ਕਟਾਰੂਚੱਕ ਵੱਲੋਂ ਸਰਹੱਦੀ ਪਿੰਡ ਪਹਾੜੀਪੁਰ ਦਾ ਦੌਰਾ
ਐੱਨਪੀ ਧਵਨ
ਪਠਾਨਕੋਟ, 8 ਮਈ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਭਾਰਤ-ਪਾਕਿ ਸਰਹੱਦ ’ਤੇ ਪੈਂਦੇ ਪਿੰਡ ਪਹਾੜੀਪੁਰ ਦਾ ਦੌਰਾ ਕੀਤਾ ਅਤੇ ਉੱਥੇ ਦੋਵਾਂ ਦੇਸ਼ਾਂ ਦਰਮਿਆਨ ਪੈਦਾ ਹੋਈ ਤਣਾਅ ਵਾਲੀ ਸਥਿਤੀ ਨੂੰ ਲੈ ਕੇ ਪਿੰਡ ਵਾਸੀਆਂ ਨੂੰ ਹੌਸਲਾ ਦਿੱਤਾ ਤੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਪਿੰਡ ਵਾਸੀਆਂ ਨੂੰ ਇਹ ਵੀ ਕਿਹਾ ਕਿ ਜ਼ਿਲ੍ਹੇ ਅੰਦਰ ਸਾਰੇ ਵਿਭਾਗਾਂ ਨੂੰ ਅਲਰਟ ’ਤੇ ਰੱਖਿਆ ਗਿਆ ਹੈ ਤਾਂ ਜੋ ਕਿਸੇ ਵੀ ਸੰਕਟਕਾਲੀਨ ਸਥਿਤੀ ਨਾਲ ਨਜਿੱਠਿਆ ਜਾ ਸਕੇ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਹਾੜੀਪੁਰ ’ਚ ਸਰਹੱਦੀ ਤਾਰ ਕੋਲ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਨਾਲ ਵੀ ਗੱਲਬਾਤ ਕੀਤੀ ਤੇ ਉਨ੍ਹਾਂ ਦਾ ਵੀ ਮਨੋਬਲ ਵਧਾਇਆ। ਬਾਅਦ ਵਿੱਚ ਉਹ ਪਿੰਡ ਵਿੱਚ ਡੋਰ-ਟੂ-ਡੋਰ ਗਏ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਮੰਤਰੀ ਦਾ ਕਹਿਣਾ ਸੀ ਕਿ ਪਿੰਡ ਵਾਸੀਆਂ ਦੇ ਹੌਸਲੇ ਬੁਲੰਦ ਹਨ ਅਤੇ ਉਹ ਭਾਰਤੀ ਫੌਜ ਦਾ ਡਟ ਕੇ ਸਾਥ ਦੇਣ ਲਈ ਤਿਆਰ ਬੈਠੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਪਠਾਨਕੋਟ ਦੇ ਹਸਪਤਾਲ ਅੰਦਰ ਬੈੱਡ ਵੀ ਖਾਲੀ ਰੱਖੇ ਗਏ ਹਨ ਤੇ ਸਿਹਤ ਵਿਭਾਗ ਦੇ ਸਟਾਫ ਨੂੰ 24 ਘੰਟੇ ਸ਼ਿਫਟਾਂ ਵਿੱਚ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਅਪਾਤਕਾਲੀਨ ਸਥਿਤੀ ਦਾ ਟਾਕਰਾ ਕੀਤਾ ਜਾ ਸਕੇ। ਉਨ੍ਹਾਂ ਸਪੱਸ਼ਟ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ।