ਐਲਬਰਟ ਦੂਆ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਜੂਨ
ਹਲਕਾ ਪੱਛਮੀ ਦੇ ਘੱਟ ਗਿਣਤੀਆਂ ਭਾਈਚਾਰੇ ਦੇ ਸਰਬ ਸਾਂਝੇ ਉਮੀਦਵਾਰ ਅਤੇ ਕ੍ਰਿਸਚੀਅਨ ਯੂਨਾਈਟਡ ਫੈਡਰੇਸ਼ਨ ਦੇ ਪ੍ਰਧਾਨ ਐਲਬਰਟ ਦੂਆ ਵੱਲੋਂ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਨ੍ਹਾਂ ਵਿੱਚ ਇਸਾਈ ਭਾਈਚਾਰੇ ਤੋਂ ਇਲਾਵਾ ਵੱਖ-ਵੱਖ ਵਰਗਾਂ ਅਤੇ ਖਾਸ ਕਰਕੇ ਘੱਟ ਗਿਣਤੀਆਂ ਦੇ ਪ੍ਰਤੀਨਿਧ ਸ਼ਾਮਲ ਹੋ ਕੇ ਆਪਣਾ ਸਮਰਥਨ ਦੇ ਰਹੇ ਹਨ।
ਅਲਬਰਟ ਦੂਆ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਨਗਰ ਅਤੇ ਰਾਜਗੁਰੂ ਨਗਰ ਵਿੱਚ ਚੋਣ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਵੋਟਰਾਂ ਨੂੰ ਘੱਟ ਗਿਣਤੀ ਭਾਈਚਾਰੇ ਦੀ ਆਵਾਜ਼ ਵਿਧਾਨ ਸਭਾ ਵਿੱਚ ਬੁਲੰਦ ਕਰਨ ਦਾ ਵਾਅਦਾ ਕੀਤਾ। ਇਸ ਮੌਕੇ ਐਲਬਰਟ ਦੂਆ ਨੇ ਕਿਹਾ ਕਿ ਹਲਕਾ ਪੱਛਮੀ ਦੀ ਚੋਣ ਲੜ ਰਹੀਆਂ ਸਾਰੀਆਂ ਪਾਰਟੀਆਂ ਇੱਕ ਦੂਜੇ ’ਤੇ ਦੋਸ਼ ਲਗਾ ਰਹੀਆਂ ਹਨ ਪਰ ਉਨ੍ਹਾਂ ਨੂੰ ਲੋਕ ਮਸਲਿਆਂ ਬਾਰੇ ਕੋਈ ਫ਼ਿਕਰ ਨਹੀਂ ਹੈ। ਪਿਛਲੇ ਤਕਰੀਬਨ ਇੱਕ ਹਫ਼ਤੇ ਤੋਂ ਸਖ਼ਤ ਗਰਮੀ ਅਤੇ ਹੁੰਮਸ ਦੌਰਾਨ ਘੰਟਿਆਂਬੱਧੀ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਲੋਕ ਤਰਾਹ ਤਰਾਹ ਕਰ ਰਹੇ ਹਨ ਪਰ ਸੱਤਾਧਾਰੀ ਪਾਰਟੀ ਨੇ ਇਸ ਬਾਰੇ ਚੁੱਪ ਧਾਰੀ ਹੋਈ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਵੀ ਲਗਾਇਆ। ਸ੍ਰੀ ਦੂਆ ਨੇ ਕਿਹਾ ਕਿ ਹਲਕੇ ਵਿੱਚ ਹਰ ਵਰਗ ਵੱਲੋਂ ਉਨ੍ਹਾਂ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਅਤੇ ਵੋਟਰ ਉਨ੍ਹਾਂ ਦੇ ਚੋਣ ਨਿਸ਼ਾਨ ਤੁਹਰੀ ਦਾ ਬਟਨ ਦਬਾ ਕੇ ਕਾਮਯਾਬ ਕਰਨਗੇ। ਮੀਟਿੰਗਾਂ ਦੌਰਾਨ ਮਨੀ ਕੁਮਾਰ, ਲਲਿਤ, ਅਜੇ ਕੁਮਾਰ, ਕੁਨਾਲ, ਚੈਰੀ ਦੀਪੂ ਆਦਿ ਨੇ ਵੀ ਸੰਬੋਧਨ ਕੀਤਾ।