ਔਰਤ ਨੇ ਪਰਮਿੰਦਰ ਸਿੰਘ ਢੀਂਗਰਾ ’ਤੇ ਗੋਲੀ ਚਲਾਉਣ ਦੀ ਜ਼ਿੰਮੇਵਾਰੀ ਲਈ
ਹਤਿੰਦਰ ਮਹਿਤਾ
ਜਲੰਧਰ, 28 ਮਈ
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਅਤੇ ਵਕੀਲ ਪਰਮਿੰਦਰ ਸਿੰਘ ਢੀਂਗਰਾ ਦੀ ਗਰੋਵਰ ਕਲੋਨੀ ਵਿੱਚ ਗੁਆਂਢੀ ਵੱਲੋਂ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਇੱਕ ਦਿਨ ਮਗਰੋਂ ਪੁਲੀਸ ਨੇ ਔਰਤ ਅਤੇ ਉਸ ਦੇ ਪੁੱਤਰ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲੀਸ ਵੱਲੋਂ ਫੜੀ ਔਰਤ ਨੇ ਗੋਲੀ ਚਲਾਉਣ ਦੀ ਗੱਲ ਕਬੂਲ ਕੀਤੀ ਹੈ। ਪੁਲੀਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਉਸ ਨੇ ਗੋਲੀ ਚਲਾਉਣ ਦੀ ਜ਼ਿੰਮੇਵਾਰੀ ਲਈ ਹੈ, ਉਸ ਦਾ ਪੁੱਤਰ ਸਿਖਲਾਈ ਪ੍ਰਾਪਤ ਨਿਸ਼ਾਨੇਬਾਜ਼ ਹਿਰਾਸਤ ਵਿੱਚ ਹੈ।
ਪਰਮਿੰਦਰ ਢੀਂਗਰਾ ਦੇ ਪਰਿਵਾਰ ਨੇ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਦੋਸ਼ ਲਗਾਇਆ ਹੈ ਕਿ ਮੁਲਜ਼ਮ ਨੇ ਉਸ ਨੂੰ ਜਾਣਬੁੱਝ ਕੇ ਉੱਥੇ ਬੁਲਾਇਆ ਸੀ ਅਤੇ ਸਾਜ਼ਿਸ਼ ਤਹਿਤ ਇਹ ਕਾਰਵਾਈ ਕੀਤੀ ਹੈ। ਬਸਤੀ ਬਾਵਾ ਖੇਲ ਪੁਲੀਸ ਸਟੇਸ਼ਨ ਦੇ ਐੱਸਐੱਚਓ ਪਰਮਿੰਦਰ ਸਿੰਘ ਨੇ ਕਿਹਾ ਕਿ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਅੱਜ ਮੈਡੀਕਲ ਬੋਰਡ ਦੇ ਸਾਹਮਣੇ ਲਾਸ਼ ਦਾ ਪੋਸਟਮਾਰਟਮ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮੰਗਲਵਾਰ ਦੇਰ ਸ਼ਾਮ, ਪੁਲੀਸ ਨੇ ਤਿੰਨੋਂ ਪਰਿਵਾਰਕ ਮੈਂਬਰਾਂ ਔਰਤ, ਉਸ ਦੇ ਪਤੀ ਅਤੇ ਉਨ੍ਹਾਂ ਦੇ ਪੁੱਤਰ ਨੂੰ ਪੁੱਛਪੜਤਾਲ ਲਈ ਹਿਰਾਸਤ ਵਿੱਚ ਲੈ ਲਿਆ ਸੀ। ਹਾਲਾਂਕਿ, ਪੁਲੀਸ ਵੱਲੋਂ ਉਸ ਦੇ ਪਤੀ ਨੂੰ ਦੇਰ ਰਾਤ ਛੱਡ ਦਿੱਤਾ ਗਿਆ।
ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਉਹ ਘਟਨਾ ਸਮੇਂ ਆਪਣੇ ਦਫਤਰ ਵਿੱਚ ਮੌਜੂਦ ਸੀ। ਉਨ੍ਹਾਂ ਕਿਹਾ ਕਿ ਪੁਲੀਸ ਇਸ ਘਟਨਾ ਦੇ ਪਿੱਛੇ ਦੇ ਕਾਰਨਾ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ, ਢੀਂਗਰਾ ਦੀ ਹੱਤਿਆ ਮਗਰੋਂ ਉਸ ਦੇ ਸਮਰਥਕ ਇਨਸਾਫ਼ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਪੁਲੀਸ ਨੇ ਸਬੰਧਤ ਖੇਤਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ।