ਕਰੰਟ ਲੱਗਣ ਕਾਰਨ ਦਸ ਗਊਆਂ ਦੀ ਮੌਤ
ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 6 ਜੂਨ
ਜ਼ਿਲ੍ਹੇ ਦੇ ਪਿੰਡ ਮਹਿਮਦਪੁਰ ਵਿੱਚ ਕਰੰਟ ਲੱਗਣ ਕਾਰਨ 10 ਦੁਧਾਰੂ ਗਊਆਂ ਦੀ ਮੌਤ ਹੋ ਗਈ। ਪਸ਼ੂ ਪਾਲਕ ਪ੍ਰਿਤਪਾਲ ਸਿੰਘ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਫਾਰਮ ’ਤੇ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਸ਼ਿਰਕਤ ਕੀਤੀ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਸ੍ਰੀ ਭੁੱਟਾ ਨੇ ਕਿਹਾ ਕਿ ਪ੍ਰਿਤਪਾਲ ਸਿੰਘ ਛੋਟਾ ਕਿਸਾਨ ਹੈ ਜੋ ਸਹਾਇਕ ਧੰਦੇ ਦੇ ਤੌਰ ’ਤੇ ਪਸ਼ੂ ਪਾਲ ਕੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ। ਪੀੜਤ ਕਿਸਾਨ ਨੇ ਦੱਸਿਆ ਕਿ ਅਚਾਨਕ ਬਿਜਲੀ ਦੀ ਤਾਰ ਤੋਂ ਕਰੰਟ ਲੱਗਣ ਕਰ ਕੇ ਇਹ ਵੱਡਾ ਹਾਦਸਾ ਵਾਪਰਿਆ। ਇਸ ਕਰ ਕੇ ਲੱਖਾਂ ਰੁਪਏ ਦੇ ਦੁਧਾਰੂ ਪਸ਼ੂਆਂ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਦੋ ਦਿਨ ਬੀਤਣ ’ਤੇ ਵੀ ਪਸ਼ੂ ਪਾਲਣ ਵਿਭਾਗ ਦੇ ਉੱਚ ਅਧਿਕਾਰੀ, ਪ੍ਰਸ਼ਾਸਨ ਜਾਂ ਸਰਕਾਰ ਦਾ ਕੋਈ ਵੀ ਨੁਮਾਇੰਦਾ ਨਹੀਂ ਪਹੁੰਚਿਆ। ਸ੍ਰੀ ਭੁੱਟਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਕਿਸਾਨ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਇਸ ਹਾਦਸੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਪਾਵਰਕੌਮ ਦੇ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਸਾਬਕਾ ਸਰਪੰਚ ਬੂਟਾ ਸਿੰਘ, ਜਸਵੰਤ ਸਿੰਘ, ਸੱਜਣ ਸਿੰਘ ਪੰਚ, ਹਜ਼ਾਰਾ ਸਿੰਘ ਸਾਬਕਾ ਸਰਪੰਚ ਮਕਾਰੋਂਪੁਰ, ਬਲਵਿੰਦਰ ਸਿੰਘ, ਜਾਨਕ ਸਿੰਘ, ਪ੍ਰਿਤਪਾਲ ਸਿੰਘ, ਬਚਨ ਸਿੰਘ, ਨਰਿੰਦਰ ਸਿੰਘ, ਇੰਦਰ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ, ਅਵਤਾਰ ਸਿੰਘ, ਨਿਰਮਲ ਸਿੰਘ, ਬਚਨ ਸਿੰਘ ਪੀਰਜੈਨ ਅਤੇ ਸੋਹਣ ਸਿੰਘ ਖੇੜਾ ਆਦਿ ਹਾਜ਼ਰ ਸਨ।