ਆਰਡੀਐੱਫ ਫੰਡਾਂ ਦੀ ਦੁਰਵਰਤੋਂ ਦੀ ਕੈਗ ਜਾਂਚ ਕਰੇ: ਬਾਜਵਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜਨਵਰੀ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖਿਆ ਹੈ ਜਿਸ ਵਿਚ ਸ੍ਰੀ ਬਾਜਵਾ ਨੇ ਪੰਜਾਬ ’ਚ ਆਰਡੀਐੱਫ ਫੰਡਾਂ ਦੀ ਕਥਿਤ ਦੁਰਵਰਤੋਂ ਦੇ ਦੋਸ਼ ਲਗਾਏ ਹਨ। ਇਸ ਦੇ ਨਾਲ ਹੀ ਪਿਛਲੇ ਦੋ ਸਾਲਾਂ ਵਿੱਚ ਜਾਰੀ ਕੀਤੇ ਫੰਡਾਂ ਦੀ ਕੈਗ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਬਾਜਵਾ ਨੇ ਪੱਤਰ ਵਿੱਚ ਦੋਸ਼ ਲਗਾਇਆ ਹੈ ਕਿ ਫਿਰੋਜ਼ਪੁਰ ਪੁਲੀਸ ਵੱਲੋਂ ਫੰਡਾਂ ਦੀ ਦੁਰਵਰਤੋਂ ਕਰਨ ਸਬੰਧੀ ਦਸੰਬਰ ਮਹੀਨੇ ਵਿੱਚ ਕੇਸ ਦਰਜ ਕੀਤਾ ਗਿਆ ਹੈ, ਪਰ ਉਸ ਵਿੱਚ ਕਿਸੇ ਨੂੰ ਨਾਮਜ਼ਦ ਨਹੀਂ ਕੀਤਾ ਗਿਆ ਹੈ।
ਸ੍ਰੀ ਬਾਜਵਾ ਨੇ ਕਿਹਾ ਕਿ 15ਵੇਂ ਵਿੱਤ ਕਮਿਸ਼ਨ ਤਹਿਤ ਪੰਜਾਬ ਨੂੰ 4534 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ। ਇਸ ਫੰਡ ਨੂੰ ਅੱਗੇ ਪੰਚਾਇਤੀ ਰਾਜ ਸੰਸਥਾਵਾਂ ਨੂੰ ਜਾਰੀ ਕੀਤਾ ਜਾਂਦਾ ਹੈ। ਇਸ ਵਿੱਚੋਂ 1.80 ਕਰੋੜ ਰੁਪਏ ਦੀ ਰਾਸ਼ੀ ਦੀ ਦੁਰਵਰਤੋਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਇਕ ਇੰਡਸਟਰੀ ਨੂੰ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਫਿਰੋਜ਼ਪੁਰ ਪੁਲੀਸ ਨੇ ਕੇਸ ਦਰਜ ਕੀਤਾ ਹੈ, ਪਰ ਇਸ ਵਿੱਚ ਕਿਸੇ ਦਾ ਵੀ ਨਾਮ ਸ਼ਾਮਲ ਨਹੀਂ ਕੀਤਾ ਗਿਆ ਹੈ। ਕਾਂਗਰਸ ਦੇ ਸੀਨੀਅਰ ਆਗੂ ਨੇ ਕੇਂਦਰੀ ਖੇਤੀਬਾੜੀ ਮੰਤਰੀ ਤੋਂ ਮੰਗ ਕੀਤੀ ਕਿ ਉਕਤ ਮਾਮਲੇ ਦੀ ਕੈਗ ਤੋਂ ਜਾਂਚ ਕਰਵਾਈ ਜਾਵੇ ਤਾਂ ਕਿ ਸੱਚ ਸਾਹਮਣੇ ਆ ਸਕੇ।