ਏਡੀਏ ਨੇ ਅਣ-ਅਧਿਕਾਰਤ ਕਲੋਨੀ ਢਾਹੀ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 15 ਸਤੰਬਰ
ਅੰਮ੍ਰਿਤਸਰ ਵਿਕਾਸ ਅਥਾਰਿਟੀ (ਏਡੀਏ) ਦੇ ਰੈਗੂਲੇਟਰੀ ਵਿੰਗ ਵੱਲੋਂ ਅਣ-ਅਧਿਕਾਰਤ ਕਲੋਨੀਆਂ ਉਸਾਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਜਾਰੀ ਰੱਖਦੇ ਹੋਏ ਅੱਜ ਸਥਾਨਕ ਮਜੀਠਾ ਰੋਡ ’ਤੇ ਪਿੰਡ ਨਾਗ ਵਿੱਚ ਬਣ ਰਹੀ ਅਣ-ਅਧਿਕਾਰਤ ਕਲੋਨੀ ਨੂੰ ਢਾਹ ਦਿੱਤਾ ਗਿਆ। ਏਡੀਏ ਦੇ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਨੇ ਦੱਸਿਆ ਕਿ ਗ਼ੈਰਕਾਨੂੰਨੀ ਕਲੋਨੀ ਦੇ ਮਾਲਕ ਨੂੰ ਬਾਕਾਇਦਾ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਬਿਨਾਂ ਮਨਜ਼ੂਰੀ ਤੋਂ ਚੱਲ ਰਹੇ ਕੰਮ ਨੂੰ ਰੋਕਣ ਲਈ ਵੀ ਕਈ ਵਾਰ ਕਿਹਾ ਗਿਆ ਸੀ ਪਰ ਇਸ ਨੇ ਸਰਕਾਰੀ ਹੁਕਮਾਂ ਦੀ ਪ੍ਰਵਾਹ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀ ਦੀ ਮਨਜ਼ੂਰੀ ਤੋਂ ਬਿਨਾਂ ਵਿਕਸਿਤ ਹੋ ਰਹੀਆਂ ਹੁਣ ਤੱਕ 9 ਨਵੀਆਂ ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਢਾਹਿਆ ਜਾ ਚੁੱਕਾ ਹੈ। ਉਨ੍ਹਾਂ ਦਸਿਆ ਕਿ ਇਸ ਤੋਂ ਇਲਾਵਾ ਕੁਝ ਹੋਰ ਕਲੋਨੀਆਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੁਣ ਤੱਕ 48 ਅਣ-ਅਧਿਕਾਰਿਤ ਕਲੋਨੀ ਮਾਲਕ ਵਿਰੁੱਧ ਐੱਫਆਈਆਰ ਦਰਜ ਕਰਨ ਲਈ ਪੁਲੀਸ ਕਮਿਸ਼ਨਰ ਅਤੇ ਐੱਸਐੱਸਪੀ ਦਿਹਾਤੀ, ਅੰਮ੍ਰਿਤਸਰ ਨੂੰ ਲਿਖਿਆ ਜਾ ਚੁੱਕਿਆ ਹੈ। ਟਾਊਨ ਪਲਾਨਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮਨਜ਼ੂਰ ਨਹੀਂ ਹਨ, ਵਿਚ ਆਪਣੇ ਪਲਾਟ ਨਾ ਲੈਣ ਅਤੇ ਇਸ ਸਬੰਧੀ ਏਡੀਏ ਦੇ ਦਫਤਰ ਤੋਂ ਜਾਣਕਾਰੀ ਪ੍ਰਾਪਤ ਕਰ ਲੈਣ।