ਐੱਸਐੱਸਪੀ ਵੱਲੋਂ ਮੌਜੂਦਾ ਹਾਲਾਤ ਬਾਰੇ ਸਾਬਕਾ ਸੈਨਿਕਾਂ ਨਾਲ ਮੀਟਿੰਗ
ਪਰਮਜੀਤ ਸਿੰਘ ਕੁਠਾਲਾ
ਮਾਲੇਰਕੋਟਲਾ, 13 ਮਈ
ਦੇਸ਼ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਐੱਸਐੱਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਵੱਲੋਂ ਅੱਜ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ’ਚ ਡੀਐੱਸਪੀ ਸਪੈਸ਼ਲ ਬ੍ਰਾਚ ਰਣਜੀਤ ਸਿੰਘ ਤੋਂ ਇਲਾਵਾ ਹੋਰ ਪੁਲੀਸ ਪ੍ਰਸਾਸ਼ਿਨਕ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਦਾ ਮੁੱਖ ਉਦੇਸ਼ ਸਾਬਕਾ ਸੈਨਿਕਾਂ ਦੇ ਅਨੁਭਵ ਅਤੇ ਸਹਿਯੋਗ ਨਾਲ ਸ਼ਾਂਤੀ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਚਾਰ ਕਰਨਾ ਸੀ। ਐੱਸਐੱਸਪੀ ਨੇ ਸਾਬਕਾ ਫੌਜੀਆਂ ਦੇ ਤਜਰਬੇ ਅਤੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵੇਲੇ ਪੁਲਿਸ-ਫੌਜ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਜੇਕਰ ਸਾਬਕਾ ਸੈਨਿਕ ਪੁਲਿਸ ਪ੍ਰਸ਼ਾਸਨ ਦੇ ਨਾਲ ਮਿਲ ਕੇ ਨਸ਼ਾ ਵਿਰੋਧੀ ਅਭਿਆਨ, ਨੌਜਵਾਨੀ ਨੂੰ ਰਾਹ ਦਿਖਾਉਣ ਅਤੇ ਕਾਨੂੰਨ ਪ੍ਰਤੀ ਜਾਗਰੂਕਤਾ ਵਧਾਉਣ ਵਿੱਚ ਹਿੱਸਾ ਲੈਣ ਤਾਂ ਇਹ ਸਮਾਜ ਲਈ ਇਕ ਵੱਡਾ ਸਾਰਥਕ ਸੰਦੇਸ਼ ਹੋਵੇਗਾ। ਜ਼ਿਲ੍ਹਾ ਪੁਲਿਸ ਮੁੱਖੀ ਨੇ ਜ਼ਿਲ੍ਹੇ ਵਿੱਚ ਵਧ ਰਹੀਆਂ ਨਸ਼ਾ ਸਮੱਸਿਆਵਾਂ, ਕਾਨੂੰਨ-ਵਿਰੋਧੀ ਤੱਤਾਂ ਦੀ ਗਤੀਵਿਧੀ ਅਤੇ ਸਮਾਜ ਵਿੱਚ ਸ਼ਾਂਤੀ ਭੰਗ ਕਰਨ ਵਾਲੀਆਂ ਘਟਨਾਵਾਂ ’ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਸਾਬਕਾ ਸੈਨਿਕਾਂ ਨੂੰ ਪੁਲਿਸ ਨਾਲ ਸਿੱਧੀ ਰੂਪ ਵਿੱਚ ਸੰਪਰਕ ਵਿੱਚ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਬਕਾ ਸੈਨਿਕਾਂ ਦੇ ਸਹਿਯੋਗ ਨਾਲ ਕਿਸੇ ਵੀ ਅਣਸੁਖਾਵੀਂ ਦੁਰਘਟਨਾ ਸਥਿਤੀ ਸਮੇਂ ਜਾਨੀ ਮਾਲੀ ਨੁਕਸਾਨ ਤੋਂ ਅਵਾਮ ਨੂੰ ਬਚਾਇਆ ਜਾ ਸਕਦਾ ਹੈ।ਇਸ ਮੌਕੇ ਸਾਬਕਾ ਸੈਨਿਕਾਂ ਵੱਲੋਂ ਹਰ ਤਰ੍ਹਾਂ ਦੇ ਸਮਾਜਕ ਅਤੇ ਸੁਰੱਖਿਆ ਮੁੱਦਿਆਂ 'ਤੇ ਪੁਲਿਸ ਦਾ ਪੂਰਾ ਸਾਥ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਸਿਖਲਾਈ, ਅਨੁਭਵ ਅਤੇ ਜ਼ਿੰਮੇਵਾਰੀ ਦੀ ਭਾਵਨਾ ਹੈ ਜਿਸ ਸਦਕਾ ਉਹ ਸਮਾਜ ਵਿੱਚ ਨਵਾਂ ਜੋਸ਼ ਅਤੇ ਪ੍ਰੇਰਣਾ ਭਰ ਸਕਦੇ ਹਨ।