ਏਟਕ, ਸੀਟੂ, ਸੀਟੀਯੂ ਤੇ ਇੰਟਕ ਆਗੂਆਂ ਦੀ ਸਾਂਝੀ ਮੀਟਿੰਗ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਜੂਨ
ਏਟਕ, ਸੀਟੂ, ਸੀਟੀਯੂ ਪੰਜਾਬ ਅਤੇ ਇੰਟਕ ਦੇ ਆਗੂਆਂ ਦੀ ਇੱਕ ਸਾਂਝੀ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਕਾਮਰੇਡ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮੰਤਰੀ ਮੰਡਲ ਵੱਲੋਂ ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਐਕਟ 1958 ਵਿੱਚ ਮਜ਼ਦੂਰਾਂ ਅਤੇ ਮੁਲਾਜ਼ਮ ਵਿਰੋਧੀ ਸੋਧਾਂ ਦੀ ਨਿਖੇਧੀ ਕਰਦਿਆਂ 15 ਜੂਨ ਨੂੰ ਹਲਕਾ ਪੱਛਮੀ ਲੁਧਿਆਣਾ ਵਿੱਚ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਕੇ ‘ਆਪ’ ਉਮੀਦਵਾਰ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕਰਕੇ ਇਨ੍ਹਾਂ ਸੋਧਾਂ ਨੂੰ ਵਾਪਸ ਕਰਾਉਣ ਲਈ ਜ਼ੋਰ ਪਾਇਆ ਜਾਵੇਗਾ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਮਾਏਦਾਰ ਤਾਕਤਾਂ ਨੂੰ ਖੁਸ਼ ਕਰਨ ਲਈ ਸਰਕਾਰ ਨੇ ਕਿਰਤ ਕਾਨੂੰਨਾਂ ਵਿੱਚ ਸੋਧ ਕਰਕੇ 20 ਕਾਮਿਆਂ ਵਾਲੀਆਂ ਫੈਕਟਰੀਆਂ ਅਤੇ ਦੁਕਾਨਾਂ ਨੂੰ ਰਜਿਸਟਰੇਸ਼ਨ ਤੋਂ ਛੋਟ ਦੇ ਦਿੱਤੀ ਹੈ ਅਤੇ ਮਜ਼ਦੂਰਾਂ ਦੀ ਦਿਹਾੜੀ ਅੱਠ ਤੋਂ ਵਧਾ ਕੇ 12 ਘੰਟੇ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਘੱਟੋ ਘੱਟ ਉਜਰਤ ਪਿਛਲੇ 12 ਸਾਲ ਤੋਂ ਨਹੀਂ ਵਧਾਈ ਗਈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਟਰੇਡ ਯੂਨੀਅਨਾਂ ਵੱਲੋਂ ਇੱਕ ਸਾਂਝਾ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਰਕਾਰ ਖ਼ਿਲਾਫ਼ ਮਜ਼ਦੂਰਾਂ ਨਾਲ ਕੀਤੇ ਜਾ ਰਹੇ ਧੱਕੇ ਵਿਰੁੱਧ ਗੁੱਸੇ ਦਾ ਇਜ਼ਹਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਰੋਸ ਮਾਰਚ ਕਰਨ ਤੋਂ ਬਾਅਦ ‘ਆ’ਪ ਦੇ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਦਫ਼ਤਰ ਅੱਗੇ ਕਾਲੇ ਝੰਡੇ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਜਿੰਨਾ ਚਿਰ ਸਰਕਾਰ ਇਨ੍ਹਾਂ ਸੋਧਾਂ ਨੂੰ ਵਾਪਸ ਨਹੀਂ ਲੈਂਦੀ ਓਨਾ ਚਿਰ ਤੱਕ ਮਜ਼ਦੂਰਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਮੀਟਿੰਗ ਵਿੱਚ ਵਿਜੇ ਕੁਮਾਰ, ਸੁਖਮਿੰਦਰ ਸਿੰਘ ਲੋਟੇ, ਜਗਦੀਸ਼ ਚੰਦ, ਐਡਵੋਕੇਟ ਸਰਬਜੀਤ ਸਿੰਘ ਸਰਹਾਲੀ, ਐਮਐਸ ਭਾਟੀਆ, ਪਰਮਜੀਤ ਸਿੰਘ, ਬਲਜੀਤ ਸਿੰਘ ਸ਼ਾਹੀ, ਸਮਰ ਬਹਾਦਰ, ਰਾਮ ਲਾਲ, ਕੇਵਲ ਸਿੰਘ ਬਨਵੈਤ, ਰਾਮ ਬ੍ਰਿਸ਼ ਯਾਦਵ, ਸੁਦੇਸ਼ਵਰ ਤਿਵਾੜੀ, ਗੁਰਜੀਤ ਸਿੰਘ ਜਗਪਾਲ, ਐਸਕੇ ਤਿਵਾੜੀ ਅਤੇ ਮਾਸਟਰ ਫਿਰੋਜ਼ ਹਾਜ਼ਰ ਸਨ।