ਉਗਰਾਹਾਂ ਜਥੇਬੰਦੀ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ
ਭਵਾਨੀਗੜ੍ਹ, 10 ਅਪਰੈਲ
ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਫੱਗੂਵਾਲਾ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਬਲਾਕ ਖ਼ਜ਼ਾਨਚੀ ਬਲਵਿੰਦਰ ਸਿੰਘ ਘਨੌੜ ਅਤੇ ਪ੍ਰਚਾਰ ਸਕੱਤਰ ਕਰਮ ਚੰਦ ਪੰਨਵਾਂ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦਾ ਪਿੰਡ ਚਾਉਕੇ ਜਿਥੇ ਇੱਕ ਆਦਰਸ਼ ਸਕੂਲ ਚਾਉਕੇ ਬਠਿੰਡਾ ਵਿੱਚ ਮੈਨੇਜਮੈਂਟ ਦੇ ਭ੍ਰਿਸ਼ਟਾਚਾਰ, ਅਧਿਆਪਕਾਂ ਦੇ ਸ਼ੋਸ਼ਣ ਖ਼ਿਲਾਫ਼ ਸੰਘਰਸ਼ ਕਰ ਰਹੇ ਲੋਕਾਂ ਖ਼ਿਲਾਫ਼ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੁਲੀਸ ਵੱਲੋਂ ਬੇਕਿਰਕੀ ਨਾਲ ਜ਼ੁਲਮ ਢਾਹਿਆ ਗਿਆ। ਛੋਟੀਆਂ ਬਾਲੜੀਆਂ ਤੋਂ 80 ਸਾਲ ਦੀਆਂ ਬਿਰਧ ਔਰਤਾਂ ਨੂੰ ਥਾਣਿਆਂ ਵਿੱਚ ਘਸੀਟਿਆ ਗਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਇਸ ਜਬਰ ਵਿਰੁੱਧ 12 ਅਪਰੈਲ ਨੂੰ ਅਨਾਜ ਮੰਡੀ ਰਾਮਪੁਰਾ ਫੂਲ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਵੱਲੋਂ ਇੱਕ ਵਿਸ਼ਾਲ ਰੈਲੀ ਰੱਖੀ ਗਈ ਹੈ। ਉਨ੍ਹਾਂ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।