‘ਆਪ’ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਅੱਗੇ ਮੁਜ਼ਾਹਰੇ
ਸਰਬਜੀਤ ਸਿੰਘ ਭੰਗੂ
ਪਟਿਆਲਾ, 1 ਮਈ
ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵੱਲੋਂ ਹਰਿਆਣਾ ਨੂੰ ਫੌਰੀ 8500 ਕਿਊਸਿਕ ਵਾਧੂ ਪਾਣੀ ਛੱਡਣ ਦੇ ਫ਼ੈਸਲੇ ਖ਼ਿਲਾਫ਼ ਅੱਜ ਜ਼ਿਲ੍ਹੇ ਦੇ ‘ਆਪ’ ਵਿਧਾਇਕਾਂ ਅਤੇ ਆਗੂਆਂ ਨੇ ਇੱਥੇ ਭਾਜਪਾ ਆਗੂਆਂ ਕੈਪਟਨ ਅਮਰਿੰਦਰ ਸਿੰਘ ਅਤੇ ਪਰਨੀਤ ਕੌਰ ਦੀ ਰਿਹਾਇਸ਼ ਮੋਤੀ ਮਹਿਲ ਅੱਗੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਵਿਧਾਇਕ ਦੇਵਮਾਨ ਅਤੇ ਕੁਲਵੰਤ ਬਾਜ਼ੀਗਰ, ਪੀਆਰਟੀਸੀ ਦੇ ਚੇਅਰਮੈਨ ਰਣਜੋਧ ਹਡਾਣਾ, ਲੋਕ ਸਭਾ ਹਲਕਾ ਇੰਚਾਰਜ ਇੰਦਰਜੀਤ ਸੰਧੂ, ਮੇਅਰ ਕੁੰਦਨ ਗੋਗੀਆ, ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਸਮੇਤ ਆਦਿ ਮੌਜੂਦ ਸਨ। ਇਸ ਦੌਰਾਨ ‘ਆਪ’ ਆਗੂਆਂ ਨੇ ਕੇਂਦਰ, ਹਰਿਆਣਾ ਸਰਕਾਰ, ਭਾਜਪਾ ਅਤੇ ਬੀਬੀਐੱਮਬੀ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾ ਕਿਹਾ ਕਿ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਤੋਂ ਵਾਧੂ ਪਾਣੀ ਲੈ ਚੁੱਕਾ ਹੈ ਪਰ ਹੁਣ 8500 ਕਿਊਸਿਕ ਪਾਣੀ ਦਾ ਡਾਕਾ ਮਾਰਨ ਦੀ ਕਾਰਵਾਈ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਹੋਰ ਕਿਹਾ ਕਿ ਕੇਂਦਰ ਤੇ ਭਾਜਪਾ ਦੀਆਂ ਹਰਿਆਣਾ, ਦਿੱਲੀ ਤੇ ਰਾਜਸਥਾਨ ਸਰਕਾਰਾਂ, ਪੰਜਾਬ ਤੇ ਪੰਜਾਬੀਆਂ ਖ਼ਿਲਾਫ਼ ਡੂੰਘੀ ਸਾਜ਼ਿਸ਼ ਕਰ ਰਹੀਆਂ ਹਨ, ਜਿਸ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।
ਸੰਗਰੂਰ (ਗੁਰਦੀਪ ਸਿੰਘ ਲਾਲੀ): ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਇਥੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਅੱਗੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਇਸ ਫੈਸਲੇ ਨੂੰ ਪੰਜਾਬ ਦੇ ਹੱਕਾਂ ਉਪਰ ਡਾਕਾ ਕਰਾਰ ਦਿੱਤਾ। ਇਸ ਮੌਕੇ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਪੰਜਾਬ ਦੇ ਹੱਕਾਂ ਉਪਰ ਡਾਕਾ ਹੈ ਜੋ ਕਿ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਇਸ ਤੋਂ ਪਹਿਲਾਂ ਬੜੇ ਸਪਸ਼ਟ ਲਫਜ਼ਾਂ ਵਿੱਚ ਭਾਖੜਾ ਡੈਮ ਪ੍ਰਬੰਧਕਾਂ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਕਰ ਚੁੱਕੇ ਹਨ ਕਿ ਪੰਜਾਬ ਕੋਲ ਦੇਣ ਲਈ ਇੱਕ ਬੂੰਦ ਵੀ ਪਾਣੀ ਵਾਧੂ ਨਹੀਂ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਾਡੇ ਹਿੱਸੇ ਦਾ ਪਾਣੀ ਪੂਰਾ ਕੀਤਾ ਜਾਵੇ, ਪਰ ਭਾਜਪਾ ਸਰਕਾਰ ਨੇ ਪੰਜਾਬ ਨਾਲ ਧੱਕਾ ਕਰਦੇ ਹੋਏ ਇਸ ਵਿੱਚੋਂ ਵੀ 8500 ਕਿਊਸਿਕ ਪਾਣੀ ਹਰਿਆਣੇ ਨੂੰ ਛੱਡ ਦਿੱਤਾ ਹੈ। ਢਿੱਲੋਂ ਨੇ ਕਿਹਾ ਕਿ ਪੰਜਾਬ ਜੋ ਕਿ ਖੇਤੀ ਪ੍ਰਧਾਨ ਸੂਬਾ ਹੈ, ਪਹਿਲਾਂ ਹੀ ਜਲ ਸੰਕਟ ਦੀ ਮਾਰ ਹੇਠ ਹੈ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ (ਲੱਖਾ) ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਨਾਲ ਬੇਇਨਸਾਫ਼ੀ ਕਰ ਰਹੀ ਹੈ ਪਰ ਪੰਜਾਬ ਦੇ ਭਾਜਪਾ ਨੇਤਾ ਮੂਕ ਦਰਸ਼ਕ ਬਣ ਕੇ ਇਹ ਸਭ ਤਮਾਸ਼ਾ ਵੇਖ ਰਹੇ ਹਨ।
ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ): ਪੰਜਾਬ ਅਤੇ ਹਰਿਆਣਾ ਦੇ ਪਾਣੀਆਂ ਦੇ ਮਸਲੇ ’ਤੇ ਬੀਬੀਐੱਮਬੀ ਦੀ ਪੰਜਾਬ ਨਾਲ ਵਧੀਕੀ ਖਿਲਾਫ਼ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਵੱਲੋਂ ਅੱਜ ਵਿੱਤ ਮੰਤਰੀ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ ਦੀ ਅਗਵਾਈ ਹੇਠ ਦਿੜ੍ਹਬਾ ਦੇ ਚੌਕ ਵਿੱਚ ਕੇਂਦਰ ਸਰਕਾਰ ਅਤੇ ਬੀਬੀਐੱਮਬੀ ਦਾ ਪੁਤਲਾ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਤੇ ਕੇਂਦਰ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਜੇ ਕੁਮਾਰ ਸਿੰਗਲਾ, ਰਣਜੀਤ ਖੇਤਲਾ ਆਦਿ ਹਾਜ਼ਰ ਸਨ।
ਮੂਨਕ (ਕਰਮਵੀਰ ਸਿੰਘ ਸੈਣੀ): ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰਾਂ ਵੱਲੋਂ ਬੀ.ਬੀ.ਐੱਮ.ਬੀ ਰਾਹੀਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ਖਿਲਾਫ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਮੂਨਕ ਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਸੀਰ ਮਲਾਣ, ਭੋਲਾ ਸਿੰਘ ਸੇਖੋਂ, ਅਰੁਣ ਜਿੰਦਲ, ਤਰਸੇਮ ਰਾਓ, ਹਰਜੀਤ ਸਿੰਘ ਸਮਰਾ, ਨਰਿੰਦਰ ਸਿੰਘ ਸੇਖੋ, ਮਹਾਂਵੀਰ ਸੈਣੀ, ਰਜੇਸ਼ ਕੁਮਾਰ, ਅਜਮੇਰ ਸਿੰਘ, ਜ਼ਿਲ੍ਹੇ ਸਿੰਘ, ਬਲਬੀਰ ਸਿੰਘ, ਗੁਰਵਿੰਦਰ ਸੰਧੂ ਤੇ ਨਛੱਤਰ ਰਾਓ ਆਦਿ ਮੌਜੂਦ ਸਨ।
ਸੁਨਾਮ ਊਧਮ ਸਿੰਘ ਵਾਲਾ (ਬੀਰਇੰਦਰ ਸਿੰਘ ਬਨਭੌਰੀ): ਵਿਧਾਨ ਸਭਾ ਹਲਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਅੱਜ ਮਾਤਾ ਮੋਦੀ ਚੌਕ ਵਿੱਚ ਪਾਣੀਆਂ ਦੇ ਮੁੱਦੇ ਨੂੰ ਲੈਕੇ ਰੋਹ ਭਰਪੂਰ ਧਰਨਾ ਦਿੱਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਵੱਖ-ਵੱਖ ਬੁਲਾਰਿਆਂ ਦਾ ਦੋਸ਼ ਸੀ ਕਿ ਪੰਜਾਬ ਨਾਲ ਪਾਣੀਆਂ ਦੀ ਵੰਡ ਵੇਲੇ ਪਹਿਲਾਂ ਹੀ ਧੱਕਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖ਼ਾਸ ਕਰ ਮਾਲਵੇ ਦੇ ਬਹੁਤ ਸਾਰੇ ਬਲਾਕ ਡਾਰਕ ਜ਼ੋਨ ਐਲਾਨੇ ਜਾ ਚੁੱਕੇ ਹਨ ਅਤੇ ਇਨ੍ਹਾਂ ਦਾ ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਸੂਬਾ ਸਰਕਾਰ ਵੱਲੋਂ ਯਤਨ ਜਾਰੀ ਹਨ।