ਇਫਟੂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜੇ ਮੌਕੇ ਕਾਨਫਰੰਸ
ਨਵਾਂਸ਼ਹਿਰ, 2 ਮਈ
ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਵੱਲੋਂ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਮਜ਼ਦੂਰ ਸੰਮੇਲਨ ਕਰਵਾਇਆ ਗਿਆ। ਸ਼ਹਿਰ ’ਚ ਮੁਜ਼ਾਹਰਾ ਕਰਨ ਮਗਰੋਂ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਨਵਾਂਸ਼ਹਿਰ ’ਤੇ ਇਕੱਠ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੂਬਾ ਸਕੱਤਰ ਅਵਤਾਰ ਸਿੰਘ ਤਾਰੀ, ਸੂਬਾ ਪ੍ਰੈੱਸ ਸਕੱਤਰ ਜਸਬੀਰ ਦੀਪ ਨੇ ਕਿਹਾ ਕਿ ਇਹ ਮਈ ਦਿਵਸ ਅਜਿਹੇ ਸਮੇਂ ਆਇਆ ਹੈ ਜਦੋਂ ਕਿਰਤੀ ਵਰਗ ਅਤੇ ਆਮ ਲੋਕ ਡੀਜ਼ਲ, ਗੈਸ ਵਰਗੀਆਂ ਤੇਲ ਦੀਆਂ ਕੀਮਤਾਂ ਸਮੇਤ ਹੋਰ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਹੇਠ ਦੱਬੇ ਜਾ ਰਹੇ ਹਨ। ਇਫਟੂ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਰੱਕੜ, ਜ਼ਿਲ੍ਹਾ ਸਕੱਤਰ ਪਰਵੀਨ ਕੁਮਾਰ ਨਿਰਾਲਾ ਆਟੋ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਨੀਤ ਬਛੌੜੀ, ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ਕੁੰਤਲਾ ਸਰੋਏ ਨੇ ਕਿਹਾ ਕਿ ਅੱਜ ਕੌਮੀ ਪੱਧਰ ਅਤੇ ਕੌਮਾਂਤਰੀ ਪੱਧਰ ਉੱਤੇ ਕਿਰਤੀ ਵਰਗ ਅੱਗੇ ਬੜੀਆਂ ਵੱਡੀਆਂ ਚਣੌਤੀਆਂ ਹਨ। ਇਸ ਮੌਕੇ ਡੀ.ਟੀ.ਐਫ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਔਜਲਾ, ਪੇਂਡੂ ਮਜਦੂਰ ਯੂਨੀਅਨ ਦੇ ਆਗੂ ਕਮਲਜੀਤ ਸਨਾਵਾ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਔੜ ਦੇ ਪ੍ਰਧਾਨ ਡਾਕਟਰ ਅਸ਼ੋਕ ਸ਼ਰਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਆਜ਼ਾਦ ਕਲਾ ਮੰਚ ਫਗਵਾੜਾ ਵੱਲੋਂ ਬੀਬਾ ਕੁਲਵੰਤ ਕੌਰ ਦੀ ਨਿਰਦੇਸ਼ਨਾ ਹੇਠ ‘ਦਿ ਗ੍ਰੇਟ ਅੰਬੇਡਕਰ’ ਨਾਟਕ ਖੇਡਿਆ ਗਿਆ ਅਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ।