ਐੱਨਪੀਸੀਬੀ ਪ੍ਰੋਗਰਾਮ ਲਾਗੂ ਕਰਨ ’ਚ ਮਾਲੇਰਕੋਟਲਾ ਮੋਹਰੀ
ਪਰਮਜੀਤ ਸਿੰਘ ਕੁਠਾਲਾ
ਮਾਲੇਰਕੋਟਲਾ, 14 ਮਈ
ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ਼ ਬਲਾਈਂਡਨੈੱਸ (ਐੱਨਪੀਸੀਬੀ) ਤਹਿਤ ਸਕੂਲੀ ਬੱਚਿਆਂ ਨੂੰ ਮੁਫ਼ਤ ਐਨਕਾਂ ਉਪਲਬਧ ਕਰਵਾਉਣ ਲਈ ਟੀਚੇ ਤੋਂ ਵੱਧ ਪ੍ਰਦਰਸ਼ਨ ਕਰ ਕੇ ਪੰਜਾਬ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਸਿਹਤ ਵਿਭਾਗ ਮਾਲੇਰਕੋਟਲਾ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਭਰਵੀਂ ਸ਼ਲਾਘਾ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਨੂੰ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਿਹਤ ਮੰਤਰੀ ਬਲਬੀਰ ਸਿੰਘ ਨੇ ਪੰਜਾਬ ਸਰਕਾਰ ਦੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਲਈ ਰਾਜ ਭਰ ਦੇ ਸਿਵਲ ਸਰਜਨਾਂ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਮਾਲੇਰਕੋਟਲਾ ਦੇ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਦੂਜੇ ਜ਼ਿਲ੍ਹਿਆਂ ਲਈ ਪ੍ਰੇਰਨਾ ਸਰੋਤ ਦੱਸਦਿਆਂ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਨੇ 25 ਮਾਰਚ ਤੱਕ ਮਿੱਥੇ ਟੀਚੇ ਤੋਂ ਵੱਧ 112 ਪ੍ਰਤੀਸ਼ਤ ਪ੍ਰਾਪਤੀ ਕੀਤੀ ਹੈ।
ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਜਿਨ੍ਹਾਂ ਵਿਦਿਆਰਥੀਆਂ ਦੀਆਂ ਅੱਖਾਂ ਵਿੱਚ ਦੂਰ ਅਤੇ ਨੇੜੇ ਦੀ ਨਿਗਾਹ ਸਬੰਧੀ ਸਮੱਸਿਆ ਮਿਲਦੀ ਹੈ, ਉਨ੍ਹਾਂ ਨੂੰ ਵਿਭਾਗ ਵੱਲੋਂ ਬਿਲਕੁਲ ਮੁਫ਼ਤ ਐਨਕਾਂ ਤਿਆਰ ਕਰ ਕੇ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਸਕੂਲਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀਆਂ ਅੱਖਾਂ ਦਾ ਮੁਆਇਨਾ ਕਰਵਾ ਕੇ ਸਰਕਾਰ ਦੇ ਐੱਨਪੀਸੀਬੀ ਪ੍ਰੋਗਰਾਮ ਤਹਿਤ ਐਨਕਾਂ ਲਗਵਾਉਣ ਤਾਂ ਜੋ ਕਮਜੋਰ ਨਜ਼ਰ ਵਿਦਿਆਰਥੀਆਂ ਦੇ ਵਿੱਦਿਅਕ ਜੀਵਨ ਵਿੱਚ ਰੁਕਾਵਟ ਨਾ ਬਣੇ ਅਤੇ ਉਹ ਆਪਣੀ ਜ਼ਿੰਦਗੀ ਦੇ ਮਿੱਥੇ ਟੀਚੇ ਪ੍ਰਾਪਤ ਕਰ ਸਕਣ।