ਕਮਲਜੀਤ ਖੇਡਾਂ: ਛੇ ਕੌਮਾਂਤਰੀ ਖਿਡਾਰੀਆਂ ਦਾ ਸਨਮਾਨ
ਦਲਬੀਰ ਸੱਖੋਵਾਲੀਆ/ਹਰਜੀਤ ਸਿੰਘ
ਬਟਾਲਾ, 1 ਦਸੰਬਰ
ਇੱਥੋਂ ਨੇੜਲੇ ਪਿੰਡ ਕੋਟਲਾ ਸ਼ਾਹੀਆਂ ਦੇ ਅੱਜ ਆਖ਼ਰੀ ਦਿਨ ਛੇ ਕੌਮਾਂਤਰੀ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਭਾਰਤੀ ਮੁੱਕੇਬਾਜ਼ ਕੋਚ ਗੁਰਬਖ਼ਸ਼ ਸਿੰਘ ਸੰਧੂ, ਸਾਬਕਾ ਐੱਮਪੀ ਭੁਪਿੰਦਰ ਸਿੰਘ ਮਾਨ, ਸੁਰਜੀਤ ਸਪੋਰਟਸ ਐਸੋਸੀਏਸ਼ਨ ਪ੍ਰਧਾਨ ਪ੍ਰਿਥੀਪਾਲ ਸਿੰਘ ਬਟਾਲਾ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਮੌਕੇ ਪੈਰਿਸ ਓਲੰਪਿਕਸ ਵਾਲੇ ਛੇ ਖਿਡਾਰੀਆਂ ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ, ਤੇਜਿੰਦਰ ਪਾਲ ਤੂਰ, ਅਰਜੁਨ ਚੀਮਾ ਤੇ ਮੁਹੰਮਦ ਇਆਸਰ ਨੂੰ 25-25 ਹਜ਼ਾਰ ਰੁਪਏ ਦੀ ਨਗਦ ਇਨਾਮ ਰਾਸ਼ੀ, ਸਨਮਾਨ ਪੱਤਰ, ਜੋਸ਼ੀਲਾ ਤੇ ਖੇਡਾਂ, ਵਿਰਾਸਤ ਤੇ ਸਾਹਿਤਕ ਪੁਸਤਕਾਂ ਦਾ ਸੈੱਟ ਭੇਟ ਕੀਤਾ ਗਿਆ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਅੰਤਰ ਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਕੇ ਮਾਣ ਮਹਿਸੂਸ ਕਰ ਰਹੇ ਹਨ। ਕਮਲਜੀਤ ਖੇਡਾਂ ਦੇ ਮੁੱਖ ਪ੍ਰਬੰਧਕ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਸਫਲ ਉਪਰਾਲੇ ਕੀਤੇ ਗਏ। ਇਸ ਮੌਕੇ ਭਾਰਤੀ ਮੁੱਕੇਬਾਜ਼ ਕੋਚ ਗੁਰਬਖਸ਼ ਸਿੰਘ ਸੰਧੂ, ਸਾਬਕਾ ਐੱਮਪੀ ਭੁਪਿੰਦਰ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਸੁਰਜੀਤ ਸਪਰੋਟਸ ਐਸੋਸੀਏਸ਼ਨ ਦੀ ਸਮੁੱਚੀ ਟੀਮ ਵਲੋਂ ਲਗਾਤਾਰ ਕਮਲਜੀਤ ਖੇਡਾਂ ਕਰਵਾਉਣ ’ਤੇ ਮੁਬਾਰਕਬਾਦ ਦਿੱਤੀ।
ਸੁਰਜੀਤ ਸਪੋਰਟਸ ਐਸੋਸੀਏਸ਼ਨ ਬਟਾਲਾ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ ਬਟਾਲਾ ਨੇ ਮੁੱਖ ਮਹਿਮਾਨ ਸਮੇਤ ਸਮੂਹ ਪ੍ਰਮੁੱਖ ਹਸਤੀਆਂ, ਸਿਵਲ ਤੇ ਪੁਲੀਸ ਪ੍ਰਸ਼ਾਸਨ, ਖਿਡਾਰੀਆਂ, ਸਮੁੱਚੀ ਪ੍ਰਬੰਧਕੀ ਟੀਮ, ਸਮਾਜ ਸੇਵੀਆਂ ਤੇ ਹਲਕਾ ਵਾਸੀਆਂ ਦਾ ਧੰਨਵਾਦ ਕੀਤਾ।