ਉਗਰਾਹਾਂ ਜਥੇਬੰਦੀ ਦੇ ਕਾਰਕੁਨਾਂ ਵੱਲੋਂ ਥਾਣੇ ਅੱਗੇ ਧਰਨਾ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਪੀੜਤ ਕਿਸਾਨ ਅਵਤਾਰ ਸਿੰਘ ਜੌਲੀਆਂ ਦੀ ਜ਼ਮੀਨ ’ਚੋਂ ਪ੍ਰਸ਼ਾਸਨ ਦੀ ਕਥਿਤ ਸ਼ਹਿ ’ਤੇ ਰਾਤ ਨੂੰ ਤਿੰਨ ਵਜੇ ਕਣਕ ਵੱਢਣ ਖ਼ਿਲਾਫ਼ ਅੱਜ ਇੱਥੇ ਥਾਣੇ ਅੱਗੇ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਪਿੰਡ ਜੌਲੀਆਂ ਦੇ ਕਿਸਾਨ ਅਵਤਾਰ ਸਿੰਘ ਦੀ 12 ਵਿੱਘੇ ਜ਼ਮੀਨ ਬਲਜਿੰਦਰ ਸਿੰਘ ਆਹਲੋਵਾਲ ਨੇ ਲਗਪਗ 30 ਸਾਲ ਪਹਿਲਾਂ ਆੜ੍ਹਤੀਏ ਨਾਲ ਮਿਲ ਕੇ ਹੇਰਾਫੇਰੀ ਅਤੇ ਧੋਖੇ ਨਾਲ ਆਪਣੇ ਨਾਂ ਕਰਵਾ ਲਈ ਸੀ। ਜਿਸ ਦੀ ਲੜਾਈ ਅਵਤਾਰ ਸਿੰਘ ਲਗਾਤਾਰ ਲੜ ਰਿਹਾ ਸੀ। ਇਸੇ ਦੌਰਾਨ ਮਾਨਸਿਕ ਪੀੜਾ ਦੇ ਚੱਲਦਿਆਂ ਅਵਤਾਰ ਸਿੰਘ ਦੀ ਮੌਤ ਹੋ ਗਈ। ਇਸ ਧੱਕੇਸ਼ਾਹੀ ਖ਼ਿਲਾਫ਼ ਯੂਨੀਅਨ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੀੜਤ ਕਿਸਾਨ ਦੀ ਜ਼ਮੀਨ ’ਤੇ ਕਬਜ਼ਾ ਬਰਕਰਾਰ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਸ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਧਰਨੇ ਮਗਰੋਂ ਮੁਜ਼ਾਹਰਾ ਵੀ ਕੀਤਾ ਗਿਆ। ਇਸ ਸਬੰਧੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਅਦਾਲਤ ਨੇ ਜ਼ਮੀਨ ਦਾ ਫੈਸਲਾ ਉਸ ਦੇ ਹੱਕ ਵਿੱਚ ਦਿੱਤਾ ਹੈ ਜਿਸ ਦੇ ਆਧਾਰ ’ਤੇ ਉਹ ਕਾਨੂੰਨੀ ਤੌਰ ’ਤੇ ਜ਼ਮੀਨ ਦਾ ਮਾਲਕ ਹੈ। ਥਾਣਾ ਮੁਖੀ ਇੰਸਪੈਕਟਰ ਗੁਰਨਾਮ ਸਿੰਘ ਨੇ ਸਪੱਸ਼ਟ ਕੀਤਾ ਕਿ ਸਬੰਧਤ ਧਿਰ ਨੇ ਅਦਾਲਤ ਦੇ ਹੁਕਮਾਂ ਅਨੁਸਾਰ ਕਾਰਵਾਈ ਕੀਤੀ ਹੈ। ਪੁਲੀਸ ਦੀ ਮਾਮਲੇ ਵਿੱਚ ਕੋਈ ਭੂਮਿਕਾ ਨਹੀਂ ਹੈ।