ਆਦਿਵਾਸੀਆਂ ’ਤੇ ਜਬਰ ਵਿਰੁੱਧ ਸੂਬਾਈ ਕਨਵੈਨਸ਼ਨ 22 ਨੂੰ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 16 ਮਈ
ਅਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਪੰਜਾਬ ਵੱਲੋਂ ਬਸਤਰ ਅਤੇ ਹੋਰ ਆਦਿਵਾਸੀ ਇਲਾਕਿਆਂ ਅੰਦਰ ਨਕਸਲਵਾਦ ਨੂੰ ਖ਼ਤਮ ਕਰਨ ਦੇ ਨਾਂ ਹੇਠ ਆਦਿਵਾਸੀਆਂ ’ਤੇ ਢਾਹੇ ਜਾ ਰਹੇ ਜਬਰ ਵਿਰੁੱਧ ਆਵਾਜ਼ ਉਠਾਉਣ ਲਈ 22 ਮਈ ਨੂੰ ਪਾਰੁਲ ਪੈਲੇਸ (ਨੇੜੇ ਬਰਨਾਲਾ ਕੈਂਚੀਆਂ) ਸੰਗਰੂਰ ਵਿੱਚ ਜਬਰ ਵਿਰੁੱਧ ਸੂਬਾਈ ਕਨਵੈਨਸ਼ਨ ਅਤੇ ਮੁਜ਼ਾਹਰਾ ਕੀਤਾ ਜਾਵੇਗਾ। ਇਸ ਮੌਕੇ ਜਮਹੂਰੀ ਹੱਕਾਂ ਦੀ ਬੁਲੰਦ ਆਵਾਜ਼ ਨਾਮਵਰ ਸ਼ਖ਼ਸੀਅਤ ਡਾ. ਨਵਸ਼ਰਨ ਮੁੱਖ ਬੁਲਾਰੇ ਹੋਣਗੇ।
ਅਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਪੰਜਾਬ ਦੇ ਸੂਬਾਈ ਕਨਵੀਨਰਾਂ ਡਾ. ਪਰਮਿੰਦਰ, ਪ੍ਰੋਫੈਸਰ ਏਕੇ ਮਲੇਰੀ, ਬੂਟਾ ਸਿੰਘ ਮਹਿਮੂਦਪੁਰ ਅਤੇ ਯਸ਼ਪਾਲ ਨੇ ਜਾਰੀ ਬਿਆਨ ’ਚ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੱਸਿਆ ਕਿ ਇਸ ਜਮਹੂਰੀ ਇਕੱਠ ਦੀ ਕਾਮਯਾਬੀ ਲਈ ਵੱਖ-ਵੱਖ ਇਲਾਕਿਆਂ ਵਿੱਚ ਸੰਪਰਕ ਮੁਹਿੰਮ ਚਲਾਉਂਦੇ ਹੋਏ ਬੁੱਧੀਜੀਵੀਆਂ, ਲੇਖਕਾਂ, ਕਲਾਕਾਰਾਂ, ਰੰਗਕਰਮੀਆਂ, ਵਕੀਲਾਂ, ਪੱਤਰਕਾਰਾਂ ਸਣੇ ਪੰਜਾਬ ਦੀਆਂ ਸਮੂਹ ਲੋਕਪੱਖੀ ਤਾਕਤਾਂ ਨੂੰ ਜਾਬਰ ਹਮਲੇ ਵਿਰੁੱਧ ਆਵਾਜ਼ ਉਠਾਉਣ ਦੀ ਅਪੀਲ ਕੀਤੀ ਜਾਵੇਗੀ ਅਤੇ ਇਹ ਮੰਗ ਕੀਤੀ ਜਾਵੇਗੀ ਕਿ ਆਦਿਵਾਸੀ ਇਲਾਕਿਆਂ ਵਿੱਚ ਝੂਠੇ ਮੁਕਾਬਲਿਆਂ, ਡਰੋਨ ਹਮਲਿਆਂ ਅਤੇ ਹੋਰ ਰੂਪਾਂ ਵਿੱਚ ਕਤਲੇਆਮ ਬੰਦ ਕੀਤਾ ਜਾਵੇ, ਆਦਿਵਾਸੀ ਇਲਾਕਿਆਂ ਵਿੱਚੋਂ ਸਕਿਊਰਿਟੀ ਕੈਂਪ ਹਟਾਏ ਜਾਣ ਅਤੇ ਵਿਸ਼ੇਸ਼ ਸੁਰੱਖਿਆ ਤਾਕਤਾਂ ਵਾਪਸ ਬੁਲਾਈਆਂ ਜਾਣ; ਹੁਕਮਰਾਨ ਜਮਾਤ ਦੀਆਂ ਲੋਕ ਵਿਰੋਧੀ ਨੀਤੀਆਂ ਉੱਪਰ ਸਵਾਲ ਉਠਾਉਣ ਵਾਲੇ ਚਿੰਤਕਾਂ ਤੇ ਜਮਹੂਰੀ ਕਾਰਕੁਨਾਂ ਨੂੰ ਝੂਠੇ ਕੇਸ ਬਣਾ ਕੇ ਜੇਲ੍ਹਾਂ ਵਿਚ ਡੱਕਣ ਦੀ ਨੀਤੀ ਬੰਦ ਕੀਤੀ ਜਾਵੇ ਅਤੇ ਜੇਲ੍ਹਾਂ ਵਿਚ ਡੱਕੇ ਰਾਜਨੀਤਕ ਕੈਦੀਆਂ ਤੇ ਆਮ ਲੋਕਾਂ ਨੂੰ ਰਿਹਾਅ ਕੀਤਾ ਜਾਵੇ।