ਕਣਕ ਦੇ ਖ਼ਰੀਦ ਪ੍ਰਬੰਧਾਂ ਲਈ ਹਦਾਇਤਾਂ ਜਾਰੀ
ਜਗਮੋਹਨ ਸਿੰਘ
ਰੂਪਨਗਰ, 28 ਮਾਰਚ
ਪਹਿਲੀ ਅਪਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖ਼ਰੀਦ ਪ੍ਰਬੰਧਾਂ ਸਬੰਧੀ ਅੱਜ ਮਿਨੀ ਸਕੱਤਰੇਤ, ਰੂਪਨਗਰ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨੇ ਜ਼ਿਲ੍ਹਾ ਕੰਟਰੋਲਰ, ਖੁਰਾਕ ਤੇ ਸਪਲਾਈਜ਼ ਡਾ. ਕਿੰਮੀ ਵਨੀਤ ਕੌਰ ਸੇਠੀ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹ ਕਣਕ ਦੀ ਖ਼ਰੀਦ ਅਤੇ ਸਾਂਭ-ਸੰਭਾਲ ਲਈ ਜ਼ਿਲ੍ਹਾ ਮੰਡੀ ਅਫਸਰ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਮੰਡੀਆਂ ਵਿੱਚ ਪੀਣ ਵਾਲਾ ਪਾਣੀ, ਬਿਜਲੀ, ਸਫਾਈ, ਬੈਠਣ ਲਈ ਥਾਂ ਅਤੇ ਪਖਾਨਿਆਂ ਦਾ ਯੋਗ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਸਬੰਧਤ ਐੱਸਡੀਐੱਮ ਨੂੰ ਆਦੇਸ਼ ਦਿੰਦਿਆਂ ਕਿਹਾ ਕਣਕ ਦੀ ਖ਼ਰੀਦ ਲਈ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦੀ 31 ਮਾਰਚ, 2025 ਤੱਕ ਮੰਡੀਆਂ ਵਿੱਚ ਚੈਕਿੰਗ ਕੀਤੇ ਜਾਵੇ।
ਸ੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ’ਚ ਮੰਡੀ ਬੋਰਡ ਵੱਲੋਂ 24 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਮੰਡੀਆਂ ਵਿੱਚ ਕਣਕ ਦੀ ਖਰੀਦ ਕਰਨ ਲਈ ਬਾਰਦਾਨੇ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫ਼ਸਲ ਸਮੇਂ ਸਿਰ ਖਰੀਦ ਕਰਨ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ 48 ਘੰਟਿਆਂ ਦੇ ਅੰਤਰਾਲ ਵਿੱਚ ਹੀ ਕੀਤੀ ਜਾਵੇਗੀ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜ਼ਿਲ੍ਹੇ ਦੀ ਹਰ ਇੱਕ ਮੰਡੀ ਵਿੱਚ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਮੰਡੀ ਵਿਚੋਂ ਚੁੱਕ ਕੇ ਭੰਡਾਰ ਕਰਨ ਵਾਲੀ ਥਾਂ ਉਤੇ ਸਟੋਰ ਕਰਨ ਲਈ ਸਰਕਾਰ ਵੱਲੋਂ ਲੇਬਰ, ਲੇਬਰ-ਕਾਰਟੇਜ, ਟਰਾਂਸਪੋਰਟੇਸ਼ਨ ਦੇ ਟੈਂਡਰ ਪਹਿਲਾਂ ਹੀ ਵਿਵਸਥਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਬਾਹਰਲੇ ਰਾਜਾਂ ਤੋਂ ਜ਼ਿਲ੍ਹੇ ਦੀਆਂ ਮੰਡੀਆ ਵਿੱਚ ਐੱਮਐੱਸਪੀ ਤੇ ਕਣਕ ਵੇਚਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਟਰ-ਸਟੇਟ ਨਾਕੇ ਅਤੇ ਫਲਾਇੰਗ ਸਕੁਐਡ ਰਾਹੀ ਵਾਹਨਾਂ ਦੀ ਚੈਕਿੰਗ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।