ਏਡੀਸੀ ਵੱਲੋਂ ਸ਼ਰਧਾਂਜਲੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ
ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 13 ਜਨਵਰੀ
ਇਥੇ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ 17 ਜਨਵਰੀ ਨੂੰ ਕਰਵਾਏ ਜਾ ਰਹੇ ਸੂਬਾ ਪੱਧਰੀ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਸਮਾਰਕ ਵਾਲੇ ਸਥਾਨ ਦਾ ਦੌਰਾ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 66ਸਿੱਖ ਕੂਕਾ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਇਸ ਰਾਜ ਪੱਧਰੀ ਸਮਾਗਮ ਸ਼ਰਧਾਂਜਲੀ ਸਮਾਗਮ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਮਾਲ ਤੇ ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ,ਜਲ ਸਪਲਾਈ ਤੇ ਸੈਨੀਟੇਸ਼ਨ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨਾਮਧਾਰੀ ਟਰੱਸਟ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਤਿਆਰੀਆਂ ਸਬੰਧੀ ਜਾਣਕਾਰੀ ਹਾਸਲ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਅਤੇ ਕਿਹਾ ਕਿ ਸਮੁੱਚੇ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਇਆ ਜਾਵੇ। ਕਾਰਜਸਾਧਕ ਅਫ਼ਸਰ ਮਾਲੇਰਕੋਟਲਾ ਨੂੰ ਸਮਾਰਕ ਵਾਲੇ ਸਥਾਨ ਅਤੇ ਇਸ ਦੇ ਆਲੇ ਦੁਆਲੇ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ। ਇਸ ਮੌਕੇ ਕਾਰਜਸਾਧਕ ਅਫ਼ਸਰ ਅਪਰਅਪਾਰ ਸਿੰਘ, ਸਹਾਇਕ ਲੋਕ ਸੰਪਰਕ ਅਫ਼ਸਰ ਦੀਪਕ ਕਪੂਰ, ਸ੍ਰੀ ਗੁਰਸੇਵਕ ਸਿੰਘ ਨਾਮਧਾਰੀ, ਸੈਨੇਟਰੀ ਇੰਸਪੈਕਟਰ ਗੁਰਇੰਦਰ ਸਿੰਘ, ਸੈਨੇਟਰੀ ਸੁਪਰਵਾਈਜ਼ਰ ਪਰਮਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।