‘ਆਪ’ ਜਿੱਤ ਦੀ ਦੌੜ ’ਚੋਂ ਬਾਹਰ: ਸਿੱਧੂ
ਹਤਿੰਦਰ ਮਹਿਤਾ/ਗੁਰਮੀਤ ਖੋਸਲਾ
ਜਲੰਧਰ/ਸ਼ਾਹਕੋਟ, 8 ਮਈ
ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਸਪੋਰਟਸ ਕੰਪਲੈਕਸ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਮੁਹੱਲਿਆਂ ‘ਚੋਂ ਹੁੰਦਾ ਹੋਇਆ ਇਹ ਰੋਡ ਸ਼ੋਅ ਫੁਟਬਾਲ ਚੌਕ ਨੇੜੇ ਪੁੱਜ ਕੇ ਸਮਾਪਤ ਹੋਇਆ।
ਇਸ ਮੌਕੇ ਵਰਕਰਾਂ ਨੇ ਕਾਂਗਰਸੀ ਆਗੂਆਂ ਦਾ ਸਵਾਗਤ ਫੁੱਲਾਂ ਦੀ ਵਰਖਾ ਕਰ ਕੇ ਕੀਤਾ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦੇ ਰੋਡ ਸ਼ੋਅ ਪ੍ਰਤੀ ਲੋਕਾਂ ਵਿਚ ਉਤਸ਼ਾਹ ਦੇਖ ਕੇ ਸਾਫ ਪਤਾ ਲੱਗਦਾ ਹੈ ਕਿ ਕਾਂਗਰਸ ਦੇ ਉਮੀਦਵਾਰ ਦੀ ਜਿੱਤ ਪੱਕੀ ਹੈ। ਇਸ ਵਾਰ ‘ਆਪ’ ਜਿੱਤ ਦੀ ਦੌੜ ‘ਚੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ‘ਆਪ’ ਝੂਠੇ ਲਾਰੇ ਲਾ ਕੇ ਸੱਤਾ ਵਿਚ ਆਈ ਹੈ। ਲੋਕ ਇਸ ਦਾ ਹਿਸਾਬ ਜ਼ਰੂਰ ਲੈਣਗੇ। ਇਸ ਮੌਕੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਤੋਂ ਲੋਕਾਂ ਦਾ ਵਿਸ਼ਵਾਸ ਉੱਠ ਚੁੱਕਾ ਹੈ। ਉਨ੍ਹਾਂ ਨੂੰ ਭੀੜ ਦਿਖਾਉਣ ਲਈ ਬਾਹਰਲੇ ਹਲਕਿਆਂ ਤੋਂ ਲੋਕ ਲਿਆਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੈਂਗਸਟਰਾਂ ਦਾ ਰਾਜ ਹੈ ਤੇ ਆਮ ਲੋਕਾਂ ਦਾ ਜਿਊਣਾ ਬਹੁਤ ਮੁਸ਼ਕਿਲ ਹੋ ਗਿਆ ਹੈ।
ਇਸੇ ਤਰ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਸ਼ਾਹਕੋਟ ਅਤੇ ਲੋਹੀਆਂ ਖਾਸ ਵਿੱਚ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਹੱਕ ਵਿੱਚ ਚੋਣ ਮੀਟਿੰਗਾਂ ਕੀਤੀਆਂ।
ਇਸ ਦੌਰਾਨ ਉਨ੍ਹਾਂ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਹਰਾਉਣ ਅਤੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਜਿਤਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੂੰ ਰਿਮੋਟ ਨਾਲ ਚਲਾਉਣ ਵਾਲੇ ਦਿੱਲੀ ਦੇ ਆਗੂ ਪੰਜਾਬੀਆਂ ਨੂੰ ਦਬਾਉਣ ਵਿੱਚ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ। ਉਨ੍ਹਾਂ ਭਾਜਪਾ ਨੂੰ ਪੰਜਾਬ ਵਿਰੋਧੀ ਅਤੇ ‘ਆਪ’ ਨੂੰ ਦਲਿਤ, ਸਿੱਖ ਤੇ ਕਿਸਾਨ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਲਾਅ ਅਫਸਰਾਂ ਦੀ ਭਰਤੀ ਅਤੇ ਐਕਸਾਈਜ਼ ਇੰਸਪੈਕਟਰਾਂ ਦੀ ਪਦਉੱਨਤੀ ਸਮੇਂ ਰਾਖਵਾਂਕਰਨ ਲਾਗੂ ਨਾ ਕਰਨਾ ‘ਆਪ’ ਸਰਕਾਰ ਦੀਆਂ ਦਲਿਤ ਵਿਰੋਧੀ ਨੀਤੀਆਂ ਦੀਆਂ ਸਪੱਸ਼ਟ ਉਦਹਾਰਨਾਂ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਬਦਲਾਅ ਦੀ ਆਸ ਲਗਾ ਕੇ ‘ਆਪ’ ਨੂੰ ਸੱਤਾ ਦਿਵਾਉਣ ਵਾਲੇ ਪੰਜਾਬੀ ਇਸ ਸਮੇਂ ਬੁਰੀ ਤਰ੍ਹਾਂ ਪਛਤਾਅ ਰਹੇ ਹਨ। ‘ਆਪ’ ਸਰਕਾਰ ਨੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਪੂਰੀਆਂ ਨਾ ਕਰ ਕੇ ਪੰਜਾਬੀਆਂ ਨਾਲ ਵੱਡਾ ਵਿਸ਼ਵਾਸਘਾਤ ਕੀਤਾ ਹੈ। ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬੀ ਇਸ ਸਮੇਂ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ‘ਆਪ’ ਸਰਕਾਰ ਕੋਲੋਂ ਬਹੁਤ ਦੁਖੀ ਹਨ। ਇਸੇ ਤਰ੍ਹਾਂ ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਭਾਜਪਾ ਅਤੇ ‘ਆਪ’ ਦੀਆਂ ਗਲਤ ਨੀਤੀਆਂ ਕਾਰਨ ਹੀ ਪੰਜਾਬ ਨਸ਼ਿਆਂ ਦੀ ਗ੍ਰਿਫਤ ਵਿਚ ਹੈ।
ਸਿਰਫ਼ ਕਾਂਗਰਸ ਨੇ ਹੀ ਆਜ਼ਾਦੀ ਦੀ ਲੜਾਈ ਵਿੱਚ ਯੋਗਦਾਨ ਪਾਇਆ: ਗਿਲਜ਼ੀਆਂ
ਭੋਗਪੁਰ (ਪੱਤਰ ਪ੍ਰੇਰਕ): ਇੱਥੇ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਮ ਲੁਭਾਇਆ ਬੀਡੀਪੀਓ ਦੀ ਅਗਵਾਈ ਹੇਠ ਅੱਜ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਗਈ। ਇਸ ਮੌਕੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ, ਸਾਬਕਾ ਸੰਸਦੀ ਸਕੱਤਰ ਕੰਵਲਜੀਤ ਸਿੰਘ ਲਾਲੀ, ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ, ਸਾਬਕਾ ਵਿਧਾਇਕ ਇੰਦੂ ਬਾਲਾ, ਸਾਬਕਾ ਡਾਇਰੈਕਟਰ ਭੁਪਿੰਦਰ ਸਿੰਘ ਸੈਣੀ, ਮਹਿਲਾ ਆਗੂ ਮੀਰਾ ਸ਼ਰਮਾ ਤੇ ਪ੍ਰਿਤਪਾਲ ਕੌਰ ਮਝੈਲ ਨੇ ਕਿਹਾ ਕਿ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਵਿੱਚ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਉੱਚ ਸਿੱਖਿਆ ਪ੍ਰਾਪਤ, ਲਾਇਕ ਪ੍ਰਸਾਸ਼ਕ ਅਤੇ ਬੇਦਾਗ ਸਿਆਸੀ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਸੂਝਵਾਨ ਉਮੀਦਵਾਰ ਹਨ, ਜੋ ਕਿ ਸੰਸਦ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਵਧੀਆ ਢੰਗ ਨਾਲ ਪੇਸ਼ ਕਰਨ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਵਿੱਚੋਂ ਸਿਰਫ਼ ਕਾਂਗਰਸ ਨੇ ਹੀ ਆਜ਼ਾਦੀ ਦੀ ਲੜਾਈ ਵਿੱਚ ਆਪਣਾ ਯੋਗਦਾਨ ਪਾਇਆ ਹੈ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਧਰਮ ਦਾ, ਅਕਾਲੀ ਦਲ ਨੇ ਪੰਥ ਦਾ ਅਤੇ ਬਸਪਾ ਨੇ ਜਾਤ ਦਾ ਸਹਾਰਾ ਲੈ ਕੇ ਸਿਆਸਤ ਕੀਤੀ ਹੈ, ਜਦਕਿ ਕਾਂਗਰਸ ਪਾਰਟੀ ਨੇ ਸਰਬਪੱਖੀ ਵਿਕਾਸ ਕਰਨ ਅਤੇ ਭਾਈਚਾਰਕ ਸਾਂਝ ਬਣਾ ਕੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ‘ਤੇ ਧਿਆਨ ਕੇਂਦਰਿਤ ਰੱਖਿਆ ਹੈ।