ ਅਪਨਾਉਣ ਦਾ ਦੋਸ਼ ਲਗਾਇਆ ਗਿਆ ਹੈ।
ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਦੇ ਕਾਲਕਾਜੀ ਹਲਕੇ ਤੋਂ ਚੋਣ ਲੜਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਬੁੱਧਵਾਰ ਨੂੰ ਨੋਟਿਸ ਜਾਰੀ ਕੀਤਾ, ਜਿਸ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਹਵਾਲਾ ਦਿੱਤਾ ਗਿਆ। ਵੋਟਰਾਂ ਕਮਲਜੀਤ ਸਿੰਘ ਦੁੱਗਲ ਅਤੇ ਆਯੂਸ਼ ਰਾਣਾ ਵੱਲੋਂ ਦਾਇਰ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਆਤਿਸ਼ੀ ਅਤੇ ਉਸ ਦੇ ਸਾਥੀ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਲਈ ਰਿਸ਼ਵਤਖੋਰੀ ਅਤੇ ਗ਼ਲਤ ਤਰੀਕਿਆਂ ਨਾਲ ਪ੍ਰਭਾਵਿਤ ਕਰਨ ਵਿੱਚ ਲੱਗੇ ਸਨ।
ਜਸਟਿਸ ਜੋਤੀ ਸਿੰਘ ਨੇ ਆਤਿਸ਼ੀ, ਭਾਰਤੀ ਚੋਣ ਕਮਿਸ਼ਨ (ਈਸੀਆਈ), ਰਿਟਰਨਿੰਗ ਅਫ਼ਸਰ ਅਤੇ ਦਿੱਲੀ ਪੁਲੀਸ ਤੋਂ ਜਵਾਬ ਮੰਗਿਆ ਹੈ, ਜਿਸ ਦੀ ਸੁਣਵਾਈ ਜੁਲਾਈ ਵਿੱਚ ਹੋਵੇਗੀ। ਅਦਾਲਤ ਨੇ ਅਧਿਕਾਰੀਆਂ ਨੂੰ ਚੋਣਾਂ ਨਾਲ ਸਬੰਧਤ ਸਾਰੇ ਰਿਕਾਰਡਾਂ ਨੂੰ ਸੁਰੱਖਿਅਤ ਰੱਖਣ ਦਾ ਵੀ ਨਿਰਦੇਸ਼ ਦਿੱਤਾ ਹੈ। ਅਦਾਲਤ ਵੱਲੋਂ ਕਿਹਾ ਗਿਆ ਕਿ ਜਵਾਬਦਾਤਾ ਲੋੜ ਪੈਣ ‘ਤੇ ਸੋਧਾਂ ਲਈ ਅਰਜ਼ੀਆਂ ਦਾਇਰ ਕਰ ਸਕਦੇ ਹਨ।
ਨਵੀਂ ਦਿੱਲੀ ਤੋਂ ਪਰਵੇਸ਼ ਵਰਮਾ ਦੀ ਚੋਣ ਲੜਨ ਸਬੰਧੀ ਪਟੀਸ਼ਨ ’ਤੇ ਨੋਟਿਸ ਜਾਰੀ
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਹਾਈ ਕੋਰਟ ਨੇ ਅੱਜ ਲੋਕ ਨਿਰਮਾਣ ਮੰਤਰੀ ਪਰਵੇਸ਼ ਵਰਮਾ ਨੂੰ 2025 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਵੀਂ ਦਿੱਲੀ ਹਲਕੇ ਤੋਂ ਚੋਣ ਲੜਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਨੋਟਿਸ ਜਾਰੀ ਕੀਤਾ ਹੈ। ਜਸਟਿਸ ਜਸਮੀਤ ਸਿੰਘ ਨੇ ਨੋਟਿਸ ਜਾਰੀ ਕਰਕੇ ਭਾਰਤੀ ਚੋਣ ਕਮਿਸ਼ਨ (ਈਸੀਆਈ) ਅਤੇ ਨਵੀਂ ਦਿੱਲੀ ਤੋਂ ਚੋਣ ਲੜਨ ਵਾਲੇ ‘ਆਪ’ ਆਗੂ ਅਰਵਿੰਦ ਕੇਜਰੀਵਾਲ ਅਤੇ ਕਾਂਗਰਸ ਆਗੂ ਸੰਦੀਪ ਦੀਕਸ਼ਿਤ ਸਣੇ 23 ਉਮੀਦਵਾਰਾਂ ਤੋਂ ਜਵਾਬ ਮੰਗਿਆ ਹੈ। ਇਹ ਪਟੀਸ਼ਨ ਇੱਕ ਵਿਅਕਤੀ ਵੱਲੋਂ ਦਾਇਰ ਕੀਤੀ ਗਈ ਸੀ ਜਿਸ ਨੇ ਦਾਅਵਾ ਕੀਤਾ ਸੀ ਕਿ ਉਸ ਨੂੰ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਨਾਮਜ਼ਦਗੀ ਦਾਖ਼ਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 27 ਮਈ ‘ਤੇ ਪਾ ਦਿੱਤੀ ਹੈ। ਪਟੀਸ਼ਨਕਰਤਾ ਵਿਸ਼ਵਨਾਥ ਅਗਰਵਾਲ ਨੇ ਨਵੀਂ ਦਿੱਲੀ ਹਲਕੇ ਲਈ ਚੋਣ ਨੂੰ ਰੱਦ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਉਸ ਨੇ ਈਸੀਆਈ ਨੂੰ ਸੀਟ ’ਤੇ ਨਵੀਆਂ ਚੋਣਾਂ ਕਰਾਉਣ ਲਈ ਨਿਰਦੇਸ਼ ਦੇਣ ਦੀ ਵੀ ਮੰਗ ਕੀਤੀ ਹੈ। ਪਟੀਸ਼ਨਰ ਨੇ ਦਾਅਵਾ ਕੀਤਾ ਕਿ 17 ਜਨਵਰੀ ਨੂੰ ਸਾਰੇ ਲੋੜੀਂਦੇ ਦਸਤਾਵੇਜ਼ਾਂ ਨਾਲ ਦੁਪਹਿਰ 3 ਵਜੇ ਤੋਂ ਪਹਿਲਾਂ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਹਾਜ਼ਰ ਹੋਣ ਦੇ ਬਾਵਜੂਦ ਉਸ ਨੂੰ ਚੋਣਾਂ ਵਿੱਚ ਹਿੱਸਾ ਲੈਣ ਲਈ ਜ਼ਰੂਰੀ ਨਾਮਜ਼ਦਗੀ ਫਾਰਮ ਜਮ੍ਹਾਂ ਨਹੀਂ ਕਰਾਉਣ ਦਿੱਤਾ ਗਿਆ।