ਐਡਵੋਕੇਟ ਘੁੰਮਣ ਦੀ ਪਤਨੀ ਵੱਲੋਂ ਘਰ-ਘਰ ਚੋਣ ਪ੍ਰਚਾਰ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਜੂਨ
ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਉਨ੍ਹਾਂ ਦੀ ਪਤਨੀ ਅਤੇ ਬੇਟੀ ਇਸ਼ਵਿਨ ਕੌਰ ਵੱਲੋਂ ਚੋਣ ਮੁਹਿੰਮ ਦੌਰਾਨ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜਿੱਥੇ ਇਨ੍ਹਾਂ ਨੂੰ ਵੋਟਰਾਂ ਵੱਲੋਂ ਤਕੜਾ ਹੁੰਗਾਰਾ ਮਿਲ ਰਿਹਾ ਹੈ ਉੱਥੇ ਇਹ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਹਲਕਾ ਪੱਛਮੀ ਦੇ ਏਜੰਡੇ ਬਾਰੇ ਜਾਣਕਾਰੀ ਦੇ ਰਹੇ ਹਨ।
ਐਡਵੋਕੇਟ ਘੁੰਮਣ ਨੇ ਮਾਡਲ ਗ੍ਰਾਮ, ਰਿਸ਼ੀ ਨਗਰ, ਭਾਈ ਰਣਧੀਰ ਸਿੰਘ ਨਗਰ ਵਿੱਚ ਮੀਟਿੰਗਾਂ ਨੂੰ ਸੰਬੋਧਨ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਵਾਏ ਝੂਠੇ ਵਾਅਦੇ ਤੇ ਫੋਕੇ ਦਾਅਵੇ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਕਰ ਰਹੀ ਜਿਸ ਕਾਰਨ ਲੋਕ ਇਸ ਸਰਕਾਰ ਨੂੰ ਸਬਕ ਸਿਖਾਉਣ ਦਾ ਮਨ ਬਣਾਈ ਬੈਠੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਕੰਮਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ।
ਇਸ ਦੌਰਾਨ ਐਡਵੋਕੇਟ ਘੁੰਮਣ ਦੀ ਪਤਨੀ ਅਤੇ ਉਨਾਂ ਦੀ ਬੇਟੀ ਇਛਵਿਨ ਕੌਰ ਨੇ ਵੀ ਵੱਖ-ਵੱਖ ਇਲਾਕਿਆਂ ਵਿੱਚ ਵੋਟਰਾਂ ਨਾਲ ਸੰਪਰਕ ਕਰਕੇ ਸ਼੍ਰੋਮਣੀ ਅਕਾਲੀ ਦਲ ਲਈ ਵੋਟਾਂ ਮੰਗੀਆਂ। ਇਸ਼ਵਿਨ ਕੌਰ ਨੇ ਕਿਹਾ ਕਿ ਪੰਜਾਬ ਨੂੰ ਇਸ ਵਕਤ ਖੇਤਰੀ ਪਾਰਟੀ ਦੀ ਬਹੁਤ ਜ਼ਰੂਰਤ ਹੈ ਜੋ ਉਨ੍ਹਾਂ ਦੇ ਭਵਿੱਖ ਦੀ ਰਾਖੀ ਕਰ ਸਕੇ। ਉਨ੍ਹਾਂ ਕਿਹਾ ਕਿ ਰਾਸ਼ਟਰੀ ਪੱਧਰ ਦੀਆਂ ਪਾਰਟੀਆਂ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਨਾਲ ਖਿਲਵਾੜ ਕਰ ਰਹੀਆਂ ਹਨ ਜਦਕਿ ਪੰਜਾਬ ਨੂੰ ਸਿਰਫ਼ ਖੇਤਰੀ ਪਾਰਟੀ ਹੀ ਬਚਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ ਤਾਂ ਜੋ 2027 ਦੀ ਚੋਣ ਵਿੱਚ ਅਕਾਲੀ ਦਲ ਦੀ ਸਰਕਾਰ ਦੇ ਗਠਨ ਦਾ ਨੀਹ ਪੱਥਰ ਰੱਖਿਆ ਜਾ ਸਕੇ।