ਕਰਨਲ ਬਾਠ ਦੀ ਪਤਨੀ ਵੱਲੋਂ ਰਾਜਪਾਲ ਨਾਲ ਮੁਲਾਕਾਤ
ਗੁਰਨਾਮ ਸਿੰਘ ਅਕੀਦਾ
ਪਟਿਆਲਾ, 12 ਜੂਨ
ਪਟਿਆਲਾ ਵਿੱਚ ਕਰਨਲ ਪੁਸ਼ਪਿੰਦਰ ਸਿੰਘ ਬਾਠ ਕੁੱਟਮਾਰ ਮਾਮਲੇ ਵਿੱਚ ਅੱਜ ਉਨ੍ਹਾਂ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇੱਥੇ ਜਸਵਿੰਦਰ ਕੌਰ ਬਾਠ ਨੇ ਦੱਸਿਆ ਕਿ ਉਨ੍ਹਾਂ ਰਾਜਪਾਲ ਨਾਲ ਤਿੰਨ ਅਹਿਮ ਨੁਕਤਿਆਂ ’ਤੇ ਗੱਲ ਕੀਤੀ ਹੈ। ਇਸ ਦੌਰਾਨ ਰਾਜਪਾਲ ਤੋਂ ਮੰਗ ਕੀਤੀ ਗਈ ਕਿ ਚਾਰੋਂ ਮੁਲਜ਼ਮਾਂ ਦਾ ਗ੍ਰਿਫ਼ਤਾਰੀ ਵਾਰੰਟ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਭਗੌੜਾ ਐਲਾਨਿਆ ਜਾਵੇ। ਉਨ੍ਹਾਂ ਦਾ ਬਿਆਨ ਰਿਕਾਰਡ ਕੀਤਾ ਜਾਵੇ ਅਤੇ ਚਾਰ ਮਹੀਨਿਆਂ ਵਿੱਚ ਮਾਮਲੇ ਦੀ ਜਾਂਚ ਪੂਰੀ ਕਰਵਾਈ ਜਾਵੇ।
ਕਰਨਲ ਦੀ ਪਤਨੀ ਨੇ ਗਵਰਨਰ ਨੂੰ ਦਿੱਤੇ ਪੱਤਰ ਵਿੱਚ ਕਿਹਾ ਕਿ 13 ਤੇ 14 ਮਾਰਚ ਦੀ ਦਰਮਿਆਨੀ ਰਾਤ ਨੂੰ ਪਟਿਆਲਾ ਵਿੱਚ ਉਸ ਦੇ ਪਤੀ ਅਤੇ ਪੁੱਤਰ ’ਤੇ ਹੋਏ ਹਮਲੇ ਦੇ ਮਾਮਲੇ ਦੀ ਜਾਂਚ ਕਰ ਰਹੀ ਚੰਡੀਗੜ੍ਹ ਪੁਲੀਸ ਵੱਲੋਂ ਕਾਇਮ ਸਿਟ ਦੇ ਵਿਹਾਰ ’ਤੇ ਉਸ ਨੇ ਆਪਣੀ ਨਿਰਾਸ਼ਾ ਜ਼ਾਹਿਰ ਕੀਤੀ ਹੈ। ਉਸ ਨੇ ਕਿਹਾ ਕਿ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਸ ਦੇ ਪੁੱਤਰ ਅੰਗਦ ਸਿੰਘ ਤੁਰੰਤ ਜਾਂਚ ਵਿੱਚ ਸ਼ਾਮਲ ਹੋ ਗਏ ਸਨ ਅਤੇ ਸਿਟ ਸਾਹਮਣੇ ਆਪਣੇ ਬਿਆਨ ਦਰਜ ਕਰਵਾ ਦਿੱਤੇ ਸਨ। ਐੱਫਆਈਆਰ ਵਿੱਚ ਨਾਮਜ਼ਦ ਚਾਰ ਮੁਲਜ਼ਮ ਘਟਨਾ ਦੇ 80 ਦਿਨਾਂ ਤੋਂ ਵੀ ਵੱਧ ਸਮੇਂ ਤੋਂ ਫ਼ਰਾਰ ਹਨ। ਸੈਸ਼ਨ ਕੋਰਟ ਅਤੇ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਗਈ। ਇਸ ਵੇਲੇ ਉਨ੍ਹਾਂ ਨਾਲ ਗੁਰਤੇਜ ਸਿੰਘ ਢਿੱਲੋਂ ਵੀ ਮੌਜੂਦ ਸਨ। ਐੱਸਐੱਸਪੀ ਪਟਿਆਲਾ ਦੇ ਅਨੁਸਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਹਾਇਤਾ ਮੰਗਣ ਲਈ ਸਿਟ ਵੱਲੋਂ ਉਨ੍ਹਾਂ ਨੂੰ ਕੋਈ ਸੂਚਨਾ ਨਹੀਂ ਦਿੱਤੀ ਗਈ। ਸਿਟ ਦਾ ਕਹਿਣਾ ਹੈ ਕਿ ਉਸ ਦੇ ਬਿਆਨਾਂ ਦੀ ਲੋੜ ਨਹੀਂ ਹੈ।