‘ਇੱਕ ਦੇਸ਼ ਇੱਕ ਚੋਣ’ ਯੋਜਨਾ ਭਾਰਤ ਲਈ ਅਹਿਮ: ਸੋਮ ਪ੍ਰਕਾਸ਼
ਪੱਤਰ ਪ੍ਰੇਰਕ
ਫਗਵਾੜਾ, 28 ਮਾਰਚ
ਇੱਥੇ ਲਘੂ ਉਦਯੋਗ ਭਾਰਤੀ ਦੀ ਮੀਟਿੰਗ ਸੰਗਠਨ ਦੇ ਸੂਬਾਈ ਉਪ ਪ੍ਰਧਾਨ ਅਸ਼ੋਕ ਸੇਠੀ (ਫਾਈਨ ਸਵਿੱਚ) ਦੇ ਦਫ਼ਤਰ ਵਿੱਚ ਹੋਈ। ਮੀਟਿੰਗ ਦੌਰਾਨ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਦੌਰਾਨ ਉਨ੍ਹਾਂ ਭਾਰਤ ਸਰਕਾਰ ਦੀ ‘ਇੱਕ ਰਾਸ਼ਟਰ ਇੱਕ ਚੋਣ’ ਯੋਜਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ’ਚ ਹਰ ਸਾਲ ਕੋਈ ਨਾ ਕੋਈ ਚੋਣ ਹੁੰਦੀ ਹੈ ਤੇ ਦੇਸ਼ ਨੂੰ ਭਾਰੀ ਵਿੱਤੀ ਨੁਕਸਾਨ ਹੁੰਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਐੱਨਡੀਏ ਸਰਕਾਰ ਦਾ ਵਿਚਾਰ ਹੈ ਕਿ ਕੇਂਦਰ ਅਤੇ ਰਾਜ ਵਿਧਾਨ ਸਭਾਵਾਂ ਦੀਆਂ ਚੋਣਾਂ ਹਰ ਪੰਜ ਸਾਲਾਂ ਬਾਅਦ ਇਕੱਠੀਆਂ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਸਮੇਂ ਤੇ ਪੈਸੇ ਦੀ ਬਰਬਾਦੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ ਭਾਰਤ ਵਰਗੇ ਵੱਡੇ ਦੇਸ਼ ’ਚ ਚੋਣਾਂ ’ਤੇ ਹੋਣ ਵਾਲਾ ਭਾਰੀ ਖਰਚਾ ਕਾਫ਼ੀ ਹੱਦ ਤੱਕ ਘਟ ਜਾਵੇਗਾ ਅਤੇ ਦੇਸ਼ ਦੇ ਖਜ਼ਾਨੇ ’ਤੇ ਪੈ ਰਿਹਾ ਭਾਰੀ ਬੋਝ ਹਲਕਾ ਹੋਵੇਗਾ। ਇਸ ਤੋਂ ਇਲਾਵਾ ਹਰ ਸਾਲ ਕਿਸੇ ਨਾ ਕਿਸੇ ਰਾਜ ’ਚ ਹੋਣ ਵਾਲੀਆਂ ਚੋਣਾਂ ਕਾਰਨ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਲਾਗੂ ਕਰਨ ’ਚ ਆਉਣ ਵਾਲੀਆਂ ਰੁਕਾਵਟਾਂ ਨੂੰ ਵੀ ਦੂਰ ਕੀਤਾ ਜਾ ਸਕੇਗਾ।