ਆਮ ਲੋਕਾਂ ਦੀ ਪਹਿਲੀ ਪਸੰਦ ਬਣੇ ਰਹੇ ਨੇ ਸਰਕਾਰੀ ਸਕੂਲ: ਚੱਢਾ
ਜਗਮੋਹਨ ਸਿੰਘ
ਰੂਪਨਗਰ, 29 ਮਾਰਚ
ਇਥੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਨੇ ਸ਼ਹਿਰ ਦੇ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮੈਗਾ ਪੀਟੀਐੱਮ (ਪੇਰੈਂਟਸ ਟੀਚਰ ਮੀਟਿੰਗ) ’ਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਬੱਚਿਆਂ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਬਦਲਾਅ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰੀ ਸਕੂਲ ਹੁਣ ਆਮ ਲੋਕਾਂ ਦੀ ਪਹਿਲੀ ਪਸੰਦ ਬਣਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ’ਚ ਬੱਚਿਆਂ ਦੀ ਪੜ੍ਹਾਈ ਨੂੰ ਬਿਹਤਰ ਬਣਾਉਣ ਤੇ ਉਨ੍ਹਾਂ ਦੇ ਸਰਵ-ਪੱਖੀ ਵਿਕਾਸ ਲਈ ਮਾਪੇ-ਅਧਿਆਪਕ ਮਿਲਣੀ ਦਾ ਵਧੇਰੇ ਯੋਗਦਾਨ ਹੈ। ਵਿਧਾਇਕ ਨੇ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਹੀ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਸਾਲਾਨਾ ਬਜਟ ਵਿਚ ਕਰੋੜਾਂ ਰੁਪਏ ਸਰਕਾਰੀ ਸਕੂਲਾਂ ਦੇ ਸਿੱਖਿਆ ਦੇ ਖੇਤਰ ਨੂੰ ਆਧੁਨਿਕ ਅਤੇ ਨਵੀਨੀਕਰਨ ਲਈ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ਦੀ ਜਗ੍ਹਾ ਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣੇ ਚਾਹੀਦੇ ਹਨ ਤਾਂ ਜੋ ਖਰਚੇ ਦੀ ਬਚਤ ਦੇ ਨਾਲ ਨਾਲ ਬੱਚਿਆਂ ਨੂੰ ਵਧੀਆਂ ਅਤੇ ਮਿਆਰੀ ਵਿੱਦਿਆ ਪ੍ਰਦਾਨ ਕਰਵਾਈ ਜਾ ਸਕੇ।