‘ਆਪ’ ਵਿਧਾਇਕ ਨੇ ਸਮੱਸਿਆਵਾਂ ਸੁਣੀਆਂ
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 21 ਦਸੰਬਰ
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਵਿਦੇਸ਼ ’ਚੋਂ ਪਰਤਦੇ ਹੀ ‘ਆਪ’ ਦੇ ਮੁਹਾਲੀ ਦਫ਼ਤਰ ਵਿੱਚ ਸ਼ਹਿਰ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਹ ਪਿਛਲੇ ਕਈ ਦਿਨਾਂ ਤੋਂ ਵਿਦੇਸ਼ ਯਾਤਰਾ ’ਤੇ ਗਏ ਹੋਏ ਸਨ। ਸ਼ਹਿਰੀ ਲੋਕਾਂ ਨੇ ਸਟਰੀਟ ਲਾਈਟਾਂ, ਸਫ਼ਾਈ ਵਿਵਸਥਾ ਅਤੇ ਪਾਰਕਾਂ ਦੀ ਦੁਰਦਸ਼ਾ ਦੇ ਮੁੱਦੇ ਚੁੱਕੇ ਜਦੋਂਕਿ ਪਿੰਡਾਂ ਦੇ ਲੋਕਾਂ ਨੇ ਲਿੰਕ ਸੜਕਾਂ, ਗਲੀਆਂ-ਨਾਲੀਆਂ, ਰਾਸ਼ਨ ਕਾਰਡ, ਵਿਧਵਾ ਤੇ ਬੁਢਾਪਾ ਪੈਨਸ਼ਨਾਂ ਬਾਰੇ ਗੱਲ ਕੀਤੀ।
ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਲੋਕਾਂ ਦੇ ਮਸਲ/ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਨਾਲ ਹੀ ਕਾਰਵਾਈ ਰਿਪੋਰਟ ਤਲਬ ਕੀਤੀ ਗਈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਮੁਹਾਲੀ ਹਲਕੇ ਦੀਆਂ ਬਾਕੀ ਲਿੰਕ ਸੜਕਾਂ ਦਾ ਨਿਰਮਾਣ ਤੇ ਲੋੜ ਅਨੁਸਾਰ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਨਾਲ ਜਲਦੀ ਹੀ ਪੜਾਅਵਾਰ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਪਿੰਡਾਂ ਵਿੱਚ ਹੋਣ ਵਾਲੇ ਕੰਮਾਂ ਦਾ ਖਾਕਾ ਤਿਆਰ ਕੀਤਾ ਜਾਵੇਗਾ।