ਕਣਕ ਦੀ ਖ਼ਰੀਦ ਦੀਆਂ ਤਿਆਰੀਆਂ ਮੁਕੰਮਲ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਮਾਰਚ
ਪੰਜਾਬ ਵਿੱਚ ਪਹਿਲੀ ਅਪਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਵੇਗੀ। ਇਸ ਲਈ ਸੂਬਾ ਸਰਕਾਰ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਫ਼ਸਲ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਲਈ ਪੰਜਾਬ ਸਰਕਾਰ ਨੇ 28 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਿਟ (ਸੀਸੀਐੱਲ) ਲਈ ਠੋਸ ਪ੍ਰਬੰਧ ਕਰ ਲਏ ਹਨ। ਇਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਭੁਗਤਾਨ ਐੱਮਐੱਸਪੀ ’ਤੇ 24 ਘੰਟਿਆਂ ਦੇ ਅੰਦਰ-ਅੰਦਰ ਕੀਤਾ ਜਾਵੇਗਾ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਲਈ ਸਾਰੀਆਂ 1864 ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪਾਣੀ ਤੋਂ ਲੈ ਕੇ ਮੈਡੀਕਲ ਤੱਕ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਕਈ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸਾਰੀਆਂ ਮੰਡੀਆਂ ਵਿੱਚ ਬਾਰਦਾਨੇ ਦੇ ਵੀ ਪੂਰੇ ਪ੍ਰਬੰਧ ਕਰ ਲਏ ਹਨ। ਸੂਬਾ ਸਰਕਾਰ ਨੇ 700 ਦੇ ਕਰੀਬ ਆਰਜ਼ੀ ਮੰਡੀਆਂ ਨੂੰ ਤਿਆਰ ਕੀਤਾ ਹੈ ਤਾਂ ਜੋ ਲੋੜ ਪੈਣ ’ਤੇ ਇਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ। ਕੈਬਨਿਟ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਦੌਰਾਨ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।