ਆਬਕਾਰੀ ਤੇ ਕਰ ਵਿਭਾਗ ਵੱਲੋਂ ਜੀਐੱਸਟੀ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 10 ਜਨਵਰੀ
ਆਬਕਾਰੀ ਤੇ ਕਰ ਵਿਭਾਗ ਪੰਜਾਬ ਨੇ ਅੱਜ ਤੋਂ 10 ਫਰਵਰੀ ਤੱਕ ਇੱਕ ਮਹੀਨਾ ਚੱਲਣ ਵਾਲੀ ਜੀਐੱਸਟੀ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐੱਸਟੀ) ਰਜਿਸਟ੍ਰੇਸ਼ਨ ਲਈ ਜ਼ਿੰਮੇਵਾਰ ਸਾਰੇ ਡੀਲਰਾਂ ਨੂੰ ਜੀਐੱਸਟੀ ਢਾਂਚੇ ਦੇ ਅਧੀਨ ਲਿਆਂਦਾ ਜਾਵੇ। ਇਹ ਕਦਮ ਨਿਯਮਾਂ ਦੀ ਪਾਲਣਾ ਨੂੰ ਵਧਾਉਣ ਅਤੇ ਟੈਕਸ ਅਧਾਰ ਨੂੰ ਵਿਸ਼ਾਲ ਕਰਨ ਦੇ ਵਿਭਾਗ ਦੇ ਯਤਨਾਂ ਦਾ ਅਹਿਮ ਹਿੱਸਾ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਇਸ ਮੁਹਿੰਮ ਦੇ ਪਹਿਲੇ ਦਿਨ ਮੁਹਾਲੀ ਜ਼ਿਲ੍ਹੇ ਦੇ ਅਧਿਕਾਰੀਆਂ ਨੇ ਜ਼ਿਲ੍ਹੇ ਭਰ ਦੇ 85 ਡੀਲਰਾਂ ਦਾ ਦੌਰਾ ਕੀਤਾ। ਉਨ੍ਹਾਂ ਦੇ ਸਰਗਰਮ ਯਤਨਾਂ ਦੇ ਨਤੀਜੇ ਵਜੋਂ 24 ਡੀਲਰਾਂ ਲਈ ਜੀਐਸਟੀ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ। ਵਿਭਾਗ ਇਸ ਮੁਹਿੰਮ ਦੌਰਾਨ ਸਾਰੇ ਜ਼ਿੰਮੇਵਾਰ ਡੀਲਰਾਂ ਦੀ ਪਛਾਣ ਕਰਨ ਅਤੇ ਸਹਾਇਤਾ ਕਰਨ ਲਈ ਵਚਨਬੱਧ ਹੈ ਤਾਂ ਜੋ ਨਿਰਵਿਘਨ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੁਹਿੰਮ ਦਾ ਉਦੇਸ਼ ਮੁੱਖ ਤੌਰ ’ਤੇ ਸੇਵਾ ਖੇਤਰ ਦੇ ਡੀਲਰਾਂ ਦੀ ਪਛਾਣ ਅਤੇ ਰਜਿਸਟ੍ਰੇਸ਼ਨ ਹੈ। ਇਹ ਮੁਹਿੰਮ ਮਹੀਨਾ ਭਰ ਜਾਰੀ ਰਹੇਗੀ, ਜਿਸ ਤਹਿਤ ਜੀਐੱਸਟੀ ਰਜਿਸਟ੍ਰੇਸ਼ਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਜੀਐੱਸਟੀ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਜੁਰਮਾਨੇ ਤੋਂ ਬਚਣ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਡੀਲਰਾਂ ਦੀ ਸਹਾਇਤਾ ਕੀਤੀ ਜਾਵੇਗੀ। ਆਬਕਾਰੀ ਅਤੇ ਕਰ ਵਿਭਾਗ ਨੇ ਜੀਐੱਸਟੀ ਅਧੀਨ ਜ਼ਿੰਮੇਵਾਰ ਸਾਰੇ ਗੈਰ-ਰਜਿਸਟਰਡ ਡੀਲਰਾਂ ਨੂੰ ਰਜਿਸਟ੍ਰੇਸ਼ਨ ਪੂਰੀ ਕਰਨ ਦੀ ਅਪੀਲ ਕੀਤੀ। ਬੁਲਾਰੇ ਨੇ ਦੱਸਿਆ ਕਿ ਜੀਐੱਸਟੀ ਰਜਿਸਟ੍ਰੇਸ਼ਨ ਸਬੰਧੀ ਜ਼ਰੂਰੀ ਵੇਰਵਿਆਂ ਜਾਂ ਸਹਾਇਤਾ ਲਈ ਡੀਲਰ ਸਬੰਧਤ ਜ਼ਿਲ੍ਹਾ ਦਫ਼ਤਰਾਂ ਨਾਲ ਤਾਲਮੇਲ ਕਰ ਸਕਦੇ ਹਨ ਜਾਂ ਵਿਭਾਗ ਦੀ ਅਧਿਕਾਰਤ ਵੈੱਬਸਾਈਟ ’ਤੇ ਸਰੋਤਾਂ ਤੱਕ ਪਹੁੰਚ ਕੀਤੀ ਜਾ ਸਕਦੀ ਹੈ।