ਐੱਮਬੀਬੀਐੱਸ ਦੇ ਵਿਦਿਆਰਥੀਆਂ ਵੱਲੋਂ ਗਿਆਨ ਸਾਗਰ ਹਸਪਤਾਲ ਅੱਗੇ ਧਰਨਾ
ਕਰਮਜੀਤ ਸਿੰਘ ਚਿੱਲਾ
ਬਨੂੜ, 13 ਮਈ
ਇੱਥੋਂ ਰਾਜਪੁਰਾ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਗਿਆਨ ਸਾਗਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਐੱਮਬੀਬੀਐੱਸ ਇੰਟਰਨਸ਼ਿਪ (ਪ੍ਰੈਕਟਿਸ) ਦੇ ਵਿਦਿਆਰਥੀਆਂ ਨੇ ਅੱਜ ਕਾਲਜ ਦੇ ਗੇਟ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਆਰੰਭ ਕਰ ਦਿੱਤਾ। ਧਰਨਾਕਾਰੀ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਤੇ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਾਲਜ ਪ੍ਰਬੰਧਕਾਂ ’ਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਿਯਮਾਂ ਅਨੁਸਾਰ ਨਿਰਧਾਰਤ ਮਾਣਭੱਤਾ ਨਾ ਦੇਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਧਰਨੇ ’ਤੇ ਡਟੇ ਰਹਿਣਗੇ।
ਵਿਦਿਆਰਥੀਆਂ ਨੇ ਦੱਸਿਆ ਕਿ ਗਿਆਨ ਸਾਗਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਐੱਮਬੀਬੀਐੱਸ ਦੇ ਇੰਟਰਨਸ਼ਿਪ ਦੇ 200 ਦੇ ਕਰੀਬ ਵਿਦਿਆਰਥੀ ਹਨ। ਇੱਥੇ ਉਨ੍ਹਾਂ ਕੋਲੋਂ 14-14 ਘੰਟੇ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਪ੍ਰਤੀ ਦਿਨ ਦੇ 170 ਰੁਪਏ ਦੇ ਹਿਸਾਬ ਨਾਲ ਮਹਿਜ਼ ਪੰਜ ਹਜ਼ਾਰ ਰੁਪਏ ਮਹੀਨਾ ਦਿੱਤਾ ਜਾ ਰਿਹਾ ਹੈ।
ਧਰਨਾਕਾਰੀ ਵਿਦਿਆਰਥੀਆਂ ਨੇ ਦੱਸਿਆ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਅਤੇ ਨੈਸ਼ਨਲ ਮੈਡੀਕਲ ਕੌਂਸਲ ਵੱਲੋਂ ਐੱਮਬੀਬੀਐੱਸ ਇੰਟਰਨਸ਼ਿਪ ਦੇ ਵਿਦਿਆਰਥੀਆਂ ਨੂੰ 15 ਹਜ਼ਾਰ ਰੁਪਏ ਮਾਣਭੱਤਾ ਦੇਣ ਦੇ ਨਿਰਦੇਸ਼ ਦਿੱਤੇ ਹੋਏ ਹਨ। ਉਨ੍ਹਾਂ ਕਿਹਾ ਕਿ ਕਾਲਜ ਵੱਲੋਂ ਉਨ੍ਹਾਂ ਤੋਂ ਪੜ੍ਹਾਈ ਦੇ ਲੱਖਾਂ ਰੁਪਏ ਵਸੂਲੇ ਜਾਂਦੇ ਹਨ ਪਰ ਇੰਟਰਨਸ਼ਿਪ ਸਮੇਂ ਉਨ੍ਹਾਂ ਨੂੰ ਬਣਦਾ ਮਾਣਭੱਤਾ ਨਾ ਦੇਣਾ ਬੇਇਨਸਾਫ਼ੀ ਹੈ।
ਵਿਦਿਆਰਥੀਆਂ ਨੇ ਦੱਸਿਆ ਕਿ ਉਹ ਪਿਛਲੇ 10 ਦਿਨਾਂ ਤੋਂ ਪ੍ਰਬੰਧਕਾਂ ਨਾਲ ਮੀਟਿੰਗਾਂ ਕਰ ਰਹੇ ਹਨ ਪਰ ਉਨ੍ਹਾਂ ਦੀ ਮੰਗ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਉਨ੍ਹਾਂ ਨੂੰ ਮਜ਼ਬੂਰਨ ਧਰਨਾ ਲਾਉਣਾ ਪਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਧਰਨੇ ’ਤੇ ਬੈਠੇ ਵਿਦਿਆਰਥੀਆਂ ਨੂੰ ਗ਼ੈਰਹਾਜ਼ਰੀ ਲਗਾਉਣ, ਕਰੈਕਟਰ ਸਰਟੀਫਿਕੇਟ ਅਤੇ ਡਿਗਰੀ ਨਾ ਦੇਣ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਹੋਰਨਾਂ ਵਿਦਿਆਰੀਆਂ ਨੂੰ ਉਨ੍ਹਾਂ ਦੇ ਹੱਕ ਵਿਚ ਧਰਨੇ ’ਚ ਆਉਣ ਤੋਂ ਵੀ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਹੱਕ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਅਤੇ ਪੰਜਾਬ ਦੇ ਸਿਹਤ ਮੰਤਰੀ ਨੂੰ ਤੁਰੰਤ ਸਾਰੇ ਮਾਮਲੇ ਵਿਚ ਦਖ਼ਲ ਦੇ ਕੇ ਉਨ੍ਹਾਂ ਨੂੰ ਇਨਸਾਫ਼ ਦਿਵਾਏ ਜਾਣ ਦੀ ਮੰਗ ਕੀਤੀ।
ਇਸ ਮਾਮਲੇ ਬਾਰੇ ਪੱਖ ਜਾਣਨ ਲਈ ਜਦੋਂ ਗਿਆਨ ਸਾਗਰ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਪ੍ਰਬੰਧਕ ਪੂਜਾ ਸਾਹਨੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਇਸ ਮਾਮਲੇ ਬਾਰੇ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।