ਐੱਸਡੀਐੱਮ ਵੱਲੋਂ ਸੁਨਾਮ ਤੇ ਮਹਿਲਾਂ ਦੀ ਅਨਾਜ ਮੰਡੀ ਦਾ ਦੌਰਾ
ਬੀਰਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 2 ਅਪਰੈਲ
ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਅੱਜ ਸਥਾਨਕ ਅਨਾਜ ਮੰਡੀ ਅਤੇ ਇਥੋਂ ਨੇੜਲੇ ਪਿੰਡ ਮਹਿਲਾਂ ਦਾ ਅਚਨਚੇਤ ਦੌਰਾ ਕਰ ਕੇ ਕਣਕ ਦੀ ਸਰਕਾਰੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਵਿਕਰੀ ਸਬੰਧੀ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਾ ਆਉਣ ਦਿੱਤੀ ਜਾਵੇ।
ਸਿੰਗਲਾ ਨੇ ਕਿਹਾ ਕਿ ਉਹ ਸਮੇਂ ਸਮੇਂ ’ਤੇ ਅਨਾਜ ਮੰਡੀਆਂ ਦੀ ਅਚਨਚੇਤ ਚੈਕਿੰਗ ਕਰਕੇ ਕਿਸਾਨਾਂ, ਆੜ੍ਹਤੀਆਂ ਆਦਿ ਦੀ ਪ੍ਰਤੀਕਿਆਰ ਹਾਸਲ ਕਰਕੇ ਉਪਲਬਧ ਸਹੂਲਤਾਂ ਦਾ ਜਾਇਜ਼ਾ ਵੀ ਲੈਂਦੇ ਰਹਿਣਗੇ ਅਤੇ ਜੇਕਰ ਇਸ ਦੌਰਾਨ ਕਿਸੇ ਕਿਸਮ ਦੀ ਲਾਪਰਵਾਹੀ ਵਰਤਣ ਦਾ ਮਾਮਲਾ ਸਾਹਮਣੇ ਆਇਆ ਤਾਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਪੀਣ ਵਾਲੇ ਪਾਣੀ, ਰੌਸ਼ਨੀ, ਬਿਜਲੀ ਸਪਲਾਈ, ਸਾਫ ਸਫਾਈ, ਬੈਠਣ ਦੇ ਪ੍ਰਬੰਧਾਂ ਆਦਿ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਨਾਜ ਮੰਡੀਆਂ ਵਿੱਚ ਬਣੇ ਗੁਸਲਖਾਨਿਆਂ ਦੀ ਵੀ ਰੋਜ਼ਾਨਾ ਦੇ ਆਧਾਰ ’ਤੇ ਸਾਫ ਸਫਾਈ ਕਰਦੇ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਿਤ ਸਮਾਂ ਸੀਮਾ ਅੰਦਰ ਫਸਲ ਦੀ ਅਦਾਇਗੀ ਕੀਤੀ ਜਾਵੇਗੀ।