ਏਡੀਸੀ ਵੱਲੋਂ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ
ਸੰਗਰੂਰ, 6 ਅਪਰੈਲ
ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ 7 ਅਪਰੈਲ ਤੋਂ 31 ਮਈ ਤੱਕ ਕਰਵਾਏ ਜਾਣ ਵਾਲੇ ਵੱਖ ਵੱਖ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗਰੇਡ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਹਰ ਪੱਖੋਂ ਸਰਵੋਤਮ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਲਈ ਉਸਾਰੂ ਮਾਹੌਲ ਸਿਰਜਣ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦੇ ਰਹਿਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਸਰਕਾਰ ਵੱਲੋਂ ਸਕੂਲਾਂ ਵਿੱਚ ਕਰਵਾਏ ਸਿਵਲ ਕੰਮਾਂ ਦਾ ਉਦਘਾਟਨ ਕਰਨ ਲਈ 7 ਅਪਰੈਲ ਤੋਂ 31 ਮਈ ਤੱਕ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਲਈ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਨੂੰ ਨੋਡਲ ਅਫਸਰ ਤਾਇਨਾਤ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਸਕੂਲਾਂ ਦੇ ਸਾਹਮਣੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ ਅਤੇ ਸਕੂਲਾਂ ਦੇ ਆਲੇ ਦੁਆਲੇ ਕੂੜੇ ਦੇ ਡੰਪ ਨਾ ਲੱਗਣ ਦਿੱਤੇ ਜਾਣ। ਮੀਟਿੰਗ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਮਨਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਬਲਜਿੰਦਰ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।