‘ਆਪ’ ਦੇ ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ ਅਕਾਲੀ ਦਲ ’ਚ ਸ਼ਾਮਲ
ਗੁਰਿੰਦਰ ਸਿੰਘ
ਲੁਧਿਆਣਾ, 11 ਜੂਨ
ਆਮ ਆਦਮੀ ਪਾਰਟੀ ਦੀ ਸਾਬਕਾ ਸੂਬਾ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੀਤੀ ਮਲਹੋਤਰਾ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ ਹੈ। ਲੁਧਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੀਤੀ ਮਲਹੋਤਰਾ ਤੇ ਉਸ ਦੇ ਸਾਥੀਆਂ ਨੂੰ ਸਿਰੋਪਾ ਦੇ ਕੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਪੰਜਾਬ ਸਰਕਾਰ ਦੇ ਕੰਮਾਂ ਵਿੱਚ ਦਖ਼ਲਅੰਦਾਜ਼ੀ ਨੂੰ ਵੇਖਦਿਆਂ ‘ਆਪ’ ਵਰਕਰਾਂ ਵਿੱਚ ਭਾਰੀ ਰੋਸ ਹੈ ਅਤੇ ਇਸੇ ਕਰਕੇ ਉਹ ਆਪਣੀ ਪਾਰਟੀ ਨੂੰ ਅਲਵਿਦਾ ਆਖ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹੀ ਹਾਲ ਰਿਹਾ ਤਾਂ ਅਗਲੀਆਂ ਚੋਣਾਂ ਤੱਕ ਪਾਰਟੀ ਖ਼ਾਲੀ ਹੋ ਜਾਵੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਨੂੰ ਲੱਖਾਂ ਕਰੋੜ ਦਾ ਕਰਜ਼ਾਈ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਹੁਤ ਗੰਭੀਰ ਬਣੀ ਹੋਈ ਹੈ ਅਤੇ ਇੱਥੋਂ ਦੇ ਕਈ ਸਨਅਤਕਾਰਾਂ ਨੇ ਦੱਸਿਆ ਕਿ ਗੈਂਗਸਟਰ ਫੋਨ ਕਰ ਕੇ ਉਨ੍ਹਾਂ ਕੋਲੋਂ ਫਿਰੌਤੀਆਂ ਮੰਗ ਰਹੇ ਹਨ ਪਰ ਪੁਲੀਸ ਬੇਵੱਸ ਹੈ। ਇਸ ਮੌਕੇ ਹਲਕਾ ਪੱਛਮੀ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਅਮਰਜੀਤ ਸਿੰਘ ਚਾਵਲਾ ਅਤੇ ਕਮਲ ਚੇਟਲੀ ਵੀ ਮੌਜੂਦ ਸਨ।
ਭਗਵੰਤ ਮਾਨ ਨੇ ਬਾਹਰਲੇ ਬੰਦਿਆਂ ਨੂੰ ਚੇਅਰਮੈਨੀਆਂ ਸੌਂਪੀਆਂ: ਪ੍ਰੀਤੀ ਮਲਹੋਤਰਾ
ਪ੍ਰੀਤੀ ਮਲਹੋਤਰਾ ਨੇ ਦੱਸਿਆ ਕਿ ਭਗਵੰਤ ਮਾਨ ਨੇ ਪੰਜਾਬ ਤੋਂ ਬਾਹਰਲੇ ਬੰਦਿਆਂ ਨੂੰ ਚੇਅਰਮੈਨੀਆਂ ਤੇ ਹੋਰ ਅਹੁਦੇ ਦੇ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਵਾਲੇ ਵਰਕਰਾਂ ਨਾਲ ਧੋਖਾ ਕੀਤਾ ਹੈ। ਪ੍ਰੀਤੀ ਮਲਹੋਤਰਾ ਨੇ ਕਿਹਾ ਕਿ ਉਸ ਨੇ ਆਪਣੀ ਗੱਲ ਪਾਰਟੀ ਪਲੇਟਫਾਰਮ ’ਤੇ ਰੱਖਣ ਦੀ ਕੋਸ਼ਿਸ਼ ਵੀ ਕੀਤੀ ਸੀ ਪਰ ਉਨ੍ਹਾਂ ਦੀ ਕੋਈ ਵੀ ਗੱਲ ਨਹੀਂ ਸੁਣੀ ਗਈ। ਇਸ ਦੇ ਰੋਸ ਵਜੋਂ ਉਸ ਨੇ ਪਟਿਆਲਾ ’ਚ ਪਾਰਟੀ ਲੀਡਰਸ਼ਿਪ ਖ਼ਿਲਾਫ਼ ਧਰਨਾ ਦਿੱਤਾ ਸੀ।