ਏਐੱਸ ਕਾਲਜ ਵਿੱਚ ਵਾਤਾਵਰਨ ਸੰਭਾਲ ਪ੍ਰੋਗਰਾਮ
ਨਿੱਜੀ ਪੱਤਰ ਪ੍ਰੇਰਕ
ਖੰਨਾ, 4 ਜੂਨ
ਇਥੋਂ ਦੇ ਏਐੱਸ ਕਾਲਜ ਆਫ ਐਜੂਕੇਸ਼ਨ ਵਿੱਚ ਸਟੇਟ ਨੋਡਲ ਏਜੰਸੀ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੌਜੀ ਦੀ ਅਗਵਾਈ ਹੇਠ ਭਾਰਤ ਸਰਕਾਰ ਦੇ ਸਹਿਯੋਗ ਨਾਲ ਵਾਤਾਵਰਨ ਸੰਭਾਲ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਡਾ. ਸ਼ਿਲਪੀ ਅਰੋੜਾ ਅਤੇ ਅਲਕਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਦਿਨੋਂ ਦਿਨ ਗੰਧਲੇ ਹੋ ਰਹੇ ਵਾਤਾਵਰਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਵਾਤਾਵਰਨ ਸ਼ੁੱਧਤਾ ਅਤੇ ਭਵਿੱਖ ਵਿੱਚ ਭਿਆਨਕ ਬਿਮਾਰੀਆਂ ਤੋਂ ਬਚਾਅ ਲਈ ਬੂਟੇ ਲਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅਪੀਲ ਕੀਤੀ ਕਿ ਹਰ ਵਿਅਕਤੀ ਇਕ ਪੌਦਾ ਲਾ ਕੇ ਉਸ ਦੀ ਸੇਵਾ ਸੰਭਾਲ ਕਰੇੇ। ਵਿਦਿਆਰਥੀਆਂ ਨੇ ਵਾਤਾਵਰਣ ਸੰਭਾਲ ਵਿਸ਼ੇ ਤੇ ਭਾਸ਼ਨ ਅਤੇ ਕਵਿਤਾਵਾਂ ਪੇਸ਼ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਅਤੇ ਸਟਾਫ ਮੈਬਰਾਂ ਨੇ ਪ੍ਰਿੰਸੀਪਲ ਡਾ.ਪਵਨ ਕੁਮਾਰ ਦੀ ਅਗਵਾਈ ਹੇਠਾਂ ਬੂਟੇ ਲਾਉਂਦਿਆਂ ਵਾਤਾਵਰਨ ਰੱਖਿਆ ਲਈ ਸਹੁੰ ਚੁੱਕੀ। ਕਾਲਜ ਪ੍ਰਬੰਧਕ ਕਮੇਟੀ ਦੇ ਵਿਜੈ ਡਾਇਮੰਡ, ਜਤਿੰਦਰ ਦੇਵਗਨ, ਰਾਜੇਸ਼ ਡਾਲੀ, ਸੰਜੀਵ ਧਮੀਜਾ, ਸੁਬੋਧ ਮਿੱਤਲ ਨੇ ਕਾਲਜ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ।