ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਦੀ ਵੀ ਸਾਰ ਲਵੇ ਸਰਕਾਰ: ਮੱਖਣ ਸਿੰਘ ਬੀਰ
ਸੰਗਰੂਰ: ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਪੰਜਾਬ (ਪੀਪੀਪੀ ਤਰਜ਼) ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਅੰਦਰ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਸਕੀਮ ਤਹਿਤ ਖੁੱਲ੍ਹੇ ਆਦਰਸ਼ ਸਕੂਲਾਂ ਦੀ ਵੀ ਸਾਰ ਲਈ ਜਾਵੇ ਅਤੇ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ।
ਯੂਨੀਅਨ ਦੇ ਸੂਬਾਈ ਪ੍ਰਧਾਨ ਮੱਖਣ ਸਿੰਘ ਬੀਰ, ਜਨਰਲ ਸਕੱਤਰ ਸੁਖਬੀਰ ਸਿੰਘ ਪਾਤੜਾਂ, ਸਕੱਤਰ ਜਨਰਲ ਸੁਖਦੀਪ ਕੌਰ ਸਰਾਂ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਗਲੋਟੀ, ਮੀਡੀਆ ਇੰਚਾਰਜ ਸਲੀਮ ਮੁਹੰਮਦ, ਮੀਤ ਪ੍ਰਧਾਨ ਵਿਸ਼ਾਲ ਭਠੇਜਾ, ਪ੍ਰਚਾਰ ਸਕੱਤਰ ਅਮਨਦੀਪ ਸ਼ਾਸਤਰੀ, ਸੂਬਾ ਕਮੇਟੀ ਮੈਂਬਰ ਮੀਨੂੰ, ਵੀਰਪਾਲ ਕੌਰ ਤੇ ਪਰਵਿੰਦਰ ਕੌਰ ਨੇ ਸਾਂਝੇ ਤੌਰ ’ਤੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਅੰਦਰ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਯੋਜਨਾ ਅਧੀਨ ਖੁੱਲ੍ਹੇ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਆਗੂਆਂ ਕਿਹਾ ਕਿ ਜਿੱਥੇ ਹਕੂਮਤ ਨੇ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਨਿਯਮਿਤ ਕਰ ਕੇ ਸ਼ਲਾਘਾਯੋਗ ਕਾਰਜ ਕੀਤਾ ਹੈ, ਉੱਥੇ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦੀ ਸਾਰ ਵੀ ਲੈਣੀ ਚਾਹੀਦੀ ਹੈ। -ਨਿੱਜੀ ਪੱਤਰ ਪ੍ਰੇਰਕ