‘ਆਪ’ ਆਗੂਆਂ ਵੱਲੋਂ ਗੁਰਪਤਵੰਤ ਪੰਨੂ ਮਾਨਸਿਕ ਰੋਗੀ ਕਰਾਰ
ਨਿੱਜੀ ਪੱਤਰ ਪ੍ਰੇਰਕ
ਹੁਸ਼ਿਆਰਪੁਰ, 10 ਅਪਰੈਲ
ਆਮ ਆਦਮੀ ਪਾਰਟੀ ਦੇ ਆਗੂਆਂ ਨੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਨਿੰਦਾ ਕਰਦਿਆਂ ਉਸ ਨੂੰ ਮਾਨਸਿਕ ਰੋਗੀ ਦੱਸਿਆ ਹੈ। ‘ਆਪ’ ਆਗੂਆਂ ਨੇ ਦਾਅਵਾ ਕੀਤਾ ਹੈ ਕਿ 14 ਅਪਰੈਲ ਨੂੰ ਡਾ. ਅੰਬੇਡਕਰ ਜਯੰਤੀ ਉੱਤੇ ਪਾਰਟੀ ਦੇ ਸਾਰੇ ਵਰਕਰ ਅਤੇ ਆਗੂ ਝੰਡਿਆਂ ਤੇ ਡੰਡਿਆਂ ਨਾਲ ਮੂਰਤੀਆਂ ਦੀ ਰੱਖਿਆ ਕਰਨਗੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਨੂ ਦਾ ਉਦੇਸ਼ ਪੰਜਾਬ ਦੇ ਲੋਕਾਂ ਵਿੱਚ ਵੰਡੀਆਂ ਪਾਉਣਾ ਹੈ, ਜਿਸ ਨੂੰ ਸੂਬੇ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ।
ਇੱਥੇ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੇ ਗੁਰਪਤਵੰਤ ਪੰਨੂ ਪੰਜਾਬ ਦੇ ਲੋਕਾਂ ਵਿੱਚ ਫੁੱਟ ਪਾਉਣਾ ਚਾਹੁੰਦਾ ਹੈ। ਡਾ. ਅੰਬੇਦਕਰ ਖਿਲਾਫ਼ ਪੰਨੂ ਵੱਲੋਂ ਕੀਤੀ ਟਿੱਪਣੀ ਨੇ ਦਲਿਤ ਭਾਈਚਾਰੇ ਸਮੇਤ ਲੱਖਾਂ ਲੋਕਾਂ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ। ਚੱਬੇਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਗੁਰਪਤਵੰਤ ਪੰਨੂ ਨੂੰ ਅੰਤਰਰਾਸ਼ਟਰੀ ਕਾਨੂੰਨਾਂ ਤਹਿਤ ਭਾਰਤ ਲਿਆਂਦਾ ਜਾਵੇ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਪਾਰਟੀ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਬ੍ਰਹਮ ਸ਼ੰਕਰ ਜਿੰਪਾ ਵੀ ਮੌਜੂਦ ਸਨ।